Amritsar News : ਬੰਦੀ ਸਿੰਘਾਂ ਦੀ ਰਿਹਾਈ ’ਚ ਦੇਰੀ, ਪਰ...: ਗਿਆਨੀ ਰਘਬੀਰ ਸਿੰਘ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੇ ਦਵਿੰਦਰ ਪਾਲ ਸਿੰਘ ਭੁੱਲਰ ਦੀ ਯਾਚਿਕਾ ਰੱਦ ਕੀਤੇ ਜਾਣ ’ਤੇ ਸਖਤ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਸਰਕਾਰ ਵੱਲੋਂ ਕੋਈ ਢੁਕਵਾਂ ਕਦਮ ਨਹੀਂ ਚੁੱਕਿਆ ਜਾ ਰਿਹਾ, ਇਹ ਮਾਮਲਾ ਮਨੁੱਖੀ ਅਧਿਕਾਰਾਂ ਅਤੇ ਨਿਆਂ ਨਾਲ ਜੁੜਿਆ ਹੋਇਆ ਹੈ, ਜਿਸ ਨੂੰ ਲੰਬੇ ਸਮੇਂ ਤੱਕ ਟਾਲਿਆ ਨਹੀਂ ਜਾਣਾ ਚਾਹੀਦਾ।
Publish Date: Tue, 17 Feb 2026 08:11 PM (IST)
Updated Date: Tue, 17 Feb 2026 08:15 PM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਅੰਮ੍ਰਿਤਸਰ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੇ ਦਵਿੰਦਰ ਪਾਲ ਸਿੰਘ ਭੁੱਲਰ ਦੀ ਯਾਚਿਕਾ ਰੱਦ ਕੀਤੇ ਜਾਣ ’ਤੇ ਸਖਤ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਸਰਕਾਰ ਵੱਲੋਂ ਕੋਈ ਢੁਕਵਾਂ ਕਦਮ ਨਹੀਂ ਚੁੱਕਿਆ ਜਾ ਰਿਹਾ, ਇਹ ਮਾਮਲਾ ਮਨੁੱਖੀ ਅਧਿਕਾਰਾਂ ਅਤੇ ਨਿਆਂ ਨਾਲ ਜੁੜਿਆ ਹੋਇਆ ਹੈ, ਜਿਸ ਨੂੰ ਲੰਬੇ ਸਮੇਂ ਤੱਕ ਟਾਲਿਆ ਨਹੀਂ ਜਾਣਾ ਚਾਹੀਦਾ।
ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਇਕ ਪਾਸੇ ਬੰਦੀ ਸਿੰਘਾਂ ਦੀ ਰਿਹਾਈ ਬਾਰੇ ਗੰਭੀਰਤਾ ਨਹੀਂ ਦਿਖਾਈ ਜਾ ਰਹੀ, ਦੂਜੇ ਪਾਸੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਵਾਰ-ਵਾਰ ਪਰੋਲ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਫੈਂਸਲੇ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਂਦੇ ਹਨ ਅਤੇ ਸਰਕਾਰਾਂ ਨੂੰ ਇਸ ਮਾਮਲੇ ਵਿਚ ਸੰਵੇਦਨਸ਼ੀਲ ਰਵੱਈਆ ਅਪਣਾਉਂਣਾ ਚਾਹੀਦਾ ਹੈ। ਉਨ੍ਹਾਂ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਨਿਆਂ ਦੇ ਮਾਪਦੰਡ ਸਾਰੇ ਲਈ ਇੱਕੋ ਜਿਹੇ ਹੋਣੇ ਚਾਹੀਦੇ ਹਨ। ਗਿਆਨੀ ਰਘਬੀਰ ਸਿੰਘ ਨੇ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਏਆਈ ਤਕਨੀਕ ਨਾਲ ਤਿਆਰ ਵੀਡੀਓ ਦੀ ਨਿੰਦਾ ਕੀਤੀ।
ਉਨ੍ਹਾਂ ਕਿਹਾ ਕਿ ਇਹ ਵੀਡੀਓ ਪੂਰੀ ਤਰ੍ਹਾਂ ਧਾਰਮਿਕ ਸਥਾਨ ਦੀ ਮਰਿਆਦਾ ਨੂੰ ਠੇਸ ਪਹੁੰਚਾਉਣ ਦੀ ਕੋਸ਼ਿਸ਼ ਹੈ। ਉਨ੍ਹਾਂ ਸਰਕਾਰਾਂ ਨੂੰ ਅਪੀਲ ਕੀਤੀ ਕਿ ਇਸ ਮਾਮਲੇ ਦੀ ਗੰਭੀਰ ਜਾਂਚ ਕਰਕੇ ਦੋਸ਼ੀਆਂ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇ, ਤਾਂ ਜੋ ਭਵਿੱਖ ਵਿੱਚ ਕੋਈ ਵੀ ਅਜਿਹੀ ਗਲਤ ਹਰਕਤ ਕਰਨ ਦੀ ਹਿੰਮਤ ਨਾ ਕਰੇ। ਉਨ੍ਹਾਂ ਸੰਗਤ ਨੂੰ ਵੀ ਅਪੀਲ ਕੀਤੀ ਕਿ ਇਸ ਤਰ੍ਹਾਂ ਦੀਆਂ ਭੜਕਾਉ ਜਾਂ ਭ੍ਰਮ ਫੈਲਾਉਂਣ ਵਾਲੀਆਂ ਵੀਡੀਓ ਨੂੰ ਅੱਗੇ ਸ਼ੇਅਰ ਨਾ ਕੀਤਾ ਜਾਵੇ।