ਬੇਅਦਬੀ ਕਾਨੂੰਨ ਨੂੰ ਲੈ ਕੇ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਗ੍ਰੰਥੀਆਂ ਦੀ ਇਕੱਤਰਤਾ
ਬੇਅਦਬੀ ਕਾਨੂੰਨ ਨੂੰ ਲੈ ਕੇ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਗ੍ਰੰਥੀਆਂ ਕੀਤੀ ਇਕੱਤਰਤਾ
Publish Date: Tue, 12 May 2026 06:33 PM (IST)
Updated Date: Wed, 13 May 2026 04:07 AM (IST)

ਅੰਮ੍ਰਿਤਪਾਲ ਸਿੰਘ, ਪੰਜਾਬੀ ਜਾਗਰਣ ਅੰਮ੍ਰਿਤਸਰ : ਪੰਜਾਬ ਸਰਕਾਰ ਵੱਲੋਂ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026 ਸਬੰਧੀ ਸਿੱਖ ਕੌਮ ਵੱਲੋਂ ਕੀਤੇ ਜਾ ਰਹੇ ਇਤਰਾਜ਼ਾਂ ਨੂੰ ਲੈ ਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਤੇ ਸਮੂਹ ਸਿੰਘ ਸਾਹਿਬਾਨ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਤੇ ਵਧੀਕ ਮੁੱਖ ਗ੍ਰੰਥੀ ਨੇ ਵਿਸ਼ੇਸ਼ ਇਕੱਤਰਤਾ ਕਰ ਕੇ ਇਸ ’ਤੇ ਗੰਭੀਰ ਵਿਚਾਰ-ਵਟਾਂਦਰਾ ਕੀਤਾ। ਸਿੰਘ ਸਾਹਿਬਾਨ ਨੇ ਪੰਜਾਬ ਦੇ ਮੁੱਖ ਮੰਤਰੀ ਨੂੰ ਸੁਝਾਅ ਦਿੱਤਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਹਰ ਦੋਸ਼ੀ, ਪਾਪੀ ਨੂੰ ਸਖ਼ਤ ਸਜ਼ਾਵਾਂ ਦੇਣ ਦਾ ਕਾਨੂੰਨ ਬਿਨਾਂ ਸ਼ੱਕ ਕੌਮ ਦੇ ਹੱਕ ’ਚ ਹੈ ਪਰ ਇਸ ਦੇ ਨਾਲ ਹੀ ਸਿੱਖ ਕੌਮ ਦੀਆਂ ਮਹਾਨ ਸੰਸਥਾਵਾਂ ਤੇ ਗ੍ਰੰਥੀ ਸਿੰਘਾਂ, ਗੁਰਦੁਆਰਾ ਕਮੇਟੀਆਂ ਤੇ ਸੰਗਤ ਨੂੰ ਬੇਅਦਬੀ ਦੇ ਅਪਰਾਧ ਤੋਂ ਇਲਾਵਾ ਮਰਿਆਦਾ ਸਬੰਧੀ ਮਾਮਲਿਆਂ ’ਚ ਕਾਨੂੰਨੀ ਦਾਇਰੇ ’ਚ ਲਿਆਉਣਾ ਅਤਿ ਇਤਰਾਜ਼ਯੋਗ ਹੈ। ਸਿੰਘ ਸਾਹਿਬਾਨ ਨੇ ਪੰਜਾਬ ਸਰਕਾਰ ਤੇ ਮੁੱਖ ਮੰਤਰੀ ਨੂੰ ਇਸ ਸੰਜੀਦਾ ਮਸਲੇ ’ਤੇ ਵਿਚਾਰ-ਮੰਥਨ ਦਾ ਸੁਝਾਅ ਦਿੰਦਿਆਂ ਕਿਹਾ ਕਿ ਸਿੱਖ ਭਾਵਨਾਵਾਂ ਅਨੁਸਾਰ ਕਾਨੂੰਨ ’ਚ ਸੋਧਾਂ ਕਰਨੀਆਂ ਕੌਮ ਦੇ ਭਲੇ ’ਚ ਹੈ, ਜਿਸ ’ਤੇ ਸਰਕਾਰ ਨੂੰ ਅੜੀ ਨਹੀਂ ਕਰਨੀ ਚਾਹੀਦੀ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਮੂਹ ਸਿੰਘ ਸਾਹਿਬਾਨ ਅਤੇ ਹੈੱਡ ਗ੍ਰੰਥੀ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਪੂਰੀ ਕੌਮ ਦੇ ਗ੍ਰੰਥੀ ਸਿੰਘਾਂ ਵੱਲੋਂ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਗ੍ਰੰਥੀ ਸਿੰਘ ਕੌਮ ਦੀ ਰੀੜ੍ਹ ਦੀ ਹੱਡੀ ਵਾਂਗ ਹਨ, ਜਿਨ੍ਹਾਂ ਨੂੰ ਕਿਸੇ ਵੀ ਕਾਨੂੰਨ ਨਾਲ ਭੈਅ-ਭੀਤ ਨਹੀਂ ਕਰਨਾ ਚਾਹੀਦਾ, ਸਗੋਂ ਅਜਿਹਾ ਕਾਨੂੰਨ ਹੋਣਾ ਚਾਹੀਦਾ ਹੈ, ਜਿਸ ਨੂੰ ਪ੍ਰਚਾਰਨ ਤੇ ਪਾਲਣਾ ਲਈ ਗ੍ਰੰਥੀ ਸਿੰਘ ਸਾਹਿਬਾਨ ਇਸ ਦੀ ਪ੍ਰੋੜ੍ਹਤਾ ਕਰਨ। ਇਸ ਲਈ ਮੁੱਖ ਮੰਤਰੀ ਤੁਰੰਤ ਇਸ ਕਾਨੂੰਨ ਵਿਚੋਂ ਗ੍ਰੰਥੀ ਸ਼੍ਰੇਣੀ, ਸਿੱਖ ਸੰਸਥਾਵਾਂ, ਗੁਰਦੁਆਰਾ ਕਮੇਟੀਆਂ ਤੇ ਸੰਗਤ ਵਿਰੁੱਧ ਜਾਂਦੀਆਂ ਮੱਦਾਂ ਖ਼ਤਮ ਕਰਨ ਦੀ ਪਹਿਲਕਦਮੀ ਕਰਨ। ਇਸ ਇਕੱਤਰਤਾ ’ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ, ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ, ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ, ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ, ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ, ਸਿੰਘ ਸਾਹਿਬ ਗਿਆਨੀ ਪਰਵਿੰਦਰਪਾਲ ਸਿੰਘ, ਸਿੰਘ ਸਾਹਿਬ ਗਿਆਨੀ ਕੇਵਲ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਗੁਰਮੁਖ ਸਿੰਘ, ਐਡੀਸ਼ਨਲ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਮਲਕੀਤ ਸਿੰਘ ਮੌਜੂਦ ਸਨ।