ਅੰਮ੍ਰਿਤਸਰ ’ਚ 11 ਅਕਤੂਬਰ ਨੂੰ ‘ਆਪ’ ਕਰਵਾਏਗੀ ਪੰਜਾਬ ਯੂਥ ਰਨ ਅਮਨਦੀਪ ਸਿੰਘ, ਪੰਜਾਬੀ ਜਾਗਰਣ ਅੰਮ੍ਰਿਤਸਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ‘ਰੰਗਲਾ ਪੰਜਾਬ’ ਬਣਾਉਣ ਅਤੇ ਸੂਬੇ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਕੇ ਖੇਡਾਂ, ਸਿਹਤਮੰਦ ਜੀਵਨ ਅਤੇ ਉਸਾਰੂ
Publish Date: Tue, 06 Oct 2026 04:31 PM (IST)
Updated Date: Tue, 06 Oct 2026 04:32 PM (IST)
ਅਮਨਦੀਪ ਸਿੰਘ, ਪੰਜਾਬੀ ਜਾਗਰਣ ਅੰਮ੍ਰਿਤਸਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ‘ਰੰਗਲਾ ਪੰਜਾਬ’ ਬਣਾਉਣ ਅਤੇ ਸੂਬੇ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਕੇ ਖੇਡਾਂ, ਸਿਹਤਮੰਦ ਜੀਵਨ ਅਤੇ ਉਸਾਰੂ ਗਤੀਵਿਧੀਆਂ ਨਾਲ ਜੋੜਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਮੁਹਿੰਮ ਤਹਿਤ ਆਮ ਆਦਮੀ ਪਾਰਟੀ ਵੱਲੋਂ ਪੂਰੇ ਪੰਜਾਬ ਵਿੱਚ ਪੰਜਾਬ ਯੂਥ ਰਨ ਕਰਵਾਈਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ 11 ਅਕਤੂਬਰ ਨੂੰ ਅੰਮ੍ਰਿਤਸਰ ਵਿੱਚ ਪੰਜਾਬ ਯੂਥ ਰਨ ਕਰਵਾਈ ਜਾਵੇਗੀ। ਇਸ ਰਨ ਰਾਹੀਂ ਨੌਜਵਾਨਾਂ ਨੂੰ ਸਪੱਸ਼ਟ ਸੁਨੇਹਾ ਦਿੱਤਾ ਜਾਵੇਗਾ ਕਿ ਨਸ਼ਿਆਂ ਤੋਂ ਦੂਰ ਰਹੋ, ਖੇਡਾਂ ਨਾਲ ਜੁੜੋ ਅਤੇ ਪੰਜਾਬ ਦੀ ਤਰੱਕੀ ਵਿੱਚ ਆਪਣਾ ਯੋਗਦਾਨ ਪਾਓ। ਪਾਰਟੀ ਆਗੂਆਂ ਨੇ ਕਿਹਾ ਕਿ ਪੰਜਾਬ ਦੀ ਅਸਲ ਤਾਕਤ ਸੂਬੇ ਦੇ ਨੌਜਵਾਨ ਹਨ ਅਤੇ ਨੌਜਵਾਨਾਂ ਦੀ ਊਰਜਾ ਨੂੰ ਸਹੀ ਦਿਸ਼ਾ ਦੇ ਕੇ ਹੀ ਪੰਜਾਬ ਨੂੰ ਤਰੱਕੀ ਦੀਆਂ ਨਵੀਆਂ ਬੁਲੰਦੀਆਂ ’ਤੇ ਲਿਜਾਇਆ ਜਾ ਸਕਦਾ ਹੈ। ਪੰਜਾਬ ਯੂਥ ਰਨ ਨੌਜਵਾਨਾਂ ਵਿੱਚ ਫਿਟਨੈੱਸ, ਖੇਡਾਂ ਅਤੇ ਨਸ਼ਾ ਵਿਰੋਧੀ ਜਾਗਰੂਕਤਾ ਨੂੰ ਉਤਸ਼ਾਹਿਤ ਕਰਨ ਦਾ ਇੱਕ ਮਹੱਤਵਪੂਰਨ ਉਪਰਾਲਾ ਹੈ। ਅੰਮ੍ਰਿਤਸਰ ਵਿੱਚ ਹੋਣ ਵਾਲੀ ਪੰਜਾਬ ਯੂਥ ਰਨ ਲਈ ਰਜਿਸਟਰੇਸ਼ਨ ਪੋਸਟਰ ਰਿਲੀਜ਼ ਕੀਤਾ ਗਿਆ। ਰਨ ਵਿੱਚ ਹਿੱਸਾ ਲੈਣ ਦੇ ਚਾਹਵਾਨ ਨੌਜਵਾਨ ਪੋਸਟਰ ’ਤੇ ਦਿੱਤੇ ਥ੍ਰ ਕੋਡ ਨੂੰ ਸਕੈਨ ਕਰਕੇ ਆਸਾਨੀ ਨਾਲ ਆਪਣੀ ਰਜਿਸਟਰੇਸ਼ਨ ਕਰਵਾ ਸਕਦੇ ਹਨ। ਪਾਰਟੀ ਵੱਲੋਂ ਅੰਮ੍ਰਿਤਸਰ ਦੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਇਸ ਮੁਹਿੰਮ ਦਾ ਹਿੱਸਾ ਬਣਨ ਦੀ ਅਪੀਲ ਕੀਤੀ ਗਈ। ਇਸ ਮੌਕੇ ਪੰਜਾਬ ਯੂਥ ਵਿੰਗ ਦੇ ਮੀਤ ਪ੍ਰਧਾਨ ਬੀਰ ਦਵਿੰਦਰ ਸਿੰਘ, ਲੋਕ ਸਭਾ ਇੰਚਾਰਜ ਜਰਨੈਲ ਸਿੰਘ ਢੋਟ, ਚੇਅਰਮੈਨ ਪ੍ਰਭਬੀਰ ਸਿੰਘ ਬਰਾੜ, ਜ਼ਿਲ੍ਹਾ ਪ੍ਰਧਾਨ ਸਰਬਜੋਤ ਸਿੰਘ ਧੰਜਲ, ਗੁਰਪ੍ਰਤਾਪ ਸਿੰਘ, ਅੰਗਦ ਸੋਹਲ ਅਤੇ ਮਨਦੀਪ ਸਿੰਘ ਨੇ ਪੰਜਾਬ ਯੂਥ ਰਨ ਦੀਆਂ ਤਿਆਰੀਆਂ ਸਬੰਧੀ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਯੂਥ ਵਿੰਗ ਤੋਂ ਯੁਗਰਾਜ ਬੱਲ, ਦਿਨੇਸ਼ ਕਸ਼ਿਅਪ, ਲਾਲੀ ਖਰੜ, ਸੰਦੀਪ ਸਿੰਘ, ਸੁਖਬੀਰ ਕੌਰ ਅਤੇ ਗੁਰਪ੍ਰੀਤ ਸਿੰਘ ਗੋਪੀ ਵੀ ਹਾਜ਼ਰ ਸਨ।