ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪ੍ਰਾਰੰਭਿਕ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਦੋਸ਼ੀ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਪਾਕਿਸਤਾਨ ਅਧਾਰਿਤ ਤਸਕਰਾਂ ਨਾਲ ਸੰਪਰਕ ਵਿੱਚ ਸਨ। ਗੈਰਕਾਨੂੰਨੀ ਹਥਿਆਰਾਂ ਦੀ ਖੇਪ ਡਰੋਨਾਂ ਰਾਹੀਂ ਸਰਹੱਦ ਪਾਰੋਂ ਭੇਜੀ ਜਾਂਦੀ ਸੀ ਅਤੇ ਬਾਅਦ ਵਿੱਚ ਉਨ੍ਹਾਂ ਦੇ ਸਾਥੀਆਂ ਰਾਹੀਂ ਅਪਰਾਧਿਕ ਤੱਤਾਂ ਵਿੱਚ ਵੰਡ ਦਿੱਤੀ ਜਾਂਦੀ ਸੀ।

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਅੰਮ੍ਰਿਤਸਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਅਤੇ ਸ਼ਾਂਤਮਈ ਬਣਾਉਣ ਲਈ ਚੱਲ ਰਹੀ ਮੁਹਿੰਮ ਦੇ ਤਹਿਤ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਇੱਕ ਵੱਡੀ ਸਫਲਤਾ ਹਾਸਲ ਕਰਦਿਆਂ ਸਰਹੱਦ ਪਾਰ ਹਥਿਆਰ ਤਸਕਰੀ ਮਾਡਿਊਲ ਨੂੰ ਬੇਨਕਾਬ ਕੀਤਾ ਹੈ। ਇਸ ਕਾਰਵਾਈ ਦੌਰਾਨ ਚਾਰ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਸੱਤ ਅਧੁਨਿਕ ਪਿਸਤੌਲ ਬਰਾਮਦ ਕੀਤੇ ਗਏ ਹਨ।
ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਐਤਵਾਰ ਇੱਥੇ ਦਿੱਤੀ। ਗ੍ਰਿਫ਼ਤਾਰ ਮੁਲਜਮਾਂ ਦੀ ਪਛਾਣ ਸਮਰਬੀਰ ਸਿੰਘ ਉਰਫ਼ ਸਿਮਰ (21) ਵਸਨੀਕ ਮਹਿੰਦਰਾ ਕਾਲੋਨੀ ਅੰਮ੍ਰਿਤਸਰ; ਸਤਨਾਮ ਸਿੰਘ ਉਰਫ਼ ਸੱਟਾ (23) ਮੂਲ ਨਿਵਾਸੀ ਪਿੰਡ ਫਤਿਹਪੁਰ, ਤਰਨਤਾਰਨ ਅਤੇ ਮੌਜੂਦਾ ਵਸਨੀਕ ਕ੍ਰਿਸ਼ਨਾ ਨਗਰ ਅੰਮ੍ਰਿਤਸਰ; ਤਨੁਪ੍ਰੀਤ ਸਿੰਘ (26) ਵਸਨੀਕ ਪ੍ਰਤਾਪ ਨਗਰ ਅੰਮ੍ਰਿਤਸਰ; ਅਤੇ ਕਰਨਜੋਤ ਸਿੰਘ ਉਰਫ਼ ਸਾਜਨ (26) ਵਸਨੀਕ ਕ੍ਰਿਸ਼ਨਾ ਨਗਰ ਅੰਮ੍ਰਿਤਸਰ ਵਜੋਂ ਹੋਈ ਹੈ। ਬਰਾਮਦ ਹਥਿਆਰਾਂ ਵਿੱਚ ਦੋ 9 ਐਮਐਮ ਗਲੌਕ (ਆਸਟ੍ਰੀਆ ਬਣੇ), ਚਾਰ .30 ਬੋਰ (ਚੀਨ ਬਣੇ) ਅਤੇ ਇੱਕ .30 ਬੋਰ ਪਿਸਤੌਲ ਸ਼ਾਮਲ ਹੈ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪ੍ਰਾਰੰਭਿਕ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਦੋਸ਼ੀ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਪਾਕਿਸਤਾਨ ਅਧਾਰਿਤ ਤਸਕਰਾਂ ਨਾਲ ਸੰਪਰਕ ਵਿੱਚ ਸਨ। ਗੈਰਕਾਨੂੰਨੀ ਹਥਿਆਰਾਂ ਦੀ ਖੇਪ ਡਰੋਨਾਂ ਰਾਹੀਂ ਸਰਹੱਦ ਪਾਰੋਂ ਭੇਜੀ ਜਾਂਦੀ ਸੀ ਅਤੇ ਬਾਅਦ ਵਿੱਚ ਉਨ੍ਹਾਂ ਦੇ ਸਾਥੀਆਂ ਰਾਹੀਂ ਅਪਰਾਧਿਕ ਤੱਤਾਂ ਵਿੱਚ ਵੰਡ ਦਿੱਤੀ ਜਾਂਦੀ ਸੀ। ਉਨ੍ਹਾਂ ਕਿਹਾ ਕਿ ਇਸ ਨੈੱਟਵਰਕ ਦੇ ਅੱਗੇ ਅਤੇ ਪਿੱਛੇ ਦੇ ਲਿੰਕ ਖੋਜਣ ਲਈ ਜਾਂਚ ਜਾਰੀ ਹੈ ਤਾਂ ਜੋ ਹੋਰ ਸਾਥੀਆਂ ਦੀ ਪਛਾਣ ਕੀਤੀ ਜਾ ਸਕੇ। ਕਾਰਵਾਈ ਦੇ ਵੇਰਵੇ ਸਾਂਝੇ ਕਰਦਿਆਂ ਕਮਿਸ਼ਨਰ ਆਫ ਪੁਲਿਸ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ ’ਤੇ ਇੱਕ ਸੁਚਿੰਤਿਤ ਕਾਰਵਾਈ ਦੌਰਾਨ ਦੋਸ਼ੀ ਸਮਰਬੀਰ ਉਰਫ਼ ਸਿਮਰ ਨੂੰ ਦੋ ਗਲੌਕ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ।
ਉਨ੍ਹਾਂ ਕਿਹਾ ਕਿ ਉਸ ਤੋਂ ਪੁੱਛਗਿੱਛ ਅਤੇ ਅਗਲੇ ਕਾਰਵਾਈ ਦੌਰਾਨ ਉਸ ਦੇ ਤਿੰਨ ਹੋਰ ਸਾਥੀਆਂ—ਸਤਨਾਮ ਉਰਫ਼ ਸੱਟਾ, ਤਨੁਪ੍ਰੀਤ ਸਿੰਘ ਅਤੇ ਕਰਨਜੋਤ ਉਰਫ਼ ਸਾਜਨ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਦੀ ਨਿਸ਼ਾਨਦੇਹੀ ’ਤੇ ਹੋਰ ਪੰਜ ਪਿਸਤੌਲ ਬਰਾਮਦ ਕੀਤੇ ਗਏ। ਸੀਪੀ ਨੇ ਦੱਸਿਆ ਕਿ ਦੋਸ਼ੀ ਸਤਨਾਮ ਉਰਫ਼ ਸੱਟਾ ਪਹਿਲਾਂ ਵੀ ਇੱਕ ਕੇਸ ਵਿੱਚ ਸ਼ਾਮਲ ਰਹਿ ਚੁੱਕਾ ਹੈ ਜਿਸ ਵਿੱਚ ਉਸਦੇ ਕਬਜ਼ੇ ਵਿਚੋਂ 8 ਕਿਲੋਗ੍ਰਾਮ ਹੈਰੋਇਨ ਬਰਾਮਦ ਹੋਈ ਸੀ।
ਉਨ੍ਹਾਂ ਕਿਹਾ ਕਿ ਸਤਨਾਮ ਸੱਟਾ ਅਤੇ ਕਰਨਜੋਤ ਸਾਜਨ ਇੱਕੋ ਇਲਾਕੇ ਦੇ ਵਸਨੀਕ ਹਨ ਅਤੇ ਪਾਕਿਸਤਾਨ ਆਧਾਰਿਤ ਹੈਂਡਲਰ ਦੇ ਦਿਸ਼ਾ-ਨਿਰਦੇਸ਼ਾਂ ’ਤੇ ਕੰਮ ਕਰ ਰਹੇ ਸਨ। ਉਨ੍ਹਾਂ ਹੋਰ ਦੱਸਿਆ ਕਿ ਜਾਂਚ ਦੌਰਾਨ ਇਹ ਵੀ ਸਾਹਮਣੇ ਆਇਆ ਹੈ ਕਿ ਸਾਰੇ ਗ੍ਰਿਫ਼ਤਾਰ ਦੋਸ਼ੀ ਪੜ੍ਹੇ-ਲਿਖੇ ਹਨ ਅਤੇ ਪਹਿਲਾਂ ਇੱਕ ਨਿੱਜੀ ਕੰਪਨੀ ਵਿੱਚ ਸੇਲਜ਼ਮੈਨ ਵਜੋਂ ਕੰਮ ਕਰਦੇ ਰਹੇ ਹਨ। ਸਾਰੇ ਦੋਸ਼ੀ ਇੱਕ-ਦੂਜੇ ਨੂੰ ਜਾਣਦੇ ਸਨ ਅਤੇ ਨੇੜਲੇ ਇਲਾਕਿਆਂ ਵਿੱਚ ਰਹਿੰਦੇ ਸਨ। ਇਸ ਸਬੰਧੀ ਪੁਲਿਸ ਥਾਣਾ ਕੈਂਟੋਨਮੈਂਟ, ਅੰਮ੍ਰਿਤਸਰ ਵਿੱਚ ਐਫਆਈਆਰ ਨੰਬਰ 70 ਮਿਤੀ 30-04-2026 ਅਧੀਨ ਧਾਰਾ 25 (1-ਏ, 6, 7, 8) ਆਰਮਜ਼ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।