- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
CM Bhagwant Mann ਤੇ AAP ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਅਗਵਾਈ 'ਚ ਹੋਈ ਮੀਟਿੰਗ 'ਚ ਪਹੁੰਚੇ ਵਿਧਾਇਕਾਂ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖਾਂ ਲਈ ਸਰਬਉੱਚ ਹੈ ਤੇ ਹੋਏ ਆਦੇਸ਼ ਦੀ ਪਾਲਣਾ ਕਰਦੇ ਹੋਏ ਉਹ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਜਥੇਦਾਰ ਵੱਲੋਂ ਸੱਦੇ ਅਨੁਸਾਰ ਕੱਲ੍ਹ 29 ਜੂਨ ਨੂੰ ਜ਼ਰੂਰ ਜਾਣਗੇ।

ਅੰਮ੍ਰਿਤਪਾਲ ਸਿੰਘ, ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਸੋਮਵਾਰ ਨੂੰ ਤਜਵੀਜ਼ਸ਼ੁਦਾ ਪੇਸ਼ੀ ਤੋਂ ਇਕ ਦਿਨ ਪਹਿਲਾਂ ਆਮ ਆਦਮੀ ਪਾਰਟੀ (AAP) ਦੀ ਸਵੇਰੇ ਅੰਮ੍ਰਿਤਸਰ ਦੇ ਸਰਕਟ ਹਾਊਸ 'ਚ ਆਪਣੇ ਸਾਰੇ ਵਿਧਾਇਕਾਂ ਤੇ ਮੰਤਰੀਆਂ ਦੀ ਵਿਸ਼ੇਸ਼ ਬੈਠਕ ਹੋਈ। ਮੁੱਖ ਮੰਤਰੀ ਭਗਵੰਤ ਮਾਨ ਤੇ 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਅਗਵਾਈ 'ਚ ਹੋਈ ਮੀਟਿੰਗ 'ਚ ਪਹੁੰਚੇ ਵਿਧਾਇਕਾਂ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖਾਂ ਲਈ ਸਰਬਉੱਚ ਹੈ ਤੇ ਹੋਏ ਆਦੇਸ਼ ਦੀ ਪਾਲਣਾ ਕਰਦੇ ਹੋਏ ਉਹ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਜਥੇਦਾਰ ਵੱਲੋਂ ਸੱਦੇ ਅਨੁਸਾਰ ਕੱਲ੍ਹ 29 ਜੂਨ ਨੂੰ ਜ਼ਰੂਰ ਜਾਣਗੇ।
ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਇਕ ਅਹਿਮ ਪ੍ਰੈਸ ਕਾਨਫਰੰਸ ਕੀਤੀ ਜਾ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਅਕਾਲ ਤਖ਼ਤ ਸਾਹਿਬ ਦੀ ਸਰਬਉੱਚਤਾ ਦਾ ਸਤਿਕਾਰ ਕਰਦਿਆਂ ਪਾਰਟੀ ਦੇ ਸਾਰੇ ਵਿਧਾਇਕ ਤੇ ਮੰਤਰੀ ਤੈਅ ਸਮੇਂ 'ਤੇ ਉੱਥੇ ਹਾਜ਼ਰ ਹੋਣਗੇ ਤੇ ਮੰਗਿਆ ਗਿਆ ਲਿਖਤੀ ਜਵਾਬ ਵੀ ਸੌਂਪਣਗੇ। ਉਨ੍ਹਾਂ ਕਿਹਾ ਕਿ ਅਕਾਲ ਤਖ਼ਤ ਸਾਹਿਬ ਵੱਲੋਂ ਜਿਨ੍ਹਾਂ ਮੰਤਰੀਆਂ ਤੇ ਵਿਧਾਇਕਾਂ ਨੂੰ ਬੁਲਾਇਆ ਗਿਆ ਹੈ, ਉਹ ਸਾਰੇ ਉੱਥੇ ਜਾ ਕੇ ਆਪਣਾ ਪੱਖ ਰੱਖਣਗੇ। ਉਨ੍ਹਾਂ ਦੱਸਿਆ ਕਿ ਕੁਝ ਮੰਤਰੀਆਂ ਤੋਂ ਲਿਖਤੀ ਜਵਾਬ ਮੰਗਿਆ ਗਿਆ ਹੈ ਜਿਸ ਨੂੰ ਉਹ ਲਿਖਤੀ ਰੂਪ 'ਚ ਦੇਣਗੇ। ਮਾਨ ਨੇ ਕਿਹਾ ਕਿ ਉਹ ਖ਼ੁਦ ਤਲਬ ਨਹੀਂ ਕੀਤੇ ਗਏ ਹਨ, ਇਸ ਲਈ ਸਰਕਾਰ ਦਾ ਪੱਖ ਮੰਤਰੀ ਤੇ ਵਿਧਾਇਕ ਰੱਖਣਗੇ। ਇਸ ਦੌਰਾਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੀ ਉਨ੍ਹਾਂ ਦੇ ਨਾਲ ਰਹਿਣਗੇ।
ਮੁੱਖ ਮੰਤਰੀ ਨੇ ਕਥਿਤ ਵਾਇਰਲ ਵੀਡੀਓ ਦਾ ਜ਼ਿਕਰ ਕਰਦਿਆਂ ਕਿਹਾ ਕਿ ਜਿਸ ਵੀਡੀਓ ਨੂੰ ਆਧਾਰ ਬਣਾਇਆ ਜਾ ਰਿਹਾ ਹੈ, ਉਹ ਫਰਜ਼ੀ ਹੈ ਅਤੇ ਉਸ ਵਿਚ ਮਾਸਕ ਲਗਾ ਕੇ ਵੀਡੀਓ ਤਿਆਰ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਪੂਰਾ ਪੱਤਰ ਤੇ ਵੀਡੀਓ ਅਕਾਲ ਤਖ਼ਤ ਸਾਹਿਬ ਨੂੰ ਭੇਜੀ ਜਾਵੇਗੀ। ਮਾਨ ਨੇ ਕਿਹਾ ਕਿ ਉਹ ਕਦੇ ਵੀ ਅਕਾਲ ਤਖ਼ਤ ਸਾਹਿਬ ਨਾਲ ਟਕਰਾਅ ਦੀ ਸੋਚ ਨਹੀਂ ਸਕਦੇ ਅਤੇ ਜੋ ਵੀ ਫ਼ੈਸਲਾ ਆਵੇਗਾ, ਉਸ ਦਾ ਸਤਿਕਾਰ ਕਰਨਗੇ।
ਮਾਨ ਨੇ ਦੋਸ਼ ਲਾਇਆ ਕਿ ਕੁਝ ਥਾਵਾਂ 'ਤੇ ਗੁਰਦੁਆਰਿਆਂ ਦੇ ਬਾਹਰ ਉਨ੍ਹਾਂ ਦੇ ਖ਼ਿਲਾਫ਼ ਬੋਰਡ ਲਗਾਏ ਜਾ ਰਹੇ ਹਨ ਅਤੇ ਇਸ ਨੂੰ ਅਕਾਲ ਤਖ਼ਤ ਦੇ ਆਦੇਸ਼ ਦੇ ਨਾਮ 'ਤੇ ਪ੍ਰਚਾਰਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਦੋਂ ਸਾਬਕਾ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਸਜ਼ਾ ਸੁਣਾਈ ਗਈ ਸੀ, ਉਦੋਂ ਅਜਿਹਾ ਮਾਹੌਲ ਨਹੀਂ ਬਣਾਇਆ ਗਿਆ। ਉਨ੍ਹਾਂ ਕਿਹਾ ਕਿ ਪੰਥਕ ਇਕੱਠ ਬੁਲਾਉਣਾ SGPC ਦਾ ਅਧਿਕਾਰ ਹੈ ਅਤੇ ਉਹ ਜਦੋਂ ਚਾਹੇ ਅਜਿਹਾ ਕਰ ਸਕਦੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸਿੱਖ ਧਰਮ 'ਚ ਸਭ ਤੋਂ ਵੱਡਾ ਸਤਿਕਾਰ ਸੰਗਤ ਨੂੰ ਦਿੱਤਾ ਗਿਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਕਈ ਵਾਰ ਐਸਜੀਪੀਸੀ ਦੇ ਗੁਰਦੁਆਰਿਆਂ 'ਚ ਉਨ੍ਹਾਂ ਖ਼ਿਲਾਫ਼ ਬੋਰਡ ਲਗਾਏ ਗਏ, ਪਰ ਉੱਥੇ ਆਉਣ ਵਾਲੇ ਲੋਕਾਂ ਨੇ ਉਨ੍ਹਾਂ ਨੂੰ ਸਤਿਕਾਰ ਵੀ ਦਿੱਤਾ। ਉਨ੍ਹਾਂ ਮਹਾਰਾਸ਼ਟਰ ਦੀ ਸਿਆਸਤ ਦਾ ਜ਼ਿਕਰ ਕਰਦਿਆਂ ਭਾਜਪਾ 'ਤੇ ਧਰਮ ਦੇ ਸਿਆਸੀਕਰਨ ਦਾ ਦੋਸ਼ ਲਾਇਆ।
ਇਸ ਦੌਰਾਨ ਅਰਵਿੰਦ ਕੇਜਰੀਵਾਲ ਨੇ ਅੰਮ੍ਰਿਤਸਰ 'ਚ ਭਗਵਾਨ ਲਵ-ਕੁਸ਼ ਅਤੇ ਮਾਤਾ ਜਾਨਕੀ ਦੇ ਨਾਂ 'ਤੇ ਇੱਕ ਵਿਸ਼ਾਲ ਮੰਦਰ ਦੇ ਨਿਰਮਾਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਦੁਨੀਆ ਦੀ ਸਭ ਤੋਂ ਪਵਿੱਤਰ ਧਰਤੀ ਹੈ, ਜਿੱਥੇ ਸਾਰੇ ਧਰਮਾਂ ਦੇ ਲੋਕ ਤੇ ਸੰਸਥਾਵਾਂ ਮੌਜੂਦ ਹਨ। ਮੰਦਰ ਨਿਰਮਾਣ ਦੀ ਰੂਪਰੇਖਾ ਤੇ ਹੋਰ ਵੇਰਵੇ ਬਾਅਦ ਵਿੱਚ ਸਾਂਝੇ ਕੀਤੇ ਜਾਣਗੇ। ਕੇਜਰੀਵਾਲ ਨੇ ਰਾਮ ਮੰਦਰ ਚੰਦਾ ਚੋਰੀ ਮਾਮਲੇ ਦਾ ਮੁੱਦਾ ਵੀ ਉਠਾਇਆ। ਉਨ੍ਹਾਂ ਦੋਸ਼ ਲਾਇਆ ਕਿ ਇਸ ਮਾਮਲੇ 'ਚ ਸਿਰਫ਼ ਛੋਟੇ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ, ਜਦਕਿ ਵੱਡੇ ਜ਼ਿੰਮੇਵਾਰ ਲੋਕਾਂ ਤਕ ਜਾਂਚ ਨਹੀਂ ਪਹੁੰਚੀ। ਉਨ੍ਹਾਂ ਕਿਹਾ ਕਿ ਪੂਰੇ ਮਾਮਲੇ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ ਤਾਂ ਜੋ ਸੱਚਾਈ ਸਾਹਮਣੇ ਆ ਸਕੇ।
ਇੱਥੇ ਇਹ ਵੀ ਦੱਸਣਯੋਗ ਹੈ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ 15 ਜੂਨ ਨੂੰ ਪੰਜ ਸਿੰਘ ਸਾਹਿਬਾਨ ਨੇ ਇਕੱਤਰਤਾ ਕਰਨ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫਸੀਲ ਤੋਂ 13 ਅਪ੍ਰੈਲ ਨੂੰ ਵਿਧਾਨ ਸਭਾ 'ਚ ਪਾਸ ਕੀਤੇ ਬੇਅਦਬੀ ਕਾਨੂੰਨ ਨੂੰ ਲੈ ਕੇ ਸਿੱਖ ਵਿਧਾਇਕਾਂ ਅਤੇ ਕੈਬਨਿਟ ਮੰਤਰੀਆਂ ਨੂੰ 29 ਜੂਨ ਨੂੰ ਪੱਖ ਰੱਖਣ ਲਈ ਪੇਸ਼ ਹੋਣ ਲਈ ਕਿਹਾ ਸੀ। ਜਿੱਥੇ ਪਹਿਲਾਂ ਹੀ ਕਾਂਗਰਸ, ਭਾਰਤੀ ਜਨਤਾ ਪਾਰਟੀ, ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਪੇਸ਼ ਹੋਣ ਲਈ ਰਾਜ਼ੀ ਸਨ, ਉੱਥੇ ਹੀ ਹੁਣ ਆਮ ਆਦਮੀ ਪਾਰਟੀ ਦੇ ਵਿਧਾਇਕ ਵੀ ਜਥੇਦਾਰ ਵੱਲੋਂ ਸਕੱਤਰੇਤ ਵਿਖੇ ਆਪਣਾ ਪੱਖ ਰੱਖਣ ਲਈ ਜਾਣਗੇ।