2027 ’ਚ ਵੱਡੇ ਬਹੁਮਤ ਨਾਲ ਮੁੜ ਬਣੇਗੀ ‘ਆਪ’ ਸਰਕਾਰ : ਗੁਰਪ੍ਰਤਾਪ ਸਿੰਘ ਮੀਆਂਵਿੰਡ ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਅੰਮ੍ਰਿਤਸਰ : ਆਮ ਆਦਮੀ ਪਾਰਟੀ-ਅੰਮ੍ਰਿਤਸਰ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਚੇਅਰਮੈਨ, ਜ਼ਿਲ੍ਹਾ ਯੋਜਨਾ ਕਮੇਟੀ ਗੁਰਪ੍ਰਤਾਪ ਸਿੰਘ ਮੀਆਂਵਿੰਡ ਵੱਲੋਂ ਪੰਜਾਬ ਮਾਮਲਿਆਂ ਦੇ ਇੰਚਾਰਜ ਮਨੀਸ਼ ਸਿਸੋਦੀਆ ਨਾਲ ਮੁਲਾਕਾਤ ਕੀਤੀ
Publish Date: Wed, 16 Sep 2026 04:52 PM (IST)
Updated Date: Wed, 16 Sep 2026 04:53 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਅੰਮ੍ਰਿਤਸਰ : ਆਮ ਆਦਮੀ ਪਾਰਟੀ-ਅੰਮ੍ਰਿਤਸਰ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਚੇਅਰਮੈਨ, ਜ਼ਿਲ੍ਹਾ ਯੋਜਨਾ ਕਮੇਟੀ ਗੁਰਪ੍ਰਤਾਪ ਸਿੰਘ ਮੀਆਂਵਿੰਡ ਵੱਲੋਂ ਪੰਜਾਬ ਮਾਮਲਿਆਂ ਦੇ ਇੰਚਾਰਜ ਮਨੀਸ਼ ਸਿਸੋਦੀਆ ਨਾਲ ਮੁਲਾਕਾਤ ਕੀਤੀ ਗਈ। ਇਸ ਦੌਰਾਨ ਪੰਜਾਬ ਦੇ ਮੌਜੂਦਾ ਸਿਆਸੀ ਹਾਲਾਤ, ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਗੁਰਪ੍ਰਤਾਪ ਸਿੰਘ ਮੀਆਂਵਿੰਡ ਨੇ ਕਿਹਾ ਕਿ ਆਮ ਆਦਮੀ ਪਾਰਟੀ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਪਾਰਟੀ ਵੱਲੋਂ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦਿਆਂ ਅਤੇ ਕੀਤੇ ਗਏ ਕੰਮਾਂ ਨੂੰ ਲੈ ਕੇ ਲੋਕਾਂ ਵਿੱਚ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ, ਸਿਹਤ, ਬਿਜਲੀ, ਰੋਜ਼ਗਾਰ, ਖੇਡਾਂ ਅਤੇ ਬੁਨਿਆਦੀ ਢਾਂਚੇ ਸਮੇਤ ਵੱਖ-ਵੱਖ ਖੇਤਰਾਂ ਵਿੱਚ ਕੀਤੇ ਜਾ ਰਹੇ ਕੰਮਾਂ ਨੂੰ ਲੋਕਾਂ ਤੱਕ ਪਹੁੰਚਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ 2022 ਵਿਚ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦੇ ਲੋਕਾਂ ਨੂੰ ਦਿੱਤੀਆਂ ਗਾਰੰਟੀਆਂ ਵਿੱਚੋਂ ਕੀਤੇ ਗਏ ਕੰਮਾਂ ਨੂੰ ਲੈ ਕੇ ਹੀ ਪਾਰਟੀ ਹੁਣ ਲੋਕਾਂ ਦੀ ਕਚਹਿਰੀ ਵਿੱਚ ਜਾ ਰਹੀ ਹੈ। ਉਨ੍ਹਾਂ ਅਨੁਸਾਰ ਸਰਕਾਰ ਦੀ ਕਾਰਗੁਜ਼ਾਰੀ ਅਤੇ ਲੋਕਾਂ ਨਾਲ ਸਿੱਧੇ ਸੰਪਰਕ ਨੂੰ ਹੋਰ ਮਜ਼ਬੂਤ ਕਰਨਾ ਪਾਰਟੀ ਦੀਆਂ ਮੁੱਖ ਤਰਜੀਹਾਂ ਵਿੱਚੋਂ ਇਕ ਹੈ। ਮੀਆਂਵਿੰਡ ਨੇ ਕਿਹਾ ਕਿ ਪਾਰਟੀ ਵਰਕਰਾਂ ਨਾਲ ਲਗਾਤਾਰ ਮੀਟਿੰਗਾਂ ਕਰਕੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ। ਪਿੰਡਾਂ ਅਤੇ ਸ਼ਹਿਰਾਂ ਵਿਚ ਲੋਕਾਂ ਨਾਲ ਰਾਬਤਾ ਵਧਾਇਆ ਜਾ ਰਿਹਾ ਹੈ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਰਕਾਰ ਤੱਕ ਪਹੁੰਚਾਉਣ ਲਈ ਪਾਰਟੀ ਦਾ ਜ਼ਮੀਨੀ ਨੈੱਟਵਰਕ ਸਰਗਰਮ ਹੈ।ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਦੀ ਰਾਜਨੀਤੀ ਵਿੱਚ ਆਮ ਲੋਕਾਂ ਦੇ ਮੁੱਦਿਆਂ ਨੂੰ ਕੇਂਦਰ ਵਿੱਚ ਲਿਆਉਣ ਦਾ ਕੰਮ ਕੀਤਾ ਹੈ। ਇਸ ਲਈ ਪਾਰਟੀ ਆਉਣ ਵਾਲੇ ਸਮੇਂ ਵਿੱਚ ਵੀ ਲੋਕਾਂ ਨਾਲ ਕੀਤੇ ਕੰਮਾਂ ਅਤੇ ਆਪਣੀਆਂ ਨੀਤੀਆਂ ਦੇ ਆਧਾਰ ’ਤੇ ਜਨਤਾ ਵਿਚ ਜਾਵੇਗੀ। ਅੰਤ ਵਿਚ ਗੁਰਪ੍ਰਤਾਪ ਸਿੰਘ ਮੀਆਂਵਿੰਡ ਨੇ ਕਿਹਾ ਕਿ ਪਾਰਟੀ ਦੀ ਮਜ਼ਬੂਤ ਜਥੇਬੰਦਕ ਤਿਆਰੀ, ਸਰਕਾਰ ਦੇ ਕੰਮਾਂ ਅਤੇ ਵਰਕਰਾਂ ਦੀ ਮਿਹਨਤ ਸਦਕਾ 2027 ਵਿਚ ਆਮ ਆਦਮੀ ਪਾਰਟੀ ਵੱਡੇ ਬਹੁਮਤ ਨਾਲ ਮੁੜ ਸਰਕਾਰ ਬਣਾਏਗੀ।