ਸੀਟੂ ਜਥੇਬੰਦੀ ਨੇ ਸ਼ਹਿਰੀ ਸਮੱਸਿਆਵਾਂ ਨੂੰ ਲੈ ਕੇ ਫੂਕਿਆ ਸਰਕਾਰ ਦਾ ਪੁਤਲਾ
ਸੀਟੂ ਜਥੇਬੰਦੀ ਨੇ ਸ਼ਹਿਰੀ ਸਮੱਸਿਆਵਾਂ ਨੂੰ ਲੈ ਕੇ ਫੂਕਿਆ ਸਰਕਾਰ ਦਾ ਪੁਤਲਾ
Publish Date: Mon, 11 May 2026 03:52 PM (IST)
Updated Date: Tue, 12 May 2026 04:01 AM (IST)
-‘ਲੇਬਰ ਕੋਡ’ ਲਾਗੂ ਕਰਕੇ ਮਜ਼ਦੂਰਾਂ ਦੇ ਬੁਨਿਆਦੀ ਹੱਕਾਂ ’ਤੇ ਡਾਕਾ ਮਾਰਿਆ
ਰਮੇਸ਼ ਰਾਮਪੁਰਾ, ਪੰਜਾਬੀ ਜਾਗਰਣ, ਅੰਮ੍ਰਿਤਸਰ: ਸੀਟੂ ਜਥੇਬੰਦੀ ਦੀ ਅੰਮ੍ਰਿਤਸਰ ਇਕਾਈ ਵੱਲੋਂ ਜ਼ਿਲ੍ਹਾ ਪ੍ਰਧਾਨ ਕਾਮਰੇਡ ਚਰਨਜੀਤ ਸਿੰਘ ਮਜੀਠਾ ਦੀ ਅਗਵਾਈ ਹੇਠ ਸਥਾਨਕ ਢੱਪਈ ਫਾਟਕ ਵਿਖੇ ਪੰਜਾਬ ਸਰਕਾਰ ਦੀਆਂ ਕਥਿਤ ਮਜ਼ਦੂਰ ਵਿਰੋਧੀ ਨੀਤੀਆਂ ਅਤੇ ਸ਼ਹਿਰੀ ਸਮੱਸਿਆਵਾਂ ਖ਼ਿਲਾਫ਼ ਜ਼ੋਰਦਾਰ ਰੋਸ ਮੁਜ਼ਾਹਰਾ ਕਰਕੇ ਸਰਕਾਰ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਸੂਬਾਈ ਮੀਤ ਪ੍ਰਧਾਨ ਕਾਮਰੇਡ ਸੁੱਚਾ ਸਿੰਘ ਅਜਨਾਲਾ ਨੇ ਕੇਂਦਰ ਅਤੇ ਰਾਜ ਸਰਕਾਰ 'ਤੇ ਤਿੱਖੇ ਨਿਸ਼ਾਨੇ ਸਾਧਦਿਆਂ ਕਿਹਾ ਕਿ ਚਾਰ ਨਵੇਂ ‘ਲੇਬਰ ਕੋਡ’ ਲਾਗੂ ਕਰਕੇ ਮਜ਼ਦੂਰਾਂ ਦੇ ਬੁਨਿਆਦੀ ਹੱਕਾਂ ’ਤੇ ਡਾਕਾ ਮਾਰਿਆ ਗਿਆ ਹੈ।
ਉਨ੍ਹਾਂ ਕਿਹਾ ਕਿ ਉਜਰਤਾਂ ਵਿੱਚ ਮਾਮੂਲੀ ਵਾਧੇ ਦਾ ਦਿਖਾਵਾ ਕਰਕੇ ਸਰਕਾਰ ਆਪਣੀ ਪਿੱਠ ਥਾਪੜ ਰਹੀ ਹੈ, ਜਦਕਿ ਹਕੀਕਤ ਵਿੱਚ ਰੈਗੂਲਰ ਭਰਤੀ ਦੀ ਥਾਂ ਠੇਕੇਦਾਰੀ ਪ੍ਰਥਾ ਨੂੰ ਉਤਸ਼ਾਹਿਤ ਕਰਨਾ ਅਤੇ ਡੀਏ, ਗ੍ਰੈਚੁਟੀ ਤੇ ਈਸੀਐਸ ਵਰਗੀਆਂ ਸਹੂਲਤਾਂ ’ਚ ਸਰਕਾਰੀ ਹਿੱਸੇਦਾਰੀ ਖ਼ਤਮ ਕਰਨਾ ਮਜ਼ਦੂਰਾਂ ਨੂੰ ਮਾਲਕਾਂ ਦੇ ਰਹਿਮੋ-ਕਰਮ ’ਤੇ ਛੱਡਣ ਦੇ ਬਰਾਬਰ ਹੈ। ਇਸ ਦੌਰਾਨ ਆਗੂਆਂ ਨੇ ਵਧਦੀ ਮਹਿੰਗਾਈ ਅਤੇ ਸਥਾਨਕ ਪ੍ਰਸ਼ਾਸਨਿਕ ਨਾਕਾਮੀਆਂ ਦਾ ਮੁੱਦਾ ਵੀ ਪ੍ਰਮੁੱਖਤਾ ਨਾਲ ਚੁੱਕਿਆ। ਕਾਮਰੇਡ ਅਜਨਾਲਾ ਨੇ ਕਿਹਾ ਕਿ ਗੈਸ ਸਿਲੰਡਰਾਂ ਦੀਆਂ ਵਧੀਆਂ ਕੀਮਤਾਂ ਨੇ ਗਰੀਬਾਂ ਦੇ ਚੁੱਲ੍ਹੇ ਠੰਢੇ ਕਰ ਦਿੱਤੇ ਹਨ।
ਅੰਮ੍ਰਿਤਸਰ ਨਗਰ ਨਿਗਮ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕਦਿਆਂ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸ਼ਹਿਰ ਨੂੰ ਮੁੱਢਲੀਆਂ ਸਹੂਲਤਾਂ ਦੇਣ ਵਿੱਚ ਪੂਰੀ ਤਰ੍ਹਾਂ ਅਸਫਲ ਸਿੱਧ ਹੋਈ ਹੈ। ਸ਼ਹਿਰ ਵਿੱਚ ਕੂੜੇ ਦੇ ਢੇਰ, ਖਰਾਬ ਟਿਊਬਵੈੱਲ ਅਤੇ ਦੂਸ਼ਿਤ ਪਾਣੀ ਦੀ ਸਪਲਾਈ ਨੇ ਜਨ-ਜੀਵਨ ਮੁਸ਼ਕਿਲ ਕਰ ਦਿੱਤਾ ਹੈ। ਸੀਟੂ ਜਥੇਬੰਦੀ ਨੇ ਚਿਤਾਵਨੀ ਦਿੱਤੀ ਕਿ ਜੇਕਰ ਪੰਜ ਦਿਨਾਂ ਦੇ ਅੰਦਰ ਪੀਣ ਵਾਲੇ ਸਾਫ਼ ਪਾਣੀ ਦੀ ਸਮੱਸਿਆ ਦਾ ਹੱਲ ਨਾ ਹੋਇਆ ਤਾਂ ਨਗਰ ਨਿਗਮ ਦਫ਼ਤਰ ਦਾ ਤਿੱਖਾ ਘਰਾਓ ਕੀਤਾ ਜਾਵੇਗਾ। ਇਸ ਰੈਲੀ ਨੂੰ ਐਡਵੋਕੇਟ ਕਮਲਜੀਤ ਕੌਰ, ਵਿਜੇ ਕੁਮਾਰ, ਰਾਜਾ ਰਾਮ, ਕਿਰਪਾ ਰਾਮ, ਧਰਮਪਾਲ, ਸੂਰਜ ਅਤੇ ਗੁਰਦੀਪ ਸਿੰਘ ਬੁਤਾਲਾ ਨੇ ਵੀ ਸੰਬੋਧਨ ਕੀਤਾ। ਅੰਤ ਵਿੱਚ ਜਥੇਬੰਦੀ ਵੱਲੋਂ 12 ਮਈ ਨੂੰ 22 ਨੰਬਰ ਫਾਟਕ ਵਿਖੇ ਮਨਾਏ ਜਾਣ ਵਾਲੇ 'ਮੰਗ ਦਿਵਸ' ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਦਾ ਸੱਦਾ ਦਿੱਤਾ ਗਿਆ।