ਯੂਪੀ ’ਚ ਅੰਮ੍ਰਿਤਧਾਰੀ ਸਿੱਖ ਵਿਦਿਆਰਥੀ ਨੂੰ ਕਕਾਰ ਪਾ ਕੇ ਪ੍ਰੀਖਿਆ ਦੇਣ ਤੋਂ ਰੋਕਣ ਦੀ ਐਡਵੋਕੇਟ ਧਾਮੀ ਵੱਲੋਂ ਸਖ਼ਤ ਨਿੰਦਾ
ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ ਪ੍ਰੈੱਸ ਬਿਆਨ ’ਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਹ ਸਿੱਖ ਭਾਵਨਾਵਾਂ ਨਾਲ ਜੁੜਿਆ ਹੋਇਆ ਬੇਹੱਦ ਗੰਭੀਰ ਮਾਮਲਾ ਹੈ, ਜਿਸ ਦੀ ਉੱਤਰ ਪ੍ਰਦੇਸ਼ ਸਰਕਾਰ ਨੂੰ ਜਾਂਚ ਕਰਵਾ ਕੇ ਪ੍ਰਿੰਸੀਪਲ ਤੇ ਅਧਿਆਪਕਾਂ ਵਿਰੁੱਧ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕਕਾਰ ਸਿੱਖ ਰਹਿਣੀ ਦਾ ਅਹਿਮ ਹਿੱਸਾ ਹਨ ਅਤੇ ਭਾਰਤ ਦੇਸ਼ ’ਚ ਸਿੱਖਾਂ ਨੂੰ ਸੰਵਿਧਾਨਕ ਤੌਰ ’ਤੇ ਇਸ ਦੀ ਆਜ਼ਾਦੀ ਹੈ। ਦੇਸ਼ ’ਚ ਸਿੱਖ ਵਿਦਿਆਰਥੀਆਂ ਨੂੰ ਪ੍ਰੀਖਿਆਵਾਂ ਦੌਰਾਨ ਅਜਿਹੀ ਪਰੇਸ਼ਾਨੀ ਦਾ ਅਕਸਰ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।
Publish Date: Sun, 08 Feb 2026 09:08 AM (IST)
Updated Date: Sun, 08 Feb 2026 09:10 AM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਉੱਤਰ ਪ੍ਰਦੇਸ਼ ਦੇ ਜ਼ਿਲ੍ਹਾ ਮੁਰਾਦਾਬਾਦ ਦੇ ਕਸਬਾ ਕਾਂਠ ’ਚ ਅੰਮ੍ਰਿਤਧਾਰੀ ਸਿੱਖ ਵਿਦਿਆਰਥੀ ਕਾਕਾ ਜਪਨ ਸਿੰਘ ਨੂੰ ਬੀਏ ਦੇ ਪੇਪਰ ਦੌਰਾਨ ਕਿਰਪਾਨ ਪਾ ਕੇ ਪ੍ਰੀਖਿਆ ਵਿਚ ਬੈਠਣ ਤੋਂ ਰੋਕਣ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਬੀਤੇ ਦਿਨੀਂ ਵਾਪਰੀ ਇਸ ਘਟਨਾ ਦੀ ਜਾਣਕਾਰੀ ਮਿਲਣ ’ਤੇ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਮਿਸ਼ਨ ਹਾਪੁੜ ਦੇ ਇੰਚਾਰਜ ਬ੍ਰਿਜਪਾਲ ਸਿੰਘ ਦੀ ਅਗਵਾਈ ਹੇਠ ਇੱਕ ਟੀਮ ਨੂੰ ਸਬੰਧਤ ਕਾਲਜ ’ਚ ਪੜਤਾਲ ਲਈ ਭੇਜਿਆ ਗਿਆ ਸੀ।
ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ ਪ੍ਰੈੱਸ ਬਿਆਨ ’ਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਹ ਸਿੱਖ ਭਾਵਨਾਵਾਂ ਨਾਲ ਜੁੜਿਆ ਹੋਇਆ ਬੇਹੱਦ ਗੰਭੀਰ ਮਾਮਲਾ ਹੈ, ਜਿਸ ਦੀ ਉੱਤਰ ਪ੍ਰਦੇਸ਼ ਸਰਕਾਰ ਨੂੰ ਜਾਂਚ ਕਰਵਾ ਕੇ ਪ੍ਰਿੰਸੀਪਲ ਤੇ ਅਧਿਆਪਕਾਂ ਵਿਰੁੱਧ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕਕਾਰ ਸਿੱਖ ਰਹਿਣੀ ਦਾ ਅਹਿਮ ਹਿੱਸਾ ਹਨ ਅਤੇ ਭਾਰਤ ਦੇਸ਼ ’ਚ ਸਿੱਖਾਂ ਨੂੰ ਸੰਵਿਧਾਨਕ ਤੌਰ ’ਤੇ ਇਸ ਦੀ ਆਜ਼ਾਦੀ ਹੈ। ਦੇਸ਼ ’ਚ ਸਿੱਖ ਵਿਦਿਆਰਥੀਆਂ ਨੂੰ ਪ੍ਰੀਖਿਆਵਾਂ ਦੌਰਾਨ ਅਜਿਹੀ ਪਰੇਸ਼ਾਨੀ ਦਾ ਅਕਸਰ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।
ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਕਈ ਵਾਰ ਭਾਰਤ ਤੇ ਵੱਖ-ਵੱਖ ਸੂਬਿਆਂ ਦੀਆਂ ਸਰਕਾਰਾਂ ਨੂੰ ਲਿਖਿਆ ਜਾ ਚੁੱਕਾ ਹੈ ਪਰ ਹੈਰਾਨੀ ਦੀ ਗੱਲ ਹੈ ਕਿ ਜਾਣਬੁੱਝ ਕੇ ਸਿੱਖ ਵਿਦਿਆਰਥੀਆਂ ਨਾਲ ਇਹ ਧੱਕਾ ਕੀਤਾ ਜਾ ਰਿਹਾ ਹੈ। ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੋਸ਼ੀ ਅਧਿਆਪਕਾਂ ਖ਼ਿਲਾਫ਼ ਕਾਰਵਾਈ ਲਈ ਉੱਤਰ ਪ੍ਰਦੇਸ਼ ਸਰਕਾਰ ਤੱਕ ਪਹੁੰਚ ਕਰੇਗੀ।