500 ਡਰੋਨਾਂ ਦੇ ਸ਼ਾਨਦਾਰ ਸ਼ੋਅ ਨੇ ਸੰਗਤ ਨੂੰ ਗੁਰੂ ਰਵਿਦਾਸ ਜੀ ਦੇ ਜੀਵਨ, ਬਾਣੀ ਤੇ ਫ਼ਲਸਫ਼ੇ ਤੋਂ ਕਰਵਾਇਆ ਜਾਣੂ ਗੌਰਵ ਜੋਸ਼ੀ, ਪੰਜਾਬੀ ਜਾਗਰਣ ਰਈਆ : ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿਚ ਕਰਵਾਏ ਜਾ ਰਹੇ ਵਿਸ਼ੇਸ਼ ਸਮਾਗਮਾਂ ਦੀ ਲੜੀ ਤਹਿਤ ਬੀਤੀ ਸ਼ਾਮ ਸਰਕਾਰੀ ਆਈਟੀਆਈ ਬਾਬਾ ਬਕਾਲਾ
Publish Date: Tue, 06 Oct 2026 04:19 PM (IST)
Updated Date: Tue, 06 Oct 2026 04:20 PM (IST)
ਗੌਰਵ ਜੋਸ਼ੀ, ਪੰਜਾਬੀ ਜਾਗਰਣ ਰਈਆ : ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿਚ ਕਰਵਾਏ ਜਾ ਰਹੇ ਵਿਸ਼ੇਸ਼ ਸਮਾਗਮਾਂ ਦੀ ਲੜੀ ਤਹਿਤ ਬੀਤੀ ਸ਼ਾਮ ਸਰਕਾਰੀ ਆਈਟੀਆਈ ਬਾਬਾ ਬਕਾਲਾ ਸਾਹਿਬ ਵਿਖੇ 500 ਡਰੋਨਾਂ ਦੇ ਸ਼ਾਨਦਾਰ ਸ਼ੋਅ ਨੇ ਸੰਗਤਾਂ ਨੂੰ ਗੁਰੂ ਰਵਿਦਾਸ ਜੀ ਦੇ ਜੀਵਨ, ਬਾਣੀ ਤੇ ਫ਼ਲਸਫ਼ੇ ਤੋਂ ਜਾਣੂੰ ਕਰਵਾਇਆ ਗਿਆ। ਇਸ ਮੌਕੇ ਬਾਬਾ ਬਕਾਲਾ ਸਾਹਿਬ ਦੇ ਵਿਧਾਇਕ ਦਲਬੀਰ ਸਿੰਘ ਟੌਂਗ, ਐੱਸਡੀਐੱਮ ਬਾਬਾ ਬਕਾਲਾ ਸਾਹਿਬ ਜਸ਼ਨਜੀਤ ਸਿੰਘ, ਨਾਇਬ ਤਹਿਸੀਲਦਾਰ ਬਲਜੀਤ ਸਿੰਘ ਗੁਰਾਇਆ, ਨਾਇਬ ਤਹਿਸੀਲਦਾਰ ਰੁਸਤਮ ਕੁਮਾਰ, ਜਗਰੂਪ ਸਿੰਘ ਆਰਸੀ ਅਤੇ ਹਲਕਾ ਬਾਬਾ ਬਕਾਲਾ ਸਾਹਿਬ ’ਚੋਂ ਵੱਡੀ ਗਿਣਤੀ ਪੁੱਜੀ ਸੰਗਤ ਨੇ ਇਸ ਦਿਲਕਸ਼ ਡਰੋਨ ਸ਼ੋਅ ਦਾ ਬੜੀ ਸ਼ਰਧਾ ਭਾਵਨਾ ਨਾਲ ਅਨੰਦ ਮਾਣਿਆ। ਇਸ ਮੌਕੇ ਵਿਧਾਇਕ ਦਲਬੀਰ ਸਿੰਘ ਟੌਂਗ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਗੁਰੂ ਸਾਹਿਬ ਵੱਲੋਂ ਦਰਸਾਏ ਮਾਰਗ ‘ਤੇ ਚੱਲਕੇ ਸਭ ਵਰਗਾਂ ਦੀ ਭਲਾਈ ਲਈ ਵਚਨਬੱਧ ਹੈ। ਆਈਟੀਆਈ ਬਾਬਾ ਬਕਾਲਾ ਸਾਹਿਬ ਵਿਖੇ ਅਸਮਾਨ ਵਿਚ ਰਾਤ ਦੇ ਹਨੇਰੇ ’ਚ ਇਕੱਠੇ ਉੱਡਦੇ ਸੈਂਕੜੇ ਡਰੋਨਾਂ ਰਾਹੀਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਜੀਵਨੀ ਅਤੇ ਵਿਚਾਰਧਾਰਾ ਨੂੰ ਦਰਸਾਉਂਦੇ ਦਿਲਕਸ਼ ਦ੍ਰਿਸ਼ ਪੇਸ਼ ਕੀਤੇ ਗਏ। ਸ਼ੋਅ ਦੀ ਪੇਸ਼ਕਾਰੀ ਤੋਂ ਪ੍ਭਾਵਿਤ ਸੰਗਤਾਂ ਨੇ ਪੰਜਾਬ ਸਰਕਾਰ ਦੇ ਉਪਰਾਲੇ ਦੀ ਜਿੱਥੇ ਸ਼ਲਾਘਾ ਕੀਤੀ ਉਥੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ। ਵਿਧਾਇਕ ਟੌਂਗ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਬਾਣੀ ਅਤੇ ਸਿੱਖਿਆਵਾਂ ਸਮੁੱਚੀ ਮਨੁੱਖਤਾ ਲਈ ਬਰਾਬਰੀ, ਭਾਈਚਾਰੇ, ਮਿਹਨਤ, ਸੱਚੇ ਆਚਰਣ ਅਤੇ ਸਾਂਝੀਵਾਲਤਾ ਦਾ ਮਾਰਗ ਦਰਸਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਗੁਰੂ ਰਵਿਦਾਸ ਮਹਾਰਾਜ ਜੀ ਦਾ ਫ਼ਲਸਫ਼ਾ ਕਿਸੇ ਇੱਕ ਵਰਗ ਜਾਂ ਭਾਈਚਾਰੇ ਤੱਕ ਸੀਮਤ ਨਹੀਂ, ਸਗੋਂ ਸਮੁੱਚੀ ਮਨੁੱਖਤਾ ਲਈ ਬਰਾਬਰੀ, ਆਜ਼ਾਦੀ, ਭਾਈਚਾਰੇ ਅਤੇ ਸਾਂਝੀਵਾਲਤਾ ਦਾ ਮਹਾਨ ਸੰਦੇਸ਼ ਹੈ। ਉਨ੍ਹਾਂ ਕਿਹਾ ਕਿ ਗੁਰੂ ਜੀ ਨੇ ਜਾਤ-ਪਾਤ, ਊਚ-ਨੀਚ ਅਤੇ ਸਮਾਜਿਕ ਵਿਤਕਰੇ ਵਿਰੁੱਧ ਆਵਾਜ਼ ਬੁਲੰਦ ਕਰਦਿਆਂ ਇਹ ਸੰਦੇਸ਼ ਦਿੱਤਾ ਕਿ ਮਨੁੱਖ ਦੀ ਮਹਾਨਤਾ ਉਸਦੇ ਜਨਮ ਜਾਂ ਕੁਲ ਵਿੱਚ ਨਹੀਂ, ਸਗੋਂ ਉਸਦੇ ਚੰਗੇ ਕਰਮਾਂ, ਉੱਚੇ ਆਚਰਣ ਅਤੇ ਮਾਨਵਤਾ ਪ੍ਰਤੀ ਸਮਰਪਣ ਵਿਚ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕ ਸਾਲ ਤੱਕ ਚੱਲਣ ਵਾਲੇ ਸਮਾਗਮਾਂ ਲਈ 100 ਕਰੋੜ ਰੁਪਏ ਤੋਂ ਵੱਧ ਦਾ ਬਜਟ ਰੱਖਿਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸਮਾਗਮਾਂ ਦਾ ਮੁੱਖ ਉਦੇਸ਼ ਗੁਰੂ ਸਾਹਿਬ ਦੇ ਮਹਾਨ ਵਿਚਾਰਾਂ ਅਤੇ ਮਨੁੱਖਤਾ ਦੀ ਭਲਾਈ ਲਈ ਦਿੱਤੇ ਸੰਦੇਸ਼ ਨੂੰ ਨਵੀਂ ਪੀੜ੍ਹੀ ਤੱਕ ਆਧੁਨਿਕ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਉਣਾ ਹੈ। ਸਮਾਗਮ ਮੌਕੇ ਪੰਥ ਪ੍ਰਸਿੱਧ ਰਾਗੀ ਜਥੇ ਭਾਈ ਜਸਵੀਰ ਸਿੰਘ ਜਲੰਧਰ ਵਾਲੇ ਅਤੇ ਉਨ੍ਹਾਂ ਦੇ ਸਾਥੀਆਂ ਨੇ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਇਲਾਹੀ ਬਾਣੀ ਦਾ ਗੁਣਗਾਣ ਕੀਤਾ। ਇਨ੍ਹਾਂ ਸਮਾਗਮਾਂ ਦੀ ਨੋਡਲ ਅਫ਼ਸਰ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਪਲਵੀ ਮਿਸ਼ਰਾ ਨੇ ਦੱਸਿਆ ਕਿ 7 ਅਕਤੂਬਰ ਦੀ ਸ਼ਾਮ ਨੂੰ ਅਗਲਾ ਡਰੋਨ ਸ਼ੋਅ ਰਣਜੀਤ ਐਵੀਨਿਊ ਅੰਮ੍ਰਿਤਸਰ ਦੇ ਮੈਦਾਨ ਵਿਖੇ ਦਿਖਾਇਆ ਜਾਵੇਗਾ। ਇਸ ਤੋਂ ਬਾਅਦ 8 ਅਕਤੂਬਰ ਸ਼ਾਮ ਨੂੰ ਸ਼ਹੀਦ ਮੇਵਾ ਸਿੰਘ ਸਟੇਡੀਅਮ ਲੋਪੋਕੇ ਵਿਖੇ ਅਤੇ 9 ਅਕਤੂਬਰ ਦੀ ਸ਼ਾਮ ਨੂੰ ਦਵਿੰਦਰਾ ਇੰਟਰਨੈਸ਼ਨਲ ਸਕੂਲ, ਅਜਨਾਲਾ ਦੇ ਮੈਦਾਨ ਵਿਚ ਡਰੋਨ ਸ਼ੋਅ ਹੋਵੇਗਾ। ਵਧੀਕ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਡਰੋਨ ਸ਼ੋਅ ਦੇ ਇਨਾਂ ਸਮਾਗਮਾਂ ਵਿਚ ਵੱਧ-ਚੜ੍ਹ ਕੇ ਸ਼ਾਮਲ ਹੋਣ ਅਤੇ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਇਸ ਸਮਾਗਮ ਦਾ ਹਿੱਸਾ ਬਣਨ।