- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਅੰਮ੍ਰਿਤਸਰ : ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਦਾਦੀ ਚਰਨ ਕੌਰ ਦੇ ਅੰਤਿਮ ਸੰਸਕਾਰ ਵਿਚ ਸ਼ਾਮਲ ਹੋਣ ਲਈ ਪਿੰਡ ਜੱਲੂਪੁਰ ਖੇੜਾ ਪਹੁੰਚਣ ਤੋਂ

ਪਿੰਡ ਵਿਚ ਭਾਰੀ ਸੁਰੱਖਿਆ ਬਲ ਤਾਇਨਾਤ, ਜੰਡਿਆਲਾ ਗੁਰੂ, ਰਈਆ, ਟਾਂਗਰਾ ਤੇ ਖਲਚੀਆਂ ਮਾਰਗਾਂ ’ਤੇ ਵੀ ਪੁਲਿਸ ਤਾਇਨਾਤ
ਅੱਜ ਅੰਮ੍ਰਿਤਸਰ ਪਹੁੰਚੇਗਾ ਅੰਮ੍ਰਿਤਪਾਲ, ਦਾਦੀ ਦਾ ਹੋਵੇਗਾ ਅੰਤਿਮ ਸੰਸਕਾਰ
ਤਿੰਨ ਘੰਟੇ ਦੀ ਪੈਰੋਲ ’ਤੇ ਪਹੁੰਚੇਗਾ ਅੰਮ੍ਰਿਤਪਾਲ
ਛੇ ਏਕੜ ’ਚ ਪਾਰਕਿੰਗ ਤੇ ਲੰਗਰ ਦੀ ਵਿਵਸਥਾ, ਪੁਲਿਸ ਅਧਿਕਾਰੀਆਂ ਨੇ ਲਿਆ ਤਿਆਰੀਆਂ ਦਾ ਜਾਇਜ਼ਾ
ਪੱਤਰ ਪ੍ਰੇਰਕ, ਪੰਜਾਬੀ ਜਾਗਰਣ
ਅੰਮ੍ਰਿਤਸਰ : ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਦਾਦੀ ਚਰਨ ਕੌਰ ਦੇ ਅੰਤਿਮ ਸੰਸਕਾਰ ਵਿਚ ਸ਼ਾਮਲ ਹੋਣ ਲਈ ਪਿੰਡ ਜੱਲੂਪੁਰ ਖੇੜਾ ਪਹੁੰਚਣ ਤੋਂ ਪਹਿਲਾਂ ਤਿਆਰੀਆਂ ਤੇਜ਼ ਹੋ ਗਈਆਂ ਹਨ। ਸ਼ੁੱਕਰਵਾਰ ਨੂੰ ਪਿੰਡ ਵਿਚ ਅੰਤਿਮ ਸੰਸਕਾਰ ਅਤੇ ਸੰਗਤ ਦੀ ਆਵਾਜਾਈ ਨੂੰ ਲੈ ਕੇ ਪ੍ਰਬੰਧ ਕੀਤੇ ਜਾ ਰਹੇ ਹਨ। ਉੱਥੇ ਹੀ ਸੁਰੱਖਿਆ ਵਿਵਸਥਾ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ ਪੂਰੀ ਤਰ੍ਹਾਂ ਸੁਚੇਤ ਹੈ। ਅੰਮ੍ਰਿਤਪਾਲ ਸਿੰਘ ਨੂੰ 21 ਨਵੰਬਰ ਨੂੰ ਦੁਪਹਿਰ 12 ਤੋਂ ਤਿੰਨ ਵਜੇ ਤੱਕ ਤਿੰਨ ਘੰਟੇ ਦੀ ਕਸਟਡੀ ਪੈਰੋਲ ਮਿਲੀ ਹੈ। ਇਸ ਦੌਰਾਨ ਉਹ ਆਪਣੀ ਦਾਦੀ ਦੇ ਅੰਤਿਮ ਸੰਸਕਾਰ ਵਿਚ ਸ਼ਾਮਲ ਹੋਵੇਗਾ। ਅੰਮ੍ਰਿਤਪਾਲ ਦੇ ਆਉਣ ਅਤੇ ਅੰਤਿਮ ਸੰਸਕਾਰ ਵਿਚ ਵੱਡੀ ਗਿਣਤੀ ਵਿੱਚ ਲੋਕਾਂ ਦੇ ਪਹੁੰਚਣ ਦੀ ਸੰਭਾਵਨਾ ਨੂੰ ਦੇਖਦਿਆਂ ਪਿੰਡ ਵਿਚ ਕਰੀਬ 800 ਪੁਲਿਸ ਮੁਲਾਜ਼ਮਾਂ ਦੀ ਤਾਇਨਾਤੀ ਕੀਤੀ ਗਈ ਹੈ। ਐਸਐਸਪੀ ਕੰਵਲਪ੍ਰੀਤ ਸਿੰਘ ਚਾਹਲ ਸਮੇਤ ਪੁਲਿਸ ਅਧਿਕਾਰੀਆਂ ਨੇ ਪਿੰਡ ਪਹੁੰਚ ਕੇ ਸੁਰੱਖਿਆ ਪ੍ਰਬੰਧਾਂ ਅਤੇ ਹੋਰ ਤਿਆਰੀਆਂ ਦਾ ਜਾਇਜ਼ਾ ਲਿਆ। ਅੰਤਿਮ ਸੰਸਕਾਰ ਲਈ ਪਰਿਵਾਰ ਖੇਤ ’ਤੇ ਵਿਵਸਥਾ ਕਰ ਰਿਹਾ ਹੈ। ਇਸ ਤੋਂ ਇਲਾਵਾ ਕਰੀਬ ਛੇ ਏਕੜ ਜ਼ਮੀਨ ਵਿਚ ਵਾਹਨਾਂ ਦੀ ਪਾਰਕਿੰਗ ਅਤੇ ਲੰਗਰ ਦੇ ਪ੍ਰਬੰਧ ਕੀਤੇ ਜਾ ਰਹੇ ਹਨ। ਸੰਗਤ ਦੀ ਆਵਾਜਾਈ ਨੂੰ ਸੁਚਾਰੂ ਬਣਾਈ ਰੱਖਣ ਲਈ ਪਿੰਡ ਵਿਚ ਪਹੁੰਚਣ ਦੇ ਤਿੰਨ ਤੋਂ ਚਾਰ ਰਸਤੇ ਨਿਰਧਾਰਤ ਕੀਤੇ ਜਾ ਰਹੇ ਹਨ। ਪੁਲਿਸ ਵੱਲੋਂ ਪਾਰਕਿੰਗ ਸਥਾਨਾਂ ਅਤੇ ਆਵਾਜਾਈ ਦੇ ਰਸਤਿਆਂ ਦਾ ਨਕਸ਼ਾ ਵੀ ਜਾਰੀ ਕੀਤਾ ਜਾਣਾ ਹੈ, ਤਾਂ ਜੋ ਪ੍ਰੋਗਰਾਮ ਦੌਰਾਨ ਆਵਾਜਾਈ ਵਿਵਸਥਾ ਪ੍ਰਭਾਵਿਤ ਨਾ ਹੋਵੇ। ਪ੍ਰਸ਼ਾਸਨ ਵੱਲੋਂ ਸੰਗਤ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਸੁਰੱਖਿਆ ਪ੍ਰਬੰਧਾਂ ਵਿਚ ਸਹਿਯੋਗ ਕਰਨ ਅਤੇ ਆਪਣੇ ਨਾਲ ਲਾਇਸੈਂਸੀ ਹਥਿਆਰ ਲੈ ਕੇ ਪਿੰਡ ਨਾ ਪਹੁੰਚਣ। ਪੁਲਿਸ ਵੱਲੋਂ ਪੂਰੇ ਖੇਤਰ ਵਿੱਚ ਨਿਗਰਾਨੀ ਰੱਖੀ ਜਾ ਰਹੀ ਹੈ।
ਤਿੰਨ ਘੰਟੇ ਪਿੰਡ ’ਚ ਰਹੇਗਾ ਅੰਮ੍ਰਿਤਪਾਲ
ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਅੰਮ੍ਰਿਤਪਾਲ ਸਿੰਘ ਨੂੰ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਣ ਲਈ ਤਿੰਨ ਘੰਟੇ ਦੀ ਕਸਟਡੀ ਪੈਰੋਲ ਦਿੱਤੀ ਗਈ ਹੈ। ਇਸ ਦੌਰਾਨ ਉਹ ਪੁਲਿਸ ਹਿਰਾਸਤ ਵਿੱਚ ਰਹੇਗਾ। ਨਿਰਧਾਰਤ ਸ਼ਰਤਾਂ ਅਨੁਸਾਰ ਉਸ ਨੂੰ ਜਨਤਕ ਸਭਾ ਕਰਨ ਅਤੇ ਮੀਡੀਆ ਨਾਲ ਗੱਲਬਾਤ ਕਰਨ ਦੀ ਇਜਾਜ਼ਤ ਨਹੀਂ ਹੋਵੇਗੀ। ਪਰਿਵਾਰ ਤੋਂ ਇਲਾਵਾ ਕਿਸੇ ਹੋਰ ਵਿਅਕਤੀ ਨਾਲ ਮਿਲਣ ’ਤੇ ਵੀ ਪਾਬੰਦੀ ਰਹੇਗੀ। ਇਸ ਤੋਂ ਬਾਅਦ ਉਸ ਨੂੰ ਵਾਪਸ ਡਿਬਰੂਗੜ੍ਹ ਜੇਲ੍ਹ ਲਿਜਾਇਆ ਜਾਵੇਗਾ।
ਅੰਮ੍ਰਿਤਪਾਲ ਨੂੰ ਦਿੱਲੀ ਤੋਂ ਸੜਕ ਦੇ ਰਸਤੇ ਵੀ ਲਿਆਂਦਾ ਜਾ ਸਕਦਾ ਹੈ : ਐਸਐਸਪੀ
ਅੰਮ੍ਰਿਤਸਰ ਦਿਹਾਤੀ ਪੁਲਿਸ ਦੇ ਐਸਐਸਪੀ ਕੰਵਲਪ੍ਰੀਤ ਸਿੰਘ ਚਾਹਲ ਨੇ ਅੱਜ ਪਿੰਡ ਜੱਲੂਪੁਰ ਵਿਚ ਉਸ ਜਗ੍ਹਾ ਦਾ ਮੁਆਇਨਾ ਕੀਤਾ ਜਿੱਥੇ ਅੰਮ੍ਰਿਤਪਾਲ ਦੀ ਦਾਦੀ ਦਾ ਅੰਤਿਮ ਸੰਸਕਾਰ ਕੀਤਾ ਜਾਣਾ ਹੈ। ਉਸ ਤੋਂ ਬਾਅਦ ਉਹ ਅੰਮ੍ਰਿਤਪਾਲ ਦੇ ਪਰਿਵਾਰ ਨਾਲ ਵੀ ਮਿਲਣ ਗਏ। ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਨੂੰ ਦਿੱਲੀ ਤੋਂ ਸੜਕ ਦੇ ਰਸਤੇ ਵੀ ਲਿਆਂਦਾ ਜਾ ਸਕਦਾ ਹੈ। ਉਨ੍ਹਾਂ ਪੱਤਰਕਾਰਾਂ ਦੇ ਸਵਾਲਾਂ ਦਾ ਜਵਾਬ ਦਿੰਦਿਆਂ ਕਿਹਾ ਕਿ ਅਫ਼ਵਾਹਾਂ ਫੈਲਾਈਆਂ ਜਾ ਰਹੀਆਂ ਹਨ ਕਿ ਪਿੰਡ ਜੱਲੂਪੁਰ ਪੁਲਿਸ ਛਾਉਣੀ ਵਿਚ ਤਬਦੀਲ ਕਰ ਦਿੱਤਾ ਗਿਆ ਹੈ, ਪਰ ਅਜਿਹਾ ਕੁਝ ਵੀ ਨਹੀਂ ਹੈ।