ਪੰਜਾਬੀ ਯੂਨੀਵਰਸਿਟੀ ’ਚ ਵਿਦਿਆਰਥੀਆਂ ’ਤੇ ਲਾਠੀਚਾਰਜ ਕਰਨ ਤੇ ਦਸਤਾਰਾਂ ਉਤਾਰਨ ਦੀ ਐਡਵੋਕੇਟ ਧਾਮੀ ਨੇ ਕੀਤੀ ਨਿਖੇਧੀ
ਪ੍ਰਧਾਨ ਨੇ ਕਿਹਾ ਕਿ ਯੂਨੀਵਰਸਿਟੀ ਦੇ ਵਿਦਿਆਰਥੀ ਸਿੱਖ ਭਾਵਨਾਵਾਂ ਨੂੰ ਲੈ ਕੇ ਲਗਾਤਾਰ ਮੰਗ ਕਰ ਰਹੇ ਸਨ, ਜਿਸ ਨੂੰ ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਅਣਸੁਣਿਆ ਕੀਤਾ ਗਿਆ ਅਤੇ ਪੁਲਿਸ ਦੁਆਰਾ ਲਾਠੀਚਾਰਜ ਕਰਕੇ ਵਿਦਿਆਰਥੀਆਂ ਦੀ ਆਵਾਜ਼ ਨੂੰ ਦਬਾਉਣ ਦਾ ਯਤਨ ਕੀਤਾ।
Publish Date: Tue, 10 Mar 2026 10:06 AM (IST)
Updated Date: Tue, 10 Mar 2026 10:09 AM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਚੰਡੀਗੜ੍ਹ ਪੁਲਿਸ ਵੱਲੋਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਵਿਦਿਆਰਥੀਆਂ ’ਤੇ ਲਾਠੀਚਾਰਜ ਕਰਨ ਅਤੇ ਦਸਤਾਰਾਂ ਉਤਾਰੇ ਜਾਣ ਦੀ ਸਖਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ।
ਐਡਵੋਕੇਟ ਧਾਮੀ ਨੇ ਕਿਹਾ ਕਿ ਦਸਤਾਰ ਸਿੱਖ ਦੇ ਜੀਵਨ ਦਾ ਅਹਿਮ ਅੰਗ ਹੈ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਜ਼ੋਰ ਦਾ ਪ੍ਰਯੋਗ ਕਰਦਿਆਂ ਵਿਦਿਆਰਥੀਆਂ ਦੀਆਂ ਦਸਤਾਰਾਂ ਉਤਾਰੇ ਜਾਣਾ ਸਿੱਖ ਭਾਵਨਾਵਾਂ ਅਤੇ ਸਿੱਖੀ ਦੇ ਗੌਰਵ ਦਾ ਨਿਰਾਦਰ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦਾ ਸ਼ਾਂਤਮਈ ਤਰੀਕੇ ਨਾਲ ਆਪਣੀ ਗੱਲ ਰੱਖਣਾ ਹੱਕ ਹੈ, ਜਿਸ ’ਤੇ ਕਿਸੇ ਤਰ੍ਹਾਂ ਦੀ ਰੋਕ ਲਗਾਉਣੀ ਪ੍ਰਸ਼ਾਸਨ ਦੀ ਧੱਕੇਸ਼ਾਹੀ ਹੈ।
ਪ੍ਰਧਾਨ ਨੇ ਕਿਹਾ ਕਿ ਯੂਨੀਵਰਸਿਟੀ ਦੇ ਵਿਦਿਆਰਥੀ ਸਿੱਖ ਭਾਵਨਾਵਾਂ ਨੂੰ ਲੈ ਕੇ ਲਗਾਤਾਰ ਮੰਗ ਕਰ ਰਹੇ ਸਨ, ਜਿਸ ਨੂੰ ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਅਣਸੁਣਿਆ ਕੀਤਾ ਗਿਆ ਅਤੇ ਪੁਲਿਸ ਦੁਆਰਾ ਲਾਠੀਚਾਰਜ ਕਰਕੇ ਵਿਦਿਆਰਥੀਆਂ ਦੀ ਆਵਾਜ਼ ਨੂੰ ਦਬਾਉਣ ਦਾ ਯਤਨ ਕੀਤਾ।
ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖਾਂ ਨਾਲ ਅਜਿਹੀਆਂ ਘਟਨਾਵਾਂ ਦਾ ਵਾਪਰਨਾ ਵੱਡੀ ਚਿੰਤਾ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਵਿਕਾਸ ਵਿਚ ਵੱਡਾ ਯੋਗਦਾਨ ਪਾਉਣ ਵਾਲੇ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਨਾ ਪ੍ਰਸ਼ਾਸਨ ਦੀ ਵੀ ਜ਼ਿੰਮੇਵਾਰੀ ਹੈ। ਉਨ੍ਹਾਂ ਸਿੱਖ ਨੌਜਵਾਨਾਂ ਦੀਆਂ ਦਸਤਾਰਾਂ ਉਤਾਰਨ ਵਾਲੇ ਦੋਸ਼ੀ ਮੁਲਾਜ਼ਮਾਂ ਖਿਲਾਫ ਸਖਤ ਕਾਰਵਾਈ ਦੀ ਮੰਗ ਕਰਦਿਆਂ ਕਿਹਾ ਕਿ ਸਿੱਖ ਦੀ ਦਸਤਾਰ ਦਾ ਨਿਰਾਦਰ ਕਰਨ ਵਾਲੇ ਕਿਸੇ ਵੀ ਦੋਸ਼ੀ ਨੂੰ ਬਖ਼ਸ਼ਿਆ ਨਹੀਂ ਜਾਣਾ ਚਾਹੀਦਾ।