ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਵਿਦੇਸ਼ੀ ਗੈਂਗਸਟਰਾਂ ਦੇ ਨਿਰਦੇਸ਼ਾਂ ’ਤੇ ਕੰਮ ਕਰ ਰਹੇ ਸਨ ਅਤੇ ਕਥਿਤ ਤੌਰ ’ਤੇ ਗੰਭੀਰ ਅਪਰਾਧਿਕ ਵਾਰਦਾਤ ਨੂੰ ਅੰਜਾਮ ਦੇਣ ਦੀ ਯੋਜਨਾ ਉਲੀਕ ਰਹੇ ਸਨ।
ਪੰਜਾਬੀ ਜਾਗਰਣ ਟੀਮ, ਚੰਡੀਗੜ੍ਹ/ਅੰਮ੍ਰਿਤਸਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਹੁਕਮਾਂ ਅਨੁਸਾਰ ਸ਼ਾਂਤੀਪੂਰਨ ਢੰਗ ਨਾਲ ਗਣਤੰਤਰ ਦਿਵਸ ਦੇ ਜਸ਼ਨਾਂ ਨੂੰ ਯਕੀਨੀ ਬਣਾਉਣ ਲਈ ਸੂਬੇ ਵਿੱਚ ਸਖ਼ਤ ਸੁਰੱਖਿਆ ਦੇ ਚਲਦਿਆਂ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ ਨੇ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦੇ ਤਿੰਨ ਮੁਲਜ਼ਮਾਂ ਨੂੰ, ਤਿੰਨ ਵਿਦੇਸ਼ੀ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ । ਇਹ ਜਾਣਕਾਰੀ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ।
ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਮਨੀ,ਜੋ ਅੰਮ੍ਰਿਤਸਰ ਦੇ ਬਾਗਵਾਨਪੁਰ ਦਾ ਵਾਸੀ ਹੈ; ਸਹਿਜਪਾਲ ਸਿੰਘ,ਜੋ ਅੰਮ੍ਰਿਤਸਰ ਦੇ ਪਿੰਡ ਵਿਛੋਆ ਦਾ ਵਸਨੀਕ ਹੈ; ਅਤੇ ਦਿਲਜਨਪ੍ਰੀਤ ਸਿੰਘ,ਜੋ ਅੰਮ੍ਰਿਤਸਰ ਦੇ ਪਿੰਡ ਸ਼ਹਿਜ਼ਾਦਾ ਦਾ ਵਾਸੀ ਹੈ, ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਦੋ 9 ਐਮ.ਐਮ. ਪਿਸਤੌਲ ਅਤੇ ਇੱਕ .30 ਬੋਰ ਪਿਸਤੌਲ ਸਮੇਤ 15 ਜ਼ਿੰਦਾ ਕਾਰਤੂਸ ਵੀ ਸ਼ਾਮਲ ਹਨ। ਇਸ ਤੋਂ ਇਲਾਵਾ ਪੁਲਿਸ ਟੀਮਾਂ ਨੇ ਉਨ੍ਹਾਂ ਦਾ ਸਪਲੈਂਡਰ ਮੋਟਰਸਾਈਕਲ , ਜਿਸਦਾ ਰਜਿਸਟਰੇਸ਼ਨ ਨੰਬਰ ਪੀਬੀ02 ਈਟੀ 8857 ਹੈ,ਵੀ ਜ਼ਬਤ ਕੀਤਾ ਹੈ, ਜਿਸਦੀ ਵਰਤੋਂ ਗੈਰ-ਕਾਨੂੰਨੀ ਹਥਿਆਰਾਂ ਦੀ ਢੋਆ-ਢੁਆਈ ਲਈ ਕੀਤੀ ਜਾ ਰਹੀ ਸੀ।
ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਵਿਦੇਸ਼ੀ ਗੈਂਗਸਟਰਾਂ ਦੇ ਨਿਰਦੇਸ਼ਾਂ ’ਤੇ ਕੰਮ ਕਰ ਰਹੇ ਸਨ ਅਤੇ ਕਥਿਤ ਤੌਰ ’ਤੇ ਗੰਭੀਰ ਅਪਰਾਧਿਕ ਵਾਰਦਾਤ ਨੂੰ ਅੰਜਾਮ ਦੇਣ ਦੀ ਯੋਜਨਾ ਉਲੀਕ ਰਹੇ ਸਨ।
ਕਾਰਵਾਈ ਸੰਬੰਧੀ ਵੇਰਵੇ ਸਾਂਝੇ ਕਰਦਿਆਂ ਉਨ੍ਹਾਂ ਕਿਹਾ ਕਿ ਪੁਲਿਸ ਨੂੰ ਲੋੜੀਂਦੇ ਅਪਰਾਧੀ ਮਨੀ ਅਤੇ ਉਸਦੇ ਸਾਥੀਆਂ ਕੋਲ ਗੈਰ-ਕਾਨੂੰਨੀ ਹਥਿਆਰ ਹੋਣ ਅਤੇ ਇਲਾਕੇ ਵਿੱਚ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦੇਣ ਦੀ ਯੋਜਨਾ ਬਣਾਉਣ ਬਾਰੇ ਪੁਖ਼ਤਾ ਇਤਲਾਹ ਮਿਲੀ ਸੀ , ਜਿਸ ’ਤੇ ਕਾਰਵਾਈ ਕਰਦਿਆਂ ਸੀ.ਆਈ. ਅੰਮ੍ਰਿਤਸਰ ਦੀਆਂ ਟੀਮਾਂ ਨੇ ਉਕਤ ਮੁਲਜ਼ਮਾਂ ਨੂੰ ਉਦੋਂ ਘੇਰ ਲਿਆ ਜਦੋਂ ਉਹ ਅੰਮ੍ਰਿਤਸਰ-ਫਤਿਹਗੜ੍ਹ ਚੂੜੀਆਂ ਰੋਡ ’ਤੇ ਪਿੰਡ ਮੁਰਾਦਪੁਰਾ ਵੱਲ ਜਾ ਰਹੇ ਸਨ।
ਜਾਣਕਾਰੀ ਮੁਤਾਬਿਕ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਮਨੀ, ਅਕਤੂਬਰ 2025 ਵਿੱਚ ਪੁਲਿਸ ਥਾਣਾ ਐਸ.ਐਸ.ਓ.ਸੀ. ਅੰਮ੍ਰਿਤਸਰ ਵਿਖੇ ਗੈਰ-ਕਾਨੂੰਨੀ ਹਥਿਆਰਾਂ ਦੀ ਬਰਾਮਦਗੀ ਤੋਂ ਬਾਅਦ ਦਰਜ ਕੀਤੇ ਗਏ ਅਸਲਾ ਐਕਟ ਦੇ ਮਾਮਲੇ ਵਿੱਚ ਵੀ ਪੰਜਾਬ ਪੁਲਿਸ ਨੂੰ ਲੋੜੀਂਦਾ ਸੀ।
ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਪੂਰੀ ਸਪਲਾਈ ਚੇਨ ਦਾ ਪਤਾ ਲਗਾਉਣ ਅਤੇ ਅਗਲੇ-ਪਿਛਲੇ ਸਬੰਧ , ਜਿਸ ਵਿੱਚ ਸਰਹੱਦ ਪਾਰ ਦੇ ਸੰਭਾਵੀ ਸੰਪਰਕ ਵੀ ਸ਼ਾਮਲ ਹਨ, ਸਥਾਪਤ ਕਰਨ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ।
ਇਸ ਸਬੰਧ ਵਿੱਚ ਅਸਲਾ ਐਕਟ ਦੀ ਧਾਰਾ 25 ਅਤੇ 25(1)(ਏ) ਅਤੇ ਬੀਐਨਐਸ ਐਕਟ ਦੀ ਧਾਰਾ 61(2) ਦੇ ਤਹਿਤ ਪੁਲਿਸ ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਅੰਮ੍ਰਿਤਸਰ ਵਿਖੇ ਐਫਆਈਆਰ ਨੰਬਰ 4 ਮਿਤੀ 23-01-2026 ਨੂੰ ਕੇਸ ਦਰਜ ਕੀਤਾ ਗਿਆ ਹੈ।