ਚੰਡੀਗੜ੍ਹ ਧਰਨੇ ’ਚ ਕਿਰਤੀ ਕਿਸਾਨ ਯੂਨੀਅਨ ਕਰੇਗੀ ਸ਼ਮੂਲੀਅਤ ਚੰਡੀਗੜ੍ਹ ਧਰਨੇ ’ਚ ਕਿਰਤੀ ਕਿਸਾਨ ਯੂਨੀਅਨ ਕਰੇਗੀ ਸ਼ਮੂਲੀਅਤ
Publish Date: Sun, 30 Aug 2026 07:34 PM (IST)
Updated Date: Mon, 31 Aug 2026 04:05 AM (IST)
ਚੰਡੀਗੜ੍ਹ ਧਰਨੇ ਲਈ ਪਿੰਡ ਨਾਗ ਖੁਰਦ ’ਚ ਵਿਸ਼ਾਲ ਇਕੱਤਰਤਾ ਕੀਤੀ ਜਸਪਾਲ ਸਿੰਘ ਗਿੱਲ, ਪੰਜਾਬੀ ਜਾਗਰਣ ਮਜੀਠਾ : ਕਿਰਤੀ ਕਿਸਾਨ ਯੂਨੀਅਨ ਪੰਜਾਬ ਸਰਕਲ ਮਜੀਠਾ ਵੱਲੋਂ ਪਿੰਡ ਨਾਗ ਖੁਰਦ ਵਿਖੇ ਵਿਸ਼ੇਸ਼ ਇਕੱਤਰਤਾ ਕਰਕੇ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਉਨ੍ਹਾਂ ਦੇ ਹੱਕਾਂ ਲਈ ਕੀਤੇ ਜਾ ਰਹੇ ਸੰਘਰਸ਼ ਵਿਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਦਾ ਸੱਦਾ ਦਿੱਤਾ ਗਿਆ। ਇਸ ਮੌਕੇ ਯੂਨੀਅਨ ਦੇ ਬਲਾਕ ਪੱਧਰੀ ਆਗੂਆਂ, ਵਰਕਰਾਂ ਅਤੇ ਇਲਾਕੇ ਦੇ ਕਿਸਾਨਾਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਦੀ ਅਗਵਾਈ ਜਸਪਾਲ ਸਿੰਘ ਨਾਗ ਖੁਰਦ, ਨਰਿੰਦਰ ਸਿੰਘ ਨਾਗ ਕਲਾਂ, ਰਾਜ ਸਿੰਘ ਅਤੇ ਕੁਲਦੀਪ ਸਿੰਘ ਨਾਗ ਕਲਾਂ ਨੇ ਕੀਤੀ। ਇਕੱਤਰਤਾ ਦੌਰਾਨ ਮੌਜੂਦਾ ਸਮੇਂ ਕਿਸਾਨੀ ਨੂੰ ਦਰਪੇਸ਼ ਚੁਣੌਤੀਆਂ, ਖੇਤੀਬਾੜੀ ਨੀਤੀਆਂ ਅਤੇ ਕਿਸਾਨਾਂ-ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਦੌਰਾਨ ਸੰਬੋਧਨ ਕਰਦਿਆਂ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਧਨਵੰਤ ਸਿੰਘ ਖਤਰਾਏ ਕਲਾਂ, ਜ਼ਿਲ੍ਹਾ ਪ੍ਰਧਾਨ ਹਰਪਾਲ ਸਿੰਘ ਛੀਨਾ, ਵਿਜੇ ਧਾਰੀਵਾਲ ਅਤੇ ਗੁਰਮੀਤ ਸਿੰਘ ਭਲਾ ਪਿੰਡ ਨੇ ਕਿਹਾ ਕਿ ਕਿਸਾਨੀ ਨਾਲ ਜੁੜੇ ਮਸਲੇ ਲਗਾਤਾਰ ਗੰਭੀਰ ਹੁੰਦੇ ਜਾ ਰਹੇ ਹਨ, ਇਸ ਲਈ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਇਕਜੁੱਟ ਹੋ ਕੇ ਆਪਣੀ ਆਵਾਜ਼ ਬੁਲੰਦ ਕਰਨ ਦੀ ਲੋੜ ਹੈ। ਆਗੂਆਂ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਵੱਲੋਂ ਦਿੱਤੇ ਸੱਦੇ ’ਤੇ ਕੱਲ 1 ਸਤੰਬਰ ਨੂੰ ਚੰਡੀਗੜ੍ਹ ਵਿਖੇ ਕੀਤੇ ਜਾ ਰਹੇ ਧਰਨੇ ਵਿੱਚ ਕਿਰਤੀ ਕਿਸਾਨ ਯੂਨੀਅਨ ਵੱਲੋਂ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਸਬੰਧੀ ਪਿੰਡਾਂ ਵਿਚ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਲਾਮਬੰਦ ਕਰਨ ਲਈ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਕੱਤਰਤਾ ਵਿਚ ਅਮਰੀਕਾ ਨਾਲ ਕੀਤੇ ਵਪਾਰ ਸਮਝੌਤੇ ਨੂੰ ਰੱਦ ਕਰਨ, ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿਚ ਪੰਜਾਬ ਦੇ ਹਿੱਤਾਂ ਦੀ ਰਾਖੀ ਕਰਨ, ਬਿਜਲੀ ਐਕਟ-2020 ਨੂੰ ਰੱਦ ਕਰਨ ਲਈ ਪੰਜਾਬ ਸਰਕਾਰ ਵੱਲੋਂ ਮਤਾ ਪਾਸ ਕਰਨ, ਫ਼ਸਲਾਂ ਦੀ ਐਮਐਸਪੀ ਡਾ. ਸਵਾਮੀਨਾਥਨ ਕਮਿਸ਼ਨ ਦੇ ਸੀ2 50 ਫ਼ੀਸਦੀ ਫਾਰਮੂਲੇ ਅਨੁਸਾਰ ਤੈਅ ਕਰਨ, ਕਿਸਾਨਾਂ ਅਤੇ ਮਜ਼ਦੂਰਾਂ ਦਾ ਸਮੁੱਚਾ ਕਰਜ਼ਾ ਮੁਆਫ਼ ਕਰਨ ਅਤੇ ਦਰਿਆਈ ਪਾਣੀਆਂ ਵਿਚ ਪੰਜਾਬ ਦਾ ਬਣਦਾ ਹਿੱਸਾ ਯਕੀਨੀ ਬਣਾਉਣ ਦੀ ਮੰਗ ਕੀਤੀ ਗਈ। ਆਗੂਆਂ ਨੇ ਕਿਹਾ ਕਿ ਸਰਕਾਰਾਂ ਨੂੰ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਇਨ੍ਹਾਂ ਦਾ ਠੋਸ ਹੱਲ ਕੱਢਣਾ ਚਾਹੀਦਾ ਹੈ। ਇਸ ਮੌਕੇ ਹਰਦੀਪ ਸਿੰਘ ਨਾਗ ਖੁਰਦ, ਸਿਮਰਜੀਤ ਸਿੰਘ ਜੱਗਾ, ਨਵਦੀਪ ਸਿੰਘ, ਜਸਵਿੰਦਰ ਸਿੰਘ, ਮਨਦੀਪ ਸਿੰਘ, ਨਰਿੰਦਰ ਸਿੰਘ, ਅਵਤਾਰ ਸਿੰਘ ਸ਼ਾਹ, ਸਤਬੀਰ ਸਿੰਘ ਆੜਤੀਆ, ਜਗਰੂਪ ਸਿੰਘ, ਪ੍ਰਭ ਸਿੰਘ ਸ਼ਾਹ, ਰਣਦੀਪ ਸਿੰਘ ਨਾਗ ਕਲਾਂ, ਮੁਖਵੰਤ ਸਿੰਘ ਗਿੱਲ ਆਬਾਦੀ ਵਰਪਾਲ, ਗੋਪਾਲ ਸਿੰਘ ਸੋਹੀਆਂ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਅਤੇ ਮਜ਼ਦੂਰ ਹਾਜ਼ਰ ਸਨ।