ਜਸਪਾਲ ਸਿੰਘ ਜੱਸੀ, ਤਰਨਤਾਰਨ : ਤਰਨਤਾਰਨ ਦੇ ਪਿੰਡ ਨੋਨੇ 'ਚ ਦੇਰ ਰਾਤ ਮੋਟਰਸਾਈਕਲ ਸਵਾਰ ਦੋ ਅਣਪਛਾਤਿਆਂ ਨੇ ਘਰ ਤੋਂ ਕੁਝ ਦੂਰੀ 'ਤੇ ਖੜ੍ਹੇ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਉਹ ਪਿੰਡ ਦੇ ਹੀ ਇਕ ਹੋਰ ਨੌਜਵਾਨ ਨਾਲ ਉਥੇ ਖੜ੍ਹਾ ਸੀ।

ਦੱਸਿਆ ਜਾ ਰਿਹਾ ਹੈ ਕਿ ਮਰਨ ਵਾਲਾ ਨੌਜਵਾਨ ਭੱਠੇ ਦੇ ਮਜ਼ਦੂਰੀ ਦਾ ਕੰਮ ਕਰਦਾ ਸੀ ਅਤੇ ਉਸ ਦੀ ਕਿਸੇ ਨਾਲ ਦੁਸ਼ਮਣੀ ਵੀ ਨਹੀਂ ਸੀ। ਮੌਕੇ 'ਤੇ ਪਹੁੰਚੀ ਥਾਣਾ ਸਦਰ ਤਰਨਤਾਰਨ ਦੀ ਪੁਲਿਸ ਨੇ ਲਾਸ਼ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਅਵਤਾਰ ਸਿੰਘ ਵਾਸੀ ਨੋਨੇ ਨੇ ਦੱਸਿਆ ਕਿ ਉਸ ਦਾ ਭਤੀਜਾ ਸੁਰਜੀਤ ਸਿੰਘ (30) ਪਿੰਡ ਦੇ ਹੀ ਇਕ ਹੋਰ ਨੌਜਵਾਨ ਰਣਜੀਤ ਸਿੰਘ ਦੇ ਨਾਲ ਆਪਣੇ ਘਰ ਤੋਂ ਕੁਝ ਦੂਰੀ 'ਤੇ ਖੜ੍ਹਾ ਸੀ। ਰਾਤ ਕਰੀਬ 10 ਵਜੇ ਮੋਟਰਸਾਈਕਲ ਤੇ ਸਵਾਰ ਦੋ ਲੋਕ ਆਏ ਜਿਨ੍ਹਾਂ ਨੇ ਸੁਰਜੀਤ ਸਿੰਘ 'ਤੇ ਤਾਬੜਤੋੜ ਗੋਲੀਆਂ ਚਲਾ ਦਿੱਤੀਆਂ। ਗੰਭੀਰ ਜ਼ਖ਼ਮੀ ਹੋਏ ਸੁਰਜੀਤ ਨੂੰ ਤੁਰੰਤ ਤਰਨਤਾਰਨ ਦੇ ਸਿਵਲ ਹਸਪਤਾਲ ਲਿਜਾਇਆ ਗਿਆ ਜਿਥੇ ਡਾਕਟਰਾਂ ਨੇ ਉਸ ਨੂੰ ਮਿ੍ਤਕ ਕਰਾਰ ਦੇ ਦਿੱਤਾ। ਉਨ੍ਹਾਂ ਦੱਸਿਆ ਕਿ ਸੁਰਜੀਤ ਸਿੰਘ ਇੱਟਾਂ ਦੇ ਭੱਠੇ 'ਤੇ ਕੰਮ ਕਰਦਾ ਸੀ ਤੇ ਹਾਲੇ ਤਕ ਉਸ ਦਾ ਵਿਆਹ ਨਹੀਂ ਸੀ ਹੋਇਆ।

ਉਸ ਦੀ ਕਿਸੇ ਨਾਲ ਕੋਈ ਦੁਸ਼ਮਣੀ ਵੀ ਨਹੀਂ ਸੀ। ਬੇਕਸੂਰ ਨੂੰ ਗੋਲੀਆਂ ਕਿਸ ਨੇ ਅਤੇ ਕਿਉਂ ਮਾਰੀਆਂ ਇਹ ਹਾਲੇ ਬੁਝਾਰਤ ਬਣਿਆ ਹੋਇਆ ਹੈ। ਉਨ੍ਹਾਂ ਖਦਸ਼ਾ ਜਾਹਿਰ ਕੀਤਾ ਕਿ ਸੁਰਜੀਤ ਸਿੰਘ ਨੂੰ ਗੋਲੀਆਂ ਕਿਸੇ ਦੇ ਭੁਲੇਖੇ ਮਾਰੀਆਂ ਹੋ ਸਕਦੀਆਂ ਹਨ, ਇਸ ਲਈ ਇਸ ਮਾਮਲੇ ਦੀ ਬਰੀਕੀ ਨਾਲ ਜਾਂਚ ਕੀਤੀ ਜਾਵੇ।

ਦੂਜੇ ਪਾਸੇ ਮੌਕੇ 'ਤੇ ਪਹੁੰਚੇ ਥਾਣਾ ਸਦਰ ਤਰਨਤਾਰਨ ਦੇ ਮੁਖੀ ਇੰਸਪੈਕਟਰ ਪ੍ਰਭਜੀਤ ਸਿੰਘ ਨੇ ਦੱਸਿਆ ਕਿ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਤਰਨਤਾਰਨ ਤੋਂ ਪੋਸਟ ਮਾਰਟਮ ਕਰਵਾਇਆ ਜਾ ਰਿਹਾ ਹੈ। ਜਦੋਂਕਿ ਮਿ੍ਤਕ ਦੇ ਪਿਤਾ ਤਰਸੇਮ ਸਿੰਘ ਦੇ ਬਿਆਨ ਕਲਮਬੰਦ ਕਰਕੇ ਦੋ ਅਣਪਛਾਤੇ ਲੋਕਾਂ ਦੇ ਵਿਰੁੱਧ ਹੱਤਿਆ ਦਾ ਕੇਸ ਦਰਜ ਕਰਕੇ ਉਨ੍ਹਾਂ ਦੀ ਪਛਾਣ ਲਈ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।