ਸ਼ਹਿਰ ’ਚ ਸੁਰੱਖਿਆ ਪ੍ਰਬੰਧ ਹੋਰ ਸਖ਼ਤ-ਰਾਤ ਸਮੇਂ ਵਿਸ਼ੇਸ਼ ਚੈਕਿੰਗ ਸ਼ਹਿਰ ’ਚ ਸੁਰੱਖਿਆ ਪ੍ਰਬੰਧ ਹੋਰ ਸਖ਼ਤ-ਰਾਤ ਸਮੇਂ ਵਿਸ਼ੇਸ਼ ਚੈਕਿੰਗ, ਡੇਅ-ਨਾਈਟ ਡੋਮੀਨੇਸ਼ਨ ਪਲਾਨ ਲਾਗੂ
Publish Date: Tue, 08 Sep 2026 07:22 PM (IST)
Updated Date: Wed, 09 Sep 2026 04:08 AM (IST)
ਡੇਅ-ਨਾਈਟ ਡੋਮੀਨੇਸ਼ਨ ਪਲਾਨ ਲਾਗੂ ਮਨਿੰਦਰ ਸਿੰਘ ਗੋਰੀ, ਪੰਜਾਬੀ ਜਾਗਰਣ ਅੰਮ੍ਰਿਤਸਰ : ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸ਼ਹਿਰ ਵਿਚ ਲੋਕਾਂ ਦੀ ਸੁਰੱਖਿਆ ਅਤੇ ਅਮਨ-ਕਾਨੂੰਨ ਨੂੰ ਯਕੀਨੀ ਬਣਾਉਣ ਲਈ ਪੁਲਿਸ ਵੱਲੋਂ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾ ਰਹੀ ਹੈ। ਡੀ ਬਲਾਕ ਨੇੜੇ ਸਟਾਰ ਬਕਸ, ਰਣਜੀਤ ਐਵੀਨਿਊ ਅੰਮ੍ਰਿਤਸਰ ਵਿਖੇ ਲੱਗੇ ਨਾਕੇ ਦੀ ਚੈਕਿੰਗ ਦੌਰਾਨ ਜੁਗਰਾਜ ਸਿੰਘ ਡੀਸੀਪੀ ਆਪਰੇਸ਼ਨਜ਼ ਤੇ ਏਡੀਸੀਪੀ ਟ੍ਰੈਫਿਕ ਅਮਨਦੀਪ ਕੌਰ ਨੇ ਦੱਸਿਆ ਕਿ ਇਸ ਮੁਹਿੰਮ ਦੌਰਾਨ ਟਰੈਫਿਕ ਪੁਲਿਸ ਦੀਆਂ ਟੀਮਾਂ ਅਤੇ ਸਬੰਧਤ ਥਾਣਿਆਂ ਦੇ ਐਸਐਚਓਜ਼ ਵੱਲੋਂ ਸਾਂਝੇ ਤੌਰ ’ਤੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਖ਼ਾਸ ਤੌਰ ’ਤੇ ਵਾਹਨਾਂ ’ਤੇ ਲੱਗੀਆਂ ਕਾਲੀਆਂ ਫ਼ਿਲਮਾਂ, ਸਟਿੱਕਰ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆ ਤੇ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕਮਿਸ਼ਨਰ ਪੁਲਿਸ, ਅੰਮ੍ਰਿਤਸਰ ਜੀ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਸਾਰੇ ਈਟਰੀ ਪੁਆਇੰਟਸ, ਫੂਡ ਪੁਆਇੰਟਸ ਅਤੇ ਰੈਸਟੋਰੈਂਟ ਰਾਤ 12 ਵਜੇ ਤੋਂ ਬਾਅਦ ਖੁੱਲ੍ਹੇ ਨਹੀਂ ਰਹਿਣਗੇ। ਨਿਯਮਾਂ ਦੀ ਉਲੰਘਣਾ ਕਰਨ ਵਾਲੇ ਅਦਾਰਿਆਂ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਇਸ ਤੋਂ ਇਲਾਵਾ ਵਾਹਨਾਂ ਵਿਚ ਮਾਰੂ ਹਥਿਆਰ ਰੱਖਣ ਵਾਲਿਆਂ ਖ਼ਿਲਾਫ਼ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ। ਪੁਲਿਸ ਵੱਲੋਂ ਵਾਹਨਾਂ ਦੀ ਚੈਕਿੰਗ ਦੌਰਾਨ ਜੇਕਰ ਕੋਈ ਮਾਰੂ ਹਥਿਆਰ ਜਾਂ ਸ਼ੱਕੀ ਵਸਤੂ ਬਰਾਮਦ ਹੁੰਦੀ ਹੈ ਤਾਂ ਸਬੰਧਤ ਵਿਅਕਤੀ ਵਿਰੁੱਧ ਕਾਨੂੰਨ ਅਨੁਸਾਰ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਲੋਕਾਂ ਦੀ ਸ਼ਾਂਤੀ ਅਤੇ ਸਹੂਲਤ ਨੂੰ ਧਿਆਨ ਵਿਚ ਰੱਖਦਿਆਂ ਲਾਊਡ ਮਿਊਜ਼ਿਕ ’ਤੇ ਵੀ ਸਖ਼ਤ ਨਿਗਰਾਨੀ ਰੱਖੀ ਜਾ ਰਹੀ ਹੈ। ਵਾਹਨਾਂ ਜਾਂ ਕਿਸੇ ਵੀ ਜਨਤਕ ਸਥਾਨ ’ਤੇ ਉੱਚੀ ਆਵਾਜ਼ ਵਿਚ ਸੰਗੀਤ ਚਲਾ ਕੇ ਆਮ ਲੋਕਾਂ ਨੂੰ ਪ੍ਰੇਸ਼ਾਨ ਕਰਨ ਵਾਲਿਆਂ ਖ਼ਿਲਾਫ਼ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਡੀਸੀਪੀ ਆਪ੍ਰੇਸ਼ਨ ਨੇ ਦੱਸਿਆ ਕਿ ਅੰਮ੍ਰਿਤਸਰ ਸ਼ਹਿਰ ਵਿਖੇ 68 ਬੀਟਾਂ ’ਤੇ ਡੇਅ ਤੇ ਨਾਈਟ ਡੋਮੀਨੇਸ਼ਨ ਦੌਰਾਨ ਈਵੀਆਰ, ਪੀਸੀਆਰ, ਕਿਆਊਆਰਟੀ ਵਹੀਕਲ, ਨਾਕਾ ਤੇ ਗਸ਼ਤ ਪੁਆਇੰਟਾਂ ਤੇ ਲਗਭਗ 1000 ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਹਨ। ਸ਼ਹਿਰ ਵਿਚ ਅਪਰਾਧਿਕ ਗਤੀਵਿਧੀਆਂ ਨੂੰ ਰੋਕਣ ਅਤੇ ਲੋਕਾਂ ਦੀ ਸੁਰੱਖਿਆ ਨੂੰ ਹੋਰ ਮਜ਼ਬੂਤ ਕਰਨ ਲਈ ਨਾਈਟ ਡੋਮੀਨੇਸ਼ਨ ਪਲਾਨ ਸ਼ੁਰੂ ਕੀਤਾ ਗਿਆ ਹੈ। ਅੰਮ੍ਰਿਤਸਰ ਸ਼ਹਿਰ ਵਿਚ ਦਿਨ-ਰਾਤ ਦੀਆਂ ਕੁੱਲ 68 ਪੁਲਿਸ ਬੀਟਾਂ ’ਤੇ ਪੁਲਿਸ ਵਾਹਨ ਅਤੇ ਹੋਰ ਸੁਰੱਖਿਆ ਸਾਧਨ ਤਾਇਨਾਤ ਕੀਤੇ ਗਏ ਹਨ। ਦਿਨ ਅਤੇ ਰਾਤ ਦੀਆਂ ਡਿਊਟੀਆਂ ਸਮੇਤ ਲਗਭਗ 1000 ਪੁਲਿਸ ਮੁਲਾਜ਼ਮ ਹਰ ਸਮੇਂ ਸ਼ਹਿਰ ਦੀ ਸੁਰੱਖਿਆ ਲਈ ਤਾਇਨਾਤ ਰਹਿੰਦੇ ਹਨ। ਪੁਲਿਸ ਟੀਮਾਂ ਵੱਲੋਂ ਸੰਵੇਦਨਸ਼ੀਲ ਅਤੇ ਭੀੜ-ਭਾੜ ਵਾਲੇ ਇਲਾਕਿਆਂ ’ਚ ਲਗਾਤਾਰ ਗਸ਼ਤ, ਨਾਕਾਬੰਦੀ ਅਤੇ ਸ਼ੱਕੀ ਵਿਅਕਤੀਆਂ/ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨੇ ਸਪੱਸ਼ਟ ਹਦਾਇਤਾਂ ਦਿੱਤੀਆਂ ਹਨ ਕਿ ਕਾਨੂੰਨ ਦੀ ਉਲੰਘਣਾ ਕਰਨ ਵਾਲੇ ਕਿਸੇ ਵੀ ਵਿਅਕਤੀ ਨਾਲ ਕੋਈ ਰਿਆਇਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੁਲਿਸ ਦਾ ਮੁੱਖ ਮਕਸਦ ਅਪਰਾਧ ’ਤੇ ਕਾਬੂ ਪਾਉਣ ਦੇ ਨਾਲ-ਨਾਲ ਸ਼ਹਿਰ ਵਾਸੀਆਂ ਨੂੰ ਸੁਰੱਖਿਅਤ ਅਤੇ ਸ਼ਾਂਤਮਈ ਮਾਹੌਲ ਮੁਹੱਈਆ ਕਰਵਾਉਣਾ ਹੈ। ਅੰਮ੍ਰਿਤਸਰ ਪੁਲਿਸ ਵੱਲੋਂ ਆਮ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਕਾਨੂੰਨ ਅਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ, ਰਾਤ ਸਮੇਂ ਨਿਰਧਾਰਤ ਸਮੇਂ ਦੀਆਂ ਪਾਬੰਦੀਆਂ ਦਾ ਸਤਿਕਾਰ ਕਰਨ ਅਤੇ ਪੁਲਿਸ ਨੂੰ ਸ਼ਹਿਰ ਦੀ ਸੁਰੱਖਿਆ ਯਕੀਨੀ ਬਣਾਉਣ ਵਿੱਚ ਸਹਿਯੋਗ ਦੇਣ।