- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਐੱਸਜੀਪੀਸੀ ਅਨੁਸਾਰ ਪਾਕਿਸਤਾਨ ਜਾਣ ਲਈ 1828 ਸ਼ਰਧਾਲੂਆਂ ਦੇ ਪਾਸਪੋਰਟ ਵੀਜ਼ਾ ਪ੍ਰਕਿਰਿਆ ਲਈ ਭੇਜੇ ਗਏ ਸਨ। ਇਨ੍ਹਾਂ ਵਿੱਚੋਂ 1822 ਨੂੰ ਵੀਜ਼ਾ ਮਿਲਿਆ, ਜਦਕਿ ਛੇ ਸ਼ਰਧਾਲੂਆਂ ਦੀਆਂ ਅਰਜ਼ੀਆਂ ਰੱਦ ਕਰ ਦਿੱਤੀਆਂ ਗਈਆਂ। ਜਥੇ ਦੀ ਅਗਵਾਈ ਐੱਸਜੀਪੀਸੀ ਮੈਂਬਰ ਬੀਬੀ ਪਰਮਿੰਦਰ ਕੌਰ ਕਰ ਰਹੇ ਹਨ। ਉਨ੍ਹਾਂ ਦੇ ਨਾਲ ਐੱਸਜੀਪੀਸੀ ਕਾਰਜਕਾਰਨੀ ਮੈਂਬਰ ਰਵਿੰਦਰ ਸਿੰਘ ਖਾਲਸਾ, ਮੈਂਬਰ ਗੁਰਨਾਮ ਸਿੰਘ ਜੱਸਲ, ਬੀਬੀ ਗੁਰਿੰਦਰ ਕੌਰ ਭੋਲੂਵਾਲਾ ਅਤੇ ਜਨਰਲ ਮੈਨੇਜਰ ਲਖਬੀਰ ਸਿੰਘ ਵੀ ਗਏ ਹਨ।

ਜਾਗਰਣ ਸੰਵਾਦਦਾਤਾ, ਅੰਮ੍ਰਿਤਸਰ : ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਸਥਿਤ ਇਤਿਹਾਸਕ ਗੁਰਧਾਮਾਂ ਦੇ ਦਰਸ਼ਨਾਂ ਲਈ ਐਤਵਾਰ ਨੂੰ 1822 ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ ਹੋਇਆ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸਜੀਪੀਸੀ) ਦੇ ਮੁੱਖ ਦਫ਼ਤਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਤੋਂ ਜਥੇ ਦੀ ਰਵਾਨਗੀ ਸਮੇਂ ‘ਬੋਲੇ ਸੋ ਨਿਹਾਲ, ਸਤਿ ਸ੍ਰੀ ਅਕਾਲ’ ਦੇ ਜੈਕਾਰਿਆਂ ਨਾਲ ਮਾਹੌਲ ਗੂੰਜ ਉੱਠਿਆ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅਰਦਾਸ ਕਰ ਕੇ ਸ਼ਰਧਾਲੂਆਂ ਦੀ ਸੁਖਦ ਯਾਤਰਾ ਦੀ ਕਾਮਨਾ ਕੀਤੀ ਅਤੇ ਫ਼ਤਹਿ ਬੁਲਾ ਕੇ ਜਥੇ ਨੂੰ ਰਵਾਨਾ ਕੀਤਾ।
ਐੱਸਜੀਪੀਸੀ ਅਨੁਸਾਰ ਪਾਕਿਸਤਾਨ ਜਾਣ ਲਈ 1828 ਸ਼ਰਧਾਲੂਆਂ ਦੇ ਪਾਸਪੋਰਟ ਵੀਜ਼ਾ ਪ੍ਰਕਿਰਿਆ ਲਈ ਭੇਜੇ ਗਏ ਸਨ। ਇਨ੍ਹਾਂ ਵਿੱਚੋਂ 1822 ਨੂੰ ਵੀਜ਼ਾ ਮਿਲਿਆ, ਜਦਕਿ ਛੇ ਸ਼ਰਧਾਲੂਆਂ ਦੀਆਂ ਅਰਜ਼ੀਆਂ ਰੱਦ ਕਰ ਦਿੱਤੀਆਂ ਗਈਆਂ। ਜਥੇ ਦੀ ਅਗਵਾਈ ਐੱਸਜੀਪੀਸੀ ਮੈਂਬਰ ਬੀਬੀ ਪਰਮਿੰਦਰ ਕੌਰ ਕਰ ਰਹੇ ਹਨ। ਉਨ੍ਹਾਂ ਦੇ ਨਾਲ ਐੱਸਜੀਪੀਸੀ ਕਾਰਜਕਾਰਨੀ ਮੈਂਬਰ ਰਵਿੰਦਰ ਸਿੰਘ ਖਾਲਸਾ, ਮੈਂਬਰ ਗੁਰਨਾਮ ਸਿੰਘ ਜੱਸਲ, ਬੀਬੀ ਗੁਰਿੰਦਰ ਕੌਰ ਭੋਲੂਵਾਲਾ ਅਤੇ ਜਨਰਲ ਮੈਨੇਜਰ ਲਖਬੀਰ ਸਿੰਘ ਵੀ ਗਏ ਹਨ।
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਹਰ ਗੁਰੂ ਨਾਨਕ ਨਾਮ ਲੇਵਾ ਸਿੱਖ ਆਪਣੀ ਅਰਦਾਸ ਵਿਚ ਵਿਛੜੇ ਗੁਰਧਾਮਾਂ ਦੇ ਖੁੱਲ੍ਹੇ ਦਰਸ਼ਨ-ਦੀਦਾਰ ਦੀ ਕਾਮਨਾ ਕਰਦਾ ਹੈ। ਉਨ੍ਹਾਂ ਭਾਰਤ ਅਤੇ ਪਾਕਿਸਤਾਨ ਵਿਚ ਅਮਨ, ਸ਼ਾਂਤੀ ਅਤੇ ਆਪਸੀ ਭਾਈਚਾਰਾ ਬਣਾਈ ਰੱਖਣ ਲਈ ਅਰਦਾਸ ਕੀਤੀ। ਉਨ੍ਹਾਂ ਲੰਮੇ ਸਮੇਂ ਤੋਂ ਬੰਦ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਨੂੰ ਮੁੜ ਖੋਲ੍ਹਣ ਦੀ ਮੰਗ ਕਰਦਿਆਂ ਕਿਹਾ ਕਿ ਦੋਵਾਂ ਪਾਸਿਆਂ ਦੇ ਪੰਜਾਬ ਦੀ ਮਾਂ-ਬੋਲੀ ਪੰਜਾਬੀ ਹੈ, ਜੋ ਲੋਕਾਂ ਨੂੰ ਆਪਸ ਵਿਚ ਜੋੜਦੀ ਹੈ। ਦੋਵਾਂ ਦੇਸ਼ਾਂ ਦੀਆਂ ਸਰਕਾਰਾਂ ਨੂੰ ਸ਼ਰਧਾਲੂਆਂ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਵੀਜ਼ਿਆਂ ਦੀ ਗਿਣਤੀ ਵਧਾਉਣੀ ਚਾਹੀਦੀ ਹੈ। ਇਸ ਦੇ ਨਾਲ ਹੀ ਗੁਰਧਾਮਾਂ ਦੇ ਦਰਸ਼ਨਾਂ ਲਈ ਵੀਜ਼ਾ ਪ੍ਰਕਿਰਿਆ ਸੌਖੀ ਕਰਨ ਅਤੇ ਪਹੁੰਚਣ ’ਤੇ ਵੀਜ਼ਾ ਦੇਣ ਦੀ ਸਹੂਲਤ ਬਾਰੇ ਵੀ ਵਿਚਾਰ ਕਰਨਾ ਚਾਹੀਦਾ ਹੈ।
ਐੱਸਜੀਪੀਸੀ ਮੈਂਬਰ ਬੀਬੀ ਗੁਰਿੰਦਰ ਕੌਰ ਭੋਲੂਵਾਲਾ ਨੇ ਦੱਸਿਆ ਕਿ ਦਸ ਦਿਨਾਂ ਦੀ ਯਾਤਰਾ ਦੌਰਾਨ ਸ਼ਰਧਾਲੂ ਸ੍ਰੀ ਨਨਕਾਣਾ ਸਾਹਿਬ, ਗੁਰਦੁਆਰਾ ਜਨਮ ਅਸਥਾਨ, ਪੱਟੀ ਸਾਹਿਬ, ਕਿਆਰਾ ਸਾਹਿਬ, ਗੁਰਦੁਆਰਾ ਸੱਚਾ ਸੌਦਾ, ਸ੍ਰੀ ਪੰਜਾ ਸਾਹਿਬ ਅਤੇ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਨਤਮਸਤਕ ਹੋਣਗੇ। ਇਸ ਤੋਂ ਇਲਾਵਾ ਲਾਹੌਰ ਸਥਿਤ ਗੁਰਦੁਆਰਾ ਡੇਰਾ ਸਾਹਿਬ ਸਮੇਤ ਹੋਰ ਇਤਿਹਾਸਕ ਗੁਰਧਾਮਾਂ ਦੇ ਦਰਸ਼ਨ ਵੀ ਕਰਨਗੇ। ਜਥਾ ਪਹਿਲੀ ਦਸੰਬਰ ਨੂੰ ਅਟਾਰੀ-ਵਾਹਗਾ ਸਰਹੱਦ ਰਾਹੀਂ ਭਾਰਤ ਪਰਤੇਗਾ।
ਪਾਕਿਸਤਾਨ ਜਾ ਰਹੇ ਸ਼ਰਧਾਲੂਆਂ ਵਿਚ ਯਾਤਰਾ ਨੂੰ ਲੈ ਕੇ ਕਾਫ਼ੀ ਉਤਸ਼ਾਹ ਦੇਖਣ ਨੂੰ ਮਿਲਿਆ। ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਪਿਆਰ ਅਕਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਪਹਿਲੀ ਵਾਰ ਪਾਕਿਸਤਾਨ ਦੇ ਗੁਰਧਾਮਾਂ ਵਿਚ ਕੀਰਤਨ ਸੇਵਾ ਕਰਨ ਦਾ ਮੌਕਾ ਮਿਲਿਆ ਹੈ। ਲੁਧਿਆਣਾ ਦੇ ਰਮਨਪ੍ਰੀਤ ਸਿੰਘ ਭੋਰੀਆ ਨੇ ਕਿਹਾ ਕਿ ਵੰਡ ਸਮੇਂ ਉਨ੍ਹਾਂ ਦਾ ਪਰਿਵਾਰ ਪਾਕਿਸਤਾਨ ਤੋਂ ਭਾਰਤ ਆਇਆ ਸੀ। ਹੁਣ ਵਿਛੜੇ ਗੁਰਧਾਮਾਂ ਦੇ ਦਰਸ਼ਨ ਕਰਨ ਦੀ ਸਾਲਾਂ ਪੁਰਾਣੀ ਇੱਛਾ ਪੂਰੀ ਹੋ ਰਹੀ ਹੈ। ਉੱਤਰਾਖੰਡ ਤੋਂ ਦੂਜੀ ਵਾਰ ਯਾਤਰਾ ’ਤੇ ਜਾ ਰਹੇ ਹਰਜਿੰਦਰ ਸਿੰਘ ਨੇ ਵੀ ਵੀਜ਼ਾ ਮਿਲਣ ’ਤੇ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ।
ਜ਼ਿਆਦਾਤਰ ਸ਼ਰਧਾਲੂਆਂ ਨੇ ਪਾਸਪੋਰਟ ਅਤੇ ਵੀਜ਼ਾ ਸਬੰਧੀ ਪ੍ਰਕਿਰਿਆ ਵਿਚ ਐੱਸਜੀਪੀਸੀ ਵੱਲੋਂ ਕੀਤੇ ਪ੍ਰਬੰਧਾਂ ਦੀ ਸ਼ਲਾਘਾ ਕੀਤੀ। ਹਾਲਾਂਕਿ, ਗੁਰਦਾਸਪੁਰ ਦੇ ਧਾਰੀਵਾਲ ਤੋਂ ਆਏ ਕੁਝ ਸ਼ਰਧਾਲੂਆਂ ਨੇ ਰਵਾਨਗੀ ਦੇ ਸਮੇਂ ਦੀ ਸਹੀ ਜਾਣਕਾਰੀ ਨਾ ਮਿਲਣ ਕਾਰਨ ਹੋਈ ਅਸੁਵਿਧਾ ਬਾਰੇ ਵੀ ਦੱਸਿਆ।