ਲੋਕਾਂ ਦੀਆਂ ਸ਼ਿਕਾਇਤਾਂ ਦਾ ਮੌਕੇ ’ਤੇ ਨਿਪਟਾਰਾ ਕਰਨਾ ਪੁਲਿਸ ਦੀ ਪਹਿਲ : ਐੱਸਐੱਸਪੀ ਲੋਕਾਂ ਦੀਆਂ ਸ਼ਿਕਾਇਤਾਂ ਦਾ ਮੌਕੇ ’ਤੇ ਨਿਪਟਾਰਾ ਕਰਨਾ ਪੁਲਿਸ ਦੀ ਪਹਿਲ: ਐੱਸਐੱਸਪੀ
Publish Date: Sun, 18 Oct 2026 06:10 PM (IST)
Updated Date: Sun, 18 Oct 2026 06:12 PM (IST)
ਮਨਿੰਦਰ ਸਿੰਘ ਗੋਰੀ, ਪੰਜਾਬੀ ਜਾਗਰਣ ਅੰਮ੍ਰਿਤਸਰ : ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣਨ ਅਤੇ ਉਨ੍ਹਾਂ ਦਾ ਤੁਰੰਤ ਹੱਲ ਕਰਨ ਦਿਹਾਤੀ ਪੁਲਿਸ ਨੂੰ ਨਿਰਦੇਸ਼ ਜਾਰੀ ਕੀਤੇ ਗਏ ਹਨ, ਤਾਂ ਜੋ ਆਮ ਲੋਕਾਂ ਨੂੰ ਕਿਸੇ ਵੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਪੁਲਿਸ ਅਧਿਕਾਰੀ ਤੇ ਕਰਮਚਾਰੀ ਇਨ੍ਹਾਂ ਨਿਯਮਾਂ ਦੀ ਪਾਲਣਾ ਵੀ ਕਰ ਰਹੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਐੱਸਐੱਸਪੀ ਕਵਲਪ੍ਰੀਤ ਸਿੰਘ ਚਾਹਲ ਨੇ ਪੰਜਾਬੀ ਜਾਗਰਣ ਦੀ ਟੀਮ ਨਾਲ ਗੱਲਬਾਤ ਕਰਦਿਆਂ ਕੀਤਾ। ਐੱਸਐੱਸਪੀ ਚਾਹਲ ਨੇ ਦੱਸਿਆ ਕਿ ਦਫਤਰ ਵਿਚ ਲੋਕ ਆਪਣੀਆਂ ਸ਼ਿਕਾਇਤਾਂ ਲੈ ਕੇ ਆਉਂਦੇ ਹਨ, ਇਸ ਲਈ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਹੱਲ ਕਰਵਾਉਣਾ ਉਨ੍ਹਾਂ ਦਾ ਨਿੱਜੀ ਫਰਜ਼ ਬਣਦਾ ਹੈ। ਇਸ ਲਈ ਸ਼ਿਕਾਇਤਾਂ ਨੂੰ ਗੰਭੀਰਤਾ ਨਾਲ ਸੁਣਦਿਆਂ ਸਬੰਧਤ ਮਾਮਲਿਆਂ ਵਿਚ ਲੋੜੀਂਦੀ ਕਾਰਵਾਈ ਕਰਨ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਮੌਕੇ ’ਤੇ ਹੀ ਹੱਲ ਕਰਨ ਲਈ ਕਿਹਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਲੋਕਾਂ ਦੀਆਂ ਸ਼ਿਕਾਇਤਾਂ ਦਾ ਸਮੇਂ ਸਿਰ ਨਿਪਟਾਰਾ ਕਰਨਾ, ਉਨ੍ਹਾਂ ਨੂੰ ਇਨਸਾਫ਼ ਦਿਵਾਉਣਾ ਅਤੇ ਪੁਲਿਸ ਪ੍ਰਤੀ ਲੋਕਾਂ ਦਾ ਭਰੋਸਾ ਮਜ਼ਬੂਤ ਕਰਨਾ ਅੰਮ੍ਰਿਤਸਰ ਦਿਹਾਤੀ ਪੁਲਿਸ ਦੀ ਮੁੱਖ ਤਰਜੀਹ ਹੈ। ਉਨ੍ਹਾਂ ਕਿਹਾ ਕਿ ਪੁਲਿਸ ਦਾ ਫ਼ਰਜ਼ ਹੈ ਕਿ ਹਰ ਸ਼ਿਕਾਇਤ ਨੂੰ ਧਿਆਨ ਨਾਲ ਸੁਣਿਆ ਜਾਵੇ ਅਤੇ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਯਕੀਨੀ ਬਣਾਈ ਜਾਵੇ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਆਮ ਲੋਕ ਬਿਨਾਂ ਕਿਸੇ ਝਿਜਕ ਦੇ ਆਪਣੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਪੁਲਿਸ ਦੇ ਧਿਆਨ ’ਚ ਲਿਆ ਸਕਦੇ ਹਨ। ਪੁਲਿਸ ਵੱਲੋਂ ਲੋਕਾਂ ਦੀਆਂ ਜਾਇਜ਼ ਸ਼ਿਕਾਇਤਾਂ ਦਾ ਹੱਲ ਕਰਨ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ। ਅੰਮ੍ਰਿਤਸਰ ਦਿਹਾਤੀ ਪੁਲਿਸ ਦੀ ਇਸ ਪਹਿਲ ਦਾ ਮੁੱਖ ਉਦੇਸ਼ ਲੋਕਾਂ ਅਤੇ ਪੁਲਿਸ ਵਿਚਕਾਰ ਬਿਹਤਰ ਤਾਲਮੇਲ ਸਥਾਪਤ ਕਰਨਾ, ਲੋਕਾਂ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨਾ ਅਤੇ ਇਲਾਕੇ ਵਿਚ ਅਮਨ-ਕਾਨੂੰਨ ਦੀ ਸਥਿਤੀ ਨੂੰ ਮਜ਼ਬੂਤ ਬਣਾਈ ਰੱਖਣਾ ਹੈ।