ਸਟਾਫ ਰਿਪੋਰਟਰ, ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਾਕਿਸਤਾਨ ਦੇ ਜ਼ਿਲ੍ਹਾ ਨਨਕਾਣਾ ਸਾਹਿਬ ’ਚ ਦੋ ਸਿੱਖ ਭਰਾਵਾਂ ਦੇ ਕੇਸਾਂ ਦੀ ਬੇਅਦਬੀ ਕਰਨ ਦੀ ਸਖ਼ਤ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਪਾਕਿਸਤਾਨ ’ਚ ਪਿਛਲੇ ਸਮੇਂ ਦੌਰਾਨ ਕਈ ਵਾਰ ਸਿੱਖਾਂ ’ਤੇ ਹਮਲੇ ਹੋ ਚੁੱਕੇ ਹਨ ਪਰ ਪੁਲਿਸ ਵੱਲੋਂ ਦੋਸ਼ੀਆਂ ਖ਼ਿਲਾਫ਼ ਬਣਦੀ ਕਾਰਵਾਈ ਨਹੀਂ ਕੀਤੀ ਜਾਂਦੀ। ਉਨ੍ਹਾਂ ਕਿਹਾ ਕਿ ਤਾਜ਼ਾ ਮਾਮਲੇ ’ਚ ਵੀ ਪੁਲਿਸ ਵੱਲੋਂ ਕਿਸੇ ਵੀ ਦੋਸ਼ੀ ਨੂੰ ਗ੍ਰਿਫਤਾਰ ਨਹੀਂ ਕੀਤਾ ਗਿਆ, ਬਲਕਿ ਸਿੱਖਾਂ ’ਤੇ ਦਬਾਅ ਬਣਾਇਆ ਜਾ ਰਿਹਾ ਹੈ। ਐਡਵੋਕੇਟ ਧਾਮੀ ਨੇ ਪਾਕਿਸਤਾਨ ਸਰਕਾਰ ਤੋਂ ਮੰਗ ਕੀਤੀ ਕਿ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਦੋਸ਼ੀਆਂ ਵਿਰੁੱਧ ਤੁਰੰਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਭਾਰਤ ਸਰਕਾਰ ਨੂੰ ਵੀ ਅਪੀਲ ਕੀਤੀ ਕਿ ਉਹ ਕੂਟਨੀਤਕ ਪੱਧਰ ’ਤੇ ਪਾਕਿਸਤਾਨ ਸਰਕਾਰ ਨਾਲ ਗੱਲ ਕਰ ਕੇ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਉਣ।

Posted By: Jagjit Singh