ਅਕਾਲੀ ਦਲ ਵਾਰਸ ਪੰਜਾਬ ਵੱਲੋਂ ਈਟੀਓ ਦੇ ਘਰ ਅੱਗੇ ਪ੍ਰਦਰਸ਼ਨ ਗੁਰਪ੍ਰੀਤ ਸਿੰਘ ਚੰਦੀ, ਪੰਜਾਬੀ ਜਾਗਰਣ ਜੰਡਿਆਲਾ ਗੁਰੂ : ਅਕਾਲੀ ਦਲ ਵਾਰਸ ਪੰਜਾਬ ਵੱਲੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਦੇ ਘਰ ਦੇ ਬਾਹਰ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਰੋਸ ਧਰਨਾ ਦਿੱਤਾ
Publish Date: Fri, 11 Sep 2026 04:52 PM (IST)
Updated Date: Fri, 11 Sep 2026 04:55 PM (IST)
ਗੁਰਪ੍ਰੀਤ ਸਿੰਘ ਚੰਦੀ, ਪੰਜਾਬੀ ਜਾਗਰਣ ਜੰਡਿਆਲਾ ਗੁਰੂ : ਅਕਾਲੀ ਦਲ ਵਾਰਸ ਪੰਜਾਬ ਵੱਲੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਦੇ ਘਰ ਦੇ ਬਾਹਰ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਰੋਸ ਧਰਨਾ ਦਿੱਤਾ ਗਿਆ। ਇਸ ਮੌਕੇ ਪਾਰਟੀ ਆਗੂਆਂ ਅਤੇ ਵਰਕਰਾਂ ਵੱਲੋਂ ਪੰਜਾਬ ਵਿਚ ਨਸ਼ਿਆਂ ਦੀ ਸਮੱਸਿਆ, ਕਾਨੂੰਨ-ਵਿਵਸਥਾ ਅਤੇ ਹੋਰ ਮੁੱਦਿਆਂ ਨੂੰ ਲੈ ਕੇ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਗਈ। ਧਰਨੇ ਦੇ ਮੱਦੇਨਜ਼ਰ ਪੁਲਿਸ ਪ੍ਰਸ਼ਾਸਨ ਵੱਲੋਂ ਵੱਡੀ ਗਿਣਤੀ ਵਿਚ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਸਨ। ਇਸ ਮੌਕੇ ਪਾਰਟੀ ਆਗੂ ਐਡਵੋਕੇਟ ਦਿਲਸ਼ੇਰ ਸਿੰਘ ਜੰਡਿਆਲਾ ਗੁਰੂ ਅਤੇ ਬਾਬੂ ਸਿੰਘ ਨੇ ਕਿਹਾ ਕਿ ਧਰਨੇ ਦਾ ਮੁੱਖ ਮਕਸਦ ਪੰਜਾਬ ਵਿਚ ਵੱਧ ਰਹੇ ਨਸ਼ੇ ਦੇ ਮੁੱਦੇ ਵੱਲ ਸਰਕਾਰ ਦਾ ਧਿਆਨ ਖਿੱਚਣਾ ਹੈ। ਉਨ੍ਹਾਂ ਕਿਹਾ ਕਿ ਘਰ-ਘਰ ਨੌਜਵਾਨ ਨਸ਼ਿਆਂ ਦੀ ਲਪੇਟ ਵਿਚ ਆ ਰਹੇ ਹਨ ਅਤੇ ਸਰਕਾਰ ਨੂੰ ਇਸ ਗੰਭੀਰ ਸਮੱਸਿਆ ਨੂੰ ਰੋਕਣ ਲਈ ਠੋਸ ਕਦਮ ਚੁੱਕਣੇ ਚਾਹੀਦੇ ਹਨ। ਉਨ੍ਹਾਂ ਕਿਹਾ ਸਰਕਾਰ ਵੱਲੋਂ ਸੱਤਾ ਵਿਚ ਆਉਣ ਤੋਂ ਪਹਿਲਾਂ ਨਸ਼ਾ ਖ਼ਤਮ ਕਰਨ ਸਬੰਧੀ ਕੀਤੇ ਵਾਅਦਿਆਂ ਦਾ ਵੀ ਲੋਕ ਹਿਸਾਬ ਮੰਗ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਜੰਡਿਆਲਾ ਗੁਰੂ ਹਲਕੇ ਵਿਚ ਨਸ਼ੇ ਦੀ ਸਮੱਸਿਆ ਗੰਭੀਰ ਹੈ ਤੇ ਪਾਰਟੀ ਵੱਲੋਂ ਇਸ ਸਬੰਧੀ ਅੰਕੜੇ ਇਕੱਠੇ ਕੀਤੇ ਜਾ ਰਹੇ ਹਨ। ਪਾਰਟੀ ਦੇ ਕੌਮੀ ਬੁਲਾਰੇ ਜਸਕਰਨ ਸਿੰਘ ਰਿਆੜ ਨੇ ਕਿਹਾ ਕਿ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਦੇ ਘਰ ਦਾ ਘਿਰਾਓ ਕੀਤਾ ਗਿਆ ਹੈ। ਉਨ੍ਹਾਂ ਮੋਹਨਜੀਤ ਸਿੰਘ ਸਮੇਤ ਹੋਰ ਮਾਮਲਿਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਲੋਕਾਂ ਨੂੰ ਆਪਣੇ ਹੱਕਾਂ ਲਈ ਸਵਾਲ ਪੁੱਛਦੇ ਰਹਿਣਾ ਚਾਹੀਦਾ ਹੈ।