- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰੋਂ ਚੱਲ ਰਹੇ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਨਾਲ ਜੁੜੇ ਨੈੱਟਵਰਕ ਦਾ ਪਰਦਾਫਾਸ਼ ਕਰਦਿਆਂ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ 5.557 ਕਿਲੋਗ੍ਰਾਮ ਹੈਰੋਇਨ, ਦੋ ਆਧੁਨਿਕ ਪਿਸਤੌਲ ਅਤੇ ਇੱਕ ਮੋਟਰਸਾਈਕਲ ਬਰਾਮਦ ਕੀਤਾ ਹੈ।

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਅੰਮ੍ਰਿਤਸਰ: ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰੋਂ ਚੱਲ ਰਹੇ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਨਾਲ ਜੁੜੇ ਨੈੱਟਵਰਕ ਦਾ ਪਰਦਾਫਾਸ਼ ਕਰਦਿਆਂ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ 5.557 ਕਿਲੋਗ੍ਰਾਮ ਹੈਰੋਇਨ, ਦੋ ਆਧੁਨਿਕ ਪਿਸਤੌਲ ਅਤੇ ਇੱਕ ਮੋਟਰਸਾਈਕਲ ਬਰਾਮਦ ਕੀਤਾ ਹੈ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਅਕਾਸ਼ ਸੰਧੂ, ਸੁਨੀਲ ਸਰੋਜ, ਹਰਵਿੰਦਰ ਸਿੰਘ ਉਰਫ਼ ਚਮਕੌਰ ਅਤੇ ਵੰਸ਼ ਸਿੰਘ ਵਜੋਂ ਹੋਈ ਹੈ। ਅਕਾਸ਼, ਸੁਨੀਲ ਅਤੇ ਹਰਵਿੰਦਰ ਖ਼ਿਲਾਫ਼ ਪਹਿਲਾਂ ਵੀ ਐਨਡੀਪੀਐਸ ਅਤੇ ਆਰਮਜ਼ ਐਕਟ ਤਹਿਤ ਮਾਮਲੇ ਦਰਜ ਹਨ। ਬਰਾਮਦ ਹਥਿਆਰਾਂ ਵਿੱਚ ਇੱਕ 9 ਐੱਮਐੱਮ ਗਲੌਕ ਅਤੇ ਇੱਕ .30 ਬੋਰ ਪਿਸਤੌਲ ਸ਼ਾਮਲ ਹੈ।
ਡੀਜੀਪੀ ਨੇ ਕਿਹਾ ਕਿ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਵਿਦੇਸ਼ ਵਿੱਚ ਬੈਠੇ ਤਸਕਰਾਂ ਦੇ ਸੰਪਰਕ ਵਿੱਚ ਸਨ ਅਤੇ ਨਸ਼ੇ ਤੇ ਹਥਿਆਰਾਂ ਦੀਆਂ ਖੇਪਾਂ ਸਥਾਨਕ ਅਪਰਾਧੀਆਂ ਤੱਕ ਪਹੁੰਚਾਉਣ ਦਾ ਕੰਮ ਕਰਦੇ ਸਨ। ਮਾਮਲੇ ਵਿੱਚ ਹੋਰ ਕੜੀਆਂ ਜੋੜਨ ਲਈ ਜਾਂਚ ਜਾਰੀ ਹੈ।
ਪਹਿਲਾਂ ਇੱਕ, ਫਿਰ ਤਿੰਨ ਹੋਰ ਮੁਲਜ਼ਮ ਕਾਬੂ
ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਖੁਫੀਆ ਸੂਚਨਾ ਦੇ ਆਧਾਰ 'ਤੇ ਪਹਿਲਾਂ ਅਕਾਸ਼ ਸੰਧੂ ਨੂੰ 192 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ। ਉਸ ਦੀ ਨਿਸ਼ਾਨਦੇਹੀ 'ਤੇ 776 ਗ੍ਰਾਮ ਹੋਰ ਹੈਰੋਇਨ ਬਰਾਮਦ ਹੋਈ। ਪੁੱਛਗਿੱਛ ਦੌਰਾਨ ਮਿਲੀ ਜਾਣਕਾਰੀ ਦੇ ਆਧਾਰ 'ਤੇ ਸੁਨੀਲ ਸਰੋਜ ਨੂੰ 4.589 ਕਿਲੋਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ।
ਅਗਲੀ ਜਾਂਚ ਵਿੱਚ ਹਰਵਿੰਦਰ ਸਿੰਘ ਉਰਫ਼ ਚਮਕੌਰ ਅਤੇ ਵੰਸ਼ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ ਦੋ ਪਿਸਤੌਲ ਬਰਾਮਦ ਕੀਤੇ ਗਏ। ਹਰਵਿੰਦਰ ਪਹਿਲਾਂ ਤੋਂ ਹੀ ਹੈਰੋਇਨ ਬਰਾਮਦਗੀ ਦੇ ਇੱਕ ਮਾਮਲੇ ਵਿੱਚ ਲੋੜੀਂਦਾ ਸੀ। ਪੁਲਿਸ ਅਨੁਸਾਰ ਹਰਵਿੰਦਰ ਅਤੇ ਵੰਸ਼ ਦੋਵੇਂ ਅੰਤਰਰਾਸ਼ਟਰੀ ਸਰਹੱਦ ਨੇੜਲੇ ਇੱਕੋ ਪਿੰਡ ਦੇ ਵਸਨੀਕ ਹਨ, ਜਿਸ ਕਾਰਨ ਸਰਹੱਦ ਪਾਰ ਤਸਕਰੀ ਵਿੱਚ ਉਨ੍ਹਾਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾ ਰਹੀ ਹੈ।
ਬਰਾਮਦਗੀ
5.557 ਕਿਲੋਗ੍ਰਾਮ ਹੈਰੋਇਨ
ਇੱਕ 9 ਐੱਮਐੱਮ ਗਲੌਕ ਪਿਸਤੌਲ
ਇੱਕ .30 ਬੋਰ ਪਿਸਤੌਲ
ਇੱਕ ਮੋਟਰਸਾਈਕਲ
ਪੁਲਿਸ ਦਾ ਦਾਅਵਾ
ਨਸ਼ਾ ਅਤੇ ਹਥਿਆਰਾਂ ਦੀ ਖੇਪ ਅਪਰਾਧਿਕ ਤੱਤਾਂ ਤੱਕ ਪਹੁੰਚਾਈ ਜਾਣੀ ਸੀ।
ਵਿਦੇਸ਼ੀ ਤਸਕਰਾਂ ਨਾਲ ਸੰਭਾਵਿਤ ਲਿੰਕਾਂ ਦੀ ਜਾਂਚ ਜਾਰੀ।
ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਦੀ ਸੰਭਾਵਨਾ।