- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਨਸ਼ਾ ਤਸਕਰੀ ਨੈੱਟਵਰਕ ਖ਼ਿਲਾਫ਼ ਕਾਰਵਾਈ ਕਰਦਿਆਂ ਚਾਰ ਵਿਅਕਤੀਆਂ ਨੂੰ 10 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਹੈਰੋਇਨ ਦੀ ਢੋਆ-ਢੁਆਈ ਲਈ ਵਰਤਿਆ ਜਾ ਰਿਹਾ ਮੋਟਰਸਾਈਕਲ ਅਤੇ ਹੌਂਡਾ ਐਕਟਿਵਾ ਸਕੂਟਰ ਵੀ ਜ਼ਬਤ ਕੀਤਾ ਹੈ।

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਅੰਮ੍ਰਿਤਸਰ : ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਨਸ਼ਾ ਤਸਕਰੀ ਨੈੱਟਵਰਕ ਖ਼ਿਲਾਫ਼ ਕਾਰਵਾਈ ਕਰਦਿਆਂ ਚਾਰ ਵਿਅਕਤੀਆਂ ਨੂੰ 10 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਹੈਰੋਇਨ ਦੀ ਢੋਆ-ਢੁਆਈ ਲਈ ਵਰਤਿਆ ਜਾ ਰਿਹਾ ਮੋਟਰਸਾਈਕਲ ਅਤੇ ਹੌਂਡਾ ਐਕਟਿਵਾ ਸਕੂਟਰ ਵੀ ਜ਼ਬਤ ਕੀਤਾ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਮੁਤਾਬਕ ਮੁਲਜ਼ਮ ਵਿਦੇਸ਼ ਵਿੱਚ ਬੈਠੇ ਤਸਕਰਾਂ ਦੇ ਇਸ਼ਾਰੇ ’ਤੇ ਕੰਮ ਕਰ ਰਹੇ ਸਨ।
ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਸੁਖਰਾਜ ਸਿੰਘ ਵਾਸੀ ਹਰਗੋਬਿੰਦ ਐਵੀਨਿਊ, ਅਜੀਤਪਾਲ ਸਿੰਘ ਉਰਫ਼ ਮੋਟਾ ਵਾਸੀ ਖੰਡਵਾਲਾ, ਅਨਮੋਲਪ੍ਰੀਤ ਸਿੰਘ ਵਾਸੀ ਜਵਾਹਰ ਨਗਰ ਅਤੇ ਰੌਬਿਨ ਗਿੱਲ ਵਾਸੀ ਪਿੰਡ ਚੋਗਾਵਾਂ ਵਜੋਂ ਹੋਈ ਹੈ। ਸਾਰੇ ਅੰਮ੍ਰਿਤਸਰ ਜ਼ਿਲ੍ਹੇ ਨਾਲ ਸਬੰਧਤ ਹਨ।
ਡੀਜੀਪੀ ਅਨੁਸਾਰ ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਸੂਚਨਾ ਮਿਲੀ ਸੀ ਕਿ ਵਿਦੇਸ਼ ਵਿੱਚ ਬੈਠੇ ਇਕ ਹੈਂਡਲਰ ਦੇ ਨਿਰਦੇਸ਼ਾਂ ’ਤੇ ਉਕਤ ਮੁਲਜ਼ਮਾਂ ਨੇ ਹੈਰੋਇਨ ਦੀ ਵੱਡੀ ਖੇਪ ਪ੍ਰਾਪਤ ਕੀਤੀ ਹੈ ਅਤੇ ਇਸ ਨੂੰ ਅੱਗੇ ਪਹੁੰਚਾਉਣ ਜਾ ਰਹੇ ਹਨ। ਪੁਲਿਸ ਟੀਮ ਨੇ ਕਾਰਵਾਈ ਕਰਦਿਆਂ ਪਿੰਡ ਘਣੂੰਪੁਰ ਕਾਲੇ ਵਿੱਚ ਡੇਰਾ ਬਾਬਾ ਦਰਸ਼ਨ ਸਿੰਘ ਨੇੜੇ ਉਨ੍ਹਾਂ ਨੂੰ ਉਸ ਸਮੇਂ ਕਾਬੂ ਕਰ ਲਿਆ, ਜਦੋਂ ਉਹ ਮੋਟਰਸਾਈਕਲ ਅਤੇ ਸਕੂਟਰ ’ਤੇ ਜਾ ਰਹੇ ਸਨ। ਤਲਾਸ਼ੀ ਦੌਰਾਨ ਉਨ੍ਹਾਂ ਕੋਲੋਂ 10 ਕਿਲੋ ਹੈਰੋਇਨ ਬਰਾਮਦ ਹੋਈ।
ਡੀਜੀਪੀ ਨੇ ਕਿਹਾ ਕਿ ਮਾਮਲੇ ਦੀਆਂ ਅਗਲੀਆਂ-ਪਿਛਲੀਆਂ ਕੜੀਆਂ ਦਾ ਪਤਾ ਲਗਾਉਣ ਲਈ ਜਾਂਚ ਜਾਰੀ ਹੈ। ਪੁਲਿਸ ਇਸ ਨੈੱਟਵਰਕ ਨਾਲ ਜੁੜੇ ਹੋਰ ਵਿਅਕਤੀਆਂ ਦੀ ਪਛਾਣ ਕਰਨ ਅਤੇ ਸਰਹੱਦ ਪਾਰੋਂ ਚੱਲ ਰਹੀ ਤਸਕਰੀ ਦੇ ਤਾਣੇ-ਬਾਣੇ ਦਾ ਪਤਾ ਲਾਉਣ ਦੀ ਕੋਸ਼ਿਸ਼ ਕਰ ਰਹੀ ਹੈ।
ਇਸ ਸਬੰਧੀ ਥਾਣਾ ਸਟੇਟ ਸਪੈਸ਼ਲ ਆਪਰੇਸ਼ਨਜ਼ ਸੈੱਲ (ਐੱਸਐੱਸਓਸੀ), ਅੰਮ੍ਰਿਤਸਰ ਵਿੱਚ 22 ਅਕਤੂਬਰ 2026 ਨੂੰ ਐੱਨਡੀਪੀਐੱਸ ਐਕਟ ਦੀਆਂ ਧਾਰਾਵਾਂ 21, 25 ਅਤੇ 29 ਤਹਿਤ ਐੱਫਆਈਆਰ ਨੰਬਰ 67 ਦਰਜ ਕੀਤੀ ਗਈ ਹੈ।
ਕੈਪਸ਼ਨ : ਪੁਲਿਸ ਵੱਲੋਂ ਬਰਾਮਦ ਕੀਤੀ ਗਈ 10 ਕਿਲੋ ਹੈਰੋਇਨ।