31 ਅਗਸਤ ਤੇ 1 ਸਤੰਬਰ ਨੂੰ ਹੋਵੋਗਾ ਮਿਲਟਰੀ ਲਿਟਰੇਚਰ ਫੈਸਟੀਵਲ ਖ਼ਾਲਸਾ ਯੂਨੀਵਰਸਿਟੀ ਵਿਖੇ 31 ਅਗਸਤ ਤੇ 1 ਸਤੰਬਰ ਨੂੰ ਕਰਵਾਇਆ ਜਾਵੇਗਾ ਮਿਲਟਰੀ ਲਿਟਰੇਚਰ ਫੈਸਟੀਵਲ ਅੰਮ੍ਰਿਤਸਰ-2026
Publish Date: Sun, 30 Aug 2026 07:19 PM (IST)
Updated Date: Mon, 31 Aug 2026 04:05 AM (IST)
ਲੈਫਟੀਨੈਂਟ ਜਨਰਲ (ਡਾ.) ਜੇਐੱਸ ਚੀਮਾ ਵੱਲੋਂ ਸ਼ਾਮਲ ਹੋਣ ਦੀ ਅਪੀਲ ਰਿਪੋਰਟਰ, ਪੰਜਾਬੀ ਜਾਗਰਣ, ਅੰਮ੍ਰਿਤਸਰ : ਮਿਲਟਰੀ ਲਿਟਰੇਚਰ ਫੈਸਟੀਵਲ ਐਸੋਸੀਏਸ਼ਨ ਵੱਲੋਂ ਅੰਮ੍ਰਿਤਸਰ ਵਿਖੇ ਪਹਿਲਾ ਮਿਲਟਰੀ ਲਿਟਰੇਚਰ ਫੈਸਟੀਵਲ ਅੰਮ੍ਰਿਤਸਰ-2026 ਕਰਵਾਇਆ ਜਾ ਰਿਹਾ ਹੈ। ਇਹ ਫੈਸਟੀਵਲ 31 ਅਗਸਤ ਅਤੇ 1 ਸਤੰਬਰ 2026 ਨੂੰ ਖ਼ਾਲਸਾ ਯੂਨੀਵਰਸਿਟੀ, ਅੰਮ੍ਰਿਤਸਰ ਵਿਖੇ ਕਰਵਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਲੈਫਟੀਨੈਂਟ ਜਨਰਲ (ਡਾ.) ਜੇਐੱਸ ਚੀਮਾ ਪੀਵੀਐੱਸਐੱਮ, ਏਵੀਐੱਸਐੱਮ, ਵੀਐੱਸਐੱਮ ਨੇ ਦੱਸਿਆ ਕਿ ਮਿਲਟਰੀ ਲਿਟਰੇਚਰ ਫੈਸਟੀਵਲ ਦਾ ਉਦੇਸ਼ ਨੌਜਵਾਨ ਪੀੜ੍ਹੀ ਅਤੇ ਆਮ ਲੋਕਾਂ ਨੂੰ ਦੇਸ਼ ਦੀ ਸੁਰੱਖਿਆ, ਸੈਨਿਕ ਇਤਿਹਾਸ, ਜੰਗੀ ਰਣਨੀਤੀਆਂ ਅਤੇ ਭਾਰਤੀ ਸਸ਼ਸਤਰ ਸੈਨਾਵਾਂ ਦੀਆਂ ਇਤਿਹਾਸਕ ਪ੍ਰਾਪਤੀਆਂ ਨਾਲ ਜਾਣੂ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਦੀ ਧਰਤੀ ਨਾਲ ਜੁੜੇ ਮਹੱਤਵਪੂਰਨ ਸੈਨਿਕ ਇਤਿਹਾਸ ਨੂੰ ਵੀ ਇਸ ਫੈਸਟੀਵਲ ਦੌਰਾਨ ਉਜਾਗਰ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ 31 ਅਗਸਤ ਨੂੰ ਸਵੇਰੇ 10 ਵਜੇ ਤੋਂ 11:30 ਵਜੇ ਤੱਕ ‘ਪੱਛਮੀ ਏਸ਼ੀਆ ਵਿੱਚ ਅਸ਼ਾਂਤੀ ਅਤੇ ਭਾਰਤ ਦੇ ਹਿੱਤ’ ਵਿਸ਼ੇ ’ਤੇ ਵਿਚਾਰ-ਚਰਚਾ ਹੋਵੇਗੀ, ਜਦਕਿ ਦੁਪਹਿਰ 12 ਵਜੇ ਤੋਂ 1:30 ਵਜੇ ਤੱਕ ‘ਜਲ੍ਹਿਆਂਵਾਲਾ ਬਾਗ਼ ਕਤਲੇਆਮ-ਕੌੜੀ ਵਿਰਾਸਤ: ਖ਼ੂਨੀ ਬਸੰਤ’ ਵਿਸ਼ੇ ’ਤੇ ਸੈਸ਼ਨ ਕਰਵਾਇਆ ਜਾਵੇਗਾ। ਇਸੇ ਤਰ੍ਹਾਂ 1 ਸਤੰਬਰ ਨੂੰ ਸਵੇਰੇ 10 ਵਜੇ ਤੋਂ 11:30 ਵਜੇ ਤੱਕ ‘1965 ਦੀ ਭਾਰਤ-ਪਾਕਿਸਤਾਨ ਜੰਗ–ਅੰਮ੍ਰਿਤਸਰ ਖੇਤਰ ਵਿੱਚ ਸੈਨਿਕ ਕਾਰਵਾਈਆਂ’ ਵਿਸ਼ੇ ’ਤੇ ਵਿਸ਼ੇਸ਼ ਸੈਸ਼ਨ ਹੋਵੇਗਾ। ਇਸ ਸੈਸ਼ਨ ਦੌਰਾਨ 1965 ਦੀ ਭਾਰਤ-ਪਾਕਿਸਤਾਨ ਜੰਗ ਦੌਰਾਨ ਅੰਮ੍ਰਿਤਸਰ ਸੈਕਟਰ ਵਿੱਚ ਹੋਈਆਂ ਸੈਨਿਕ ਕਾਰਵਾਈਆਂ ਅਤੇ ਉਨ੍ਹਾਂ ਨਾਲ ਸਬੰਧਤ ਇਤਿਹਾਸਕ ਪੱਖਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਲੈਫਟੀਨੈਂਟ ਜਨਰਲ (ਡਾ.) ਜੇਐੱਸ ਚੀਮਾ ਨੇ ਦੱਸਿਆ ਕਿ ਲੈਫਟੀਨੈਂਟ ਜਨਰਲ ਟੀਐੱਸ ਸ਼ੇਰਗਿੱਲ, ਪੀਵੀਐੱਸਐੱਮ, ਪੀਐੱਚਡੀ (ਸੇਵਾਮੁਕਤ) ਵੀ ਇਸ ਮਿਲਟਰੀ ਲਿਟਰੇਚਰ ਫੈਸਟੀਵਲ ਵਿੱਚ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਣਗੇ। ਡਾ. ਚੀਮਾ ਨੇ ਵਿਦਿਆਰਥੀਆਂ, ਨੌਜਵਾਨਾਂ ਅਤੇ ਇਤਿਹਾਸ ਤੇ ਸੈਨਿਕ ਮਾਮਲਿਆਂ ਵਿਚ ਦਿਲਚਸਪੀ ਰੱਖਣ ਵਾਲੇ ਲੋਕਾਂ ਨੂੰ ਇਸ ਮਿਲਟਰੀ ਲਿਟਰੇਚਰ ਫੈਸਟੀਵਲ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਅਜਿਹੇ ਸਮਾਗਮ ਨੌਜਵਾਨ ਪੀੜ੍ਹੀ ਨੂੰ ਦੇਸ਼ ਦੀ ਸੁਰੱਖਿਆ ਅਤੇ ਸੈਨਿਕ ਇਤਿਹਾਸ ਨੂੰ ਡੂੰਘਾਈ ਨਾਲ ਸਮਝਣ ਦਾ ਮੌਕਾ ਪ੍ਰਦਾਨ ਕਰਦੇ ਹਨ।