ਸ੍ਰੀ ਆਨੰਦਪੁਰ ਸਾਹਿਬ ਮਾਮਲੇ ਦੀ ਜਾਂਚ CBI ਨੂੰ ਸੌਂਪੀ ਜਾਵੇ, ਧਾਮੀ ਨੇ ਕਿਹਾ- ਤਿੰਨ ਦਿਨਾਂ ਦੇ ਅੰਦਰ ਰਾਜਪਾਲ ਨੂੰ ਮਿਲੇਗਾ SGPC ਦਾ ਵਫ਼ਦ
SGPC ਪ੍ਰਧਾਨ ਨੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ-ਪੀਰੀ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਏ ਗਏ ਮੀਰੀ-ਪੀਰੀ ਖਾਲਸਾ ਮਾਰਚ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਇਸ ਦੌਰਾਨ ਕਰੀਬ 1,000 ਪਿੰਡਾਂ ਨੂੰ ਕਵਰ ਕੀਤਾ ਗਿਆ। ਪਿੰਡ-ਪਿੰਡ ਅਤੇ ਨਗਰ-ਨਗਰ ਤੋਂ ਇੱਕੋ ਆਵਾਜ਼ ਸੁਣਾਈ ਦਿੱਤੀ ਕਿ ਪੰਜਾਬ ਨੂੰ ਨਸ਼ਿਆਂ ਤੋਂ ਬਚਾਇਆ ਜਾਵੇ।
Publish Date: Wed, 30 Sep 2026 04:23 PM (IST)
Updated Date: Wed, 30 Sep 2026 04:28 PM (IST)
ਜਾਗਰਣ ਸੰਵਾਦਦਾਤਾ, ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀ ਅੰਤ੍ਰਿਮ ਕਮੇਟੀ ਦੀ ਇਕੱਤਰਤਾ 'ਚ ਐੱਸਜੀਪੀਸੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਈ ਅਹਿਮ ਮੁੱਦਿਆਂ 'ਤੇ ਆਪਣਾ ਪੱਖ ਰੱਖਿਆ। ਸ੍ਰੀ ਆਨੰਦਪੁਰ ਸਾਹਿਬ 'ਚ ਹੋਏ ਮਾਮਲੇ ਨੂੰ ਲੈ ਕੇ ਧਾਮੀ ਨੇ ਪੰਜਾਬ ਸਰਕਾਰ ਤੋਂ ਇਸ ਦੀ ਜਾਂਚ ਸੀਬੀਆਈ ਨੂੰ ਸੌਂਪਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਐੱਸਜੀਸੀਪੀ ਵੱਲੋਂ ਮਾਮਲੇ ਦੀ ਜਾਂਚ ਲਈ ਪੰਜ ਮੈਂਬਰੀ ਕਮੇਟੀ ਬਣਾਈ ਗਈ ਹੈ। ਤਿੰਨ ਦਿਨਾਂ ਦੇ ਅੰਦਰ ਐੱਸਜੀਪੀਸੀ ਦਾ ਵਫ਼ਦ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕਰ ਕੇ ਸੀਬੀਆਈ ਜਾਂਚ ਦੀ ਮੰਗ ਕਰੇਗਾ।
ਧਾਮੀ ਨੇ ਕਿਹਾ ਕਿ ਜਦੋਂ ਤੱਕ ਅਦਾਲਤ ਵੱਲੋਂ ਕੋਈ ਫ਼ੈਸਲਾ ਨਹੀਂ ਆਉਂਦਾ, ਉਦੋਂ ਤਕ ਐੱਸਜੀਪੀਸੀ ਤੇ ਉਨ੍ਹਾਂ ਖ਼ਿਲਾਫ਼ ਗਲਤ ਪ੍ਰਚਾਰ ਕੀਤਾ ਜਾ ਰਿਹਾ ਹੈ ਤੇ ਧਰਨੇ ਲਗਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਮਾਮਲਾ ਇੰਟਰਨੈੱਟ ਮੀਡੀਆ ਟ੍ਰਾਇਲ ਦਾ ਵਿਸ਼ਾ ਨਹੀਂ, ਸਗੋਂ ਪੁਲਿਸ ਜਾਂਚ ਦਾ ਵਿਸ਼ਾ ਹੈ। ਧਾਮੀ ਨੇ ਪ੍ਰਦਰਸ਼ਨ ਕਰਨ ਵਾਲਿਆਂ ਨੂੰ ਕਿਹਾ ਕਿ ਉਹ ਜਦੋਂ ਚਾਹੁਣ ਉਨ੍ਹਾਂ ਨਾਲ ਮੁਲਾਕਾਤ ਕਰਕੇ ਆਪਣਾ ਪੱਖ ਰੱਖ ਸਕਦੇ ਹਨ। ਧਾਮੀ ਨੇ ਸਵਾਲ ਉਠਾਇਆ ਕਿ ਕੀ ਇਨ੍ਹਾਂ ਪ੍ਰਦਰਸ਼ਨਾਂ ਪਿੱਛੇ ਕੋਈ ਸਿਆਸੀ ਮਨਸ਼ਾ ਹੈ।
ਨਸ਼ਿਆਂ ਖ਼ਿਲਾਫ਼ ਮੀਰੀ-ਪੀਰੀ ਖਾਲਸਾ ਮਾਰਚ ਦਾ ਕੀਤਾ ਜ਼ਿਕਰ
ਐੱਸਜੀਪੀਸੀ ਪ੍ਰਧਾਨ ਨੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ-ਪੀਰੀ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਏ ਗਏ ਮੀਰੀ-ਪੀਰੀ ਖਾਲਸਾ ਮਾਰਚ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਇਸ ਦੌਰਾਨ ਕਰੀਬ 1,000 ਪਿੰਡਾਂ ਨੂੰ ਕਵਰ ਕੀਤਾ ਗਿਆ। ਪਿੰਡ-ਪਿੰਡ ਅਤੇ ਨਗਰ-ਨਗਰ ਤੋਂ ਇੱਕੋ ਆਵਾਜ਼ ਸੁਣਾਈ ਦਿੱਤੀ ਕਿ ਪੰਜਾਬ ਨੂੰ ਨਸ਼ਿਆਂ ਤੋਂ ਬਚਾਇਆ ਜਾਵੇ।
ਉਨ੍ਹਾਂ ਦੱਸਿਆ ਕਿ ਸੰਗਰੂਰ ਦੇ ਇੱਕ ਪਿੰਡ 'ਚ ਲੋਕਾਂ ਨੇ ਜਾਣਕਾਰੀ ਦਿੱਤੀ ਕਿ ਉਨ੍ਹਾਂ ਦੇ ਪਿੰਡ ਦੇ ਕਰੀਬ 40 ਨੌਜਵਾਨ ਨਸ਼ਿਆਂ ਦੀ ਭੇਟ ਚੜ੍ਹ ਚੁੱਕੇ ਹਨ। ਇਸ ਦੌਰਾਨ ਕਈ ਬੱਚਿਆਂ ਨੇ ਸਿੱਖੀ ਨਾਲ ਜੁੜਨ ਦਾ ਪ੍ਰਣ ਵੀ ਲਿਆ। ਧਾਮੀ ਨੇ ਸਰਕਾਰ ਤੋਂ ਮੰਗ ਕੀਤੀ ਕਿ SGPC ਦੀਆਂ ਆਮ ਚੋਣਾਂ ਦੀ ਪ੍ਰਕਿਰਿਆ ਜਲਦ ਪੂਰੀ ਕਰਵਾਈ ਜਾਵੇ।
ਰਾਜੋਆਣਾ ਨਾਲ ਮੁਲਾਕਾਤ 'ਤੇ ਵੀ ਰੱਖਿਆ ਪੱਖ
ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਸਬੰਧੀ ਧਾਮੀ ਨੇ ਕਿਹਾ ਕਿ ਉਨ੍ਹਾਂ ਨਾਲ ਸਿਧਾਂਤਕ ਪੱਖ 'ਤੇ ਵਿਚਾਰ-ਵਟਾਂਦਰਾ ਹੋਇਆ। ਧਾਮੀ ਮੁਤਾਬਕ ਰਾਜੋਆਣਾ ਨੇ ਫਾਂਸੀ ਲਈ ਤਿਆਰ ਹੋਣ ਅਤੇ ਉਮਰ ਕੈਦ 'ਚ ਬਦਲਣ ਸਬੰਧੀ ਪਟੀਸ਼ਨ ਵਾਪਸ ਲੈਣ ਦੀ ਗੱਲ ਕਹੀ ਹੈ।