Amritsar News : ਸਰਹੱਦ ਪਾਰੋਂ ਚੱਲ ਰਹੇ ਨਸ਼ਾ ਤਸਕਰੀ ਨੈੱਟਵਰਕ ਦਾ ਪਰਦਾਫਾਸ਼, ਪੰਜ ਕਿਲੋ ਹੈਰੋਇਨ ਸਣੇ ਇਕ ਵਿਅਕਤੀ ਕਾਬੂ
ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤਾ ਗਿਆ ਮੁਲਜਮ ਕੁਲਦੀਪ ਸਿੰਘ ਪਾਕਿਸਤਾਨ ਅਧਾਰਤ ਤਸਕਰ ਅਵਾਨ ਦੇ ਨਿਰਦੇਸ਼ਾਂ ’ਤੇ ਕੰਮ ਕਰ ਰਿਹਾ ਸੀ, ਜੋ ਸਰਹੱਦ ਪਾਰ ਤੋਂ ਨਸ਼ੀਲੇ ਪਦਾਰਥਾਂ ਦੀਆਂ ਖੇਪਾਂ ਡਰੋਨ ਰਾਹੀਂ ਭਾਰਤ ਪਹੁੰਚਾਉਂਦਾ ਸੀ।
Publish Date: Mon, 01 Dec 2025 05:45 PM (IST)
Updated Date: Mon, 01 Dec 2025 05:48 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਅੰਮ੍ਰਿਤਸਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਮੁਕੰਮਲ ਤੌਰ ‘ਤੇ ਨਸ਼ਾ ਮੁਕਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਸਰਹੱਦ ਪਾਰੋਂ ਚੱਲ ਰਹੇ ਨਸ਼ਾ ਤਸਕਰੀ ਮਾਡਿਊਲ ਦੇ ਇੱਕ ਕਾਰਕੁੰਨ ਨੂੰ 5 ਕਿਲੋ ਹੈਰੋਇਨ ਸਮੇਤ ਗ੍ਰਿਫਤਾਰ ਕਰਕੇ ਇਸ ਗਿਰੋਹ ਦਾ ਪਰਦਾਫ਼ਾਸ਼ ਕੀਤਾ ਹੈ।
ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸੋਮਵਾਰ ਨੂੰ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਮੁਲਜਮ ਦੀ ਪਛਾਣ ਕੁਲਦੀਪ ਸਿੰਘ ਵਜੋਂ ਹੋਈ ਹੈ, ਜੋ ਕਿ ਅੰਮ੍ਰਿਤਸਰ ਦਿਹਾਤੀ ਦੇ ਪਿੰਡ ਭਿੰਡੀ ਔਲਖ ਕਲਾਂ ਦਾ ਰਹਿਣ ਵਾਲਾ ਹੈ। ਪੁਲਿਸ ਟੀਮਾਂ ਨੇ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਤੋਂ ਇਲਾਵਾ ਉਕਤ ਦੀ ਹੀਰੋ ਡੀਲਕਸ ਮੋਟਰਸਾਈਕਲ ਵੀ ਜ਼ਬਤ ਕੀਤੀ ਹੈ, ਜਿਸਦੀ ਵਰਤੋਂ ਦੋਸ਼ੀ ਖੇਪਾਂ ਲਿਆਉਣ-ਲਿਜਾਣ ਲਈ ਕਰਦਾ ਸੀ।
ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤਾ ਗਿਆ ਮੁਲਜਮ ਕੁਲਦੀਪ ਸਿੰਘ ਪਾਕਿਸਤਾਨ ਅਧਾਰਤ ਤਸਕਰ ਅਵਾਨ ਦੇ ਨਿਰਦੇਸ਼ਾਂ ’ਤੇ ਕੰਮ ਕਰ ਰਿਹਾ ਸੀ, ਜੋ ਸਰਹੱਦ ਪਾਰ ਤੋਂ ਨਸ਼ੀਲੇ ਪਦਾਰਥਾਂ ਦੀਆਂ ਖੇਪਾਂ ਡਰੋਨ ਰਾਹੀਂ ਭਾਰਤ ਪਹੁੰਚਾਉਂਦਾ ਸੀ। ਆਪ੍ਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦੇ ਹੋਏ ਡੀਜੀਪੀ ਨੇ ਕਿਹਾ ਕਿ ਸੀਆਈ ਅੰਮ੍ਰਿਤਸਰ ਦੀਆਂ ਟੀਮਾਂ ਨੂੰ ਭਾਰਤ-ਪਾਕਿਸਤਾਨ ਸਰਹੱਦੀ ਖੇਤਰ ਨੇੜਲੇ ਪਿੰਡ ਭਿੰਡੀ ਔਲਖ ਤੋਂ ਨਸ਼ੀਲੇ ਪਦਾਰਥਾਂ ਦੀ ਵੱਡੀ ਖੇਪ ਪ੍ਰਾਪਤ ਹੋਣ ਸਬੰਧੀ ਪੁਖਤਾ ਇਤਲਾਹ ਮਿਲੀ ਸੀ, ਜੋ ਇਕ ਸ਼ੱਕੀ ਵਿਅਕਤੀ ਵੱਲੋਂ ਪਿੰਡ ਭਿੰਡੀ ਔਲਖ ਦੇ ਗੇਟ ਨੇੜਲੇ ਇਲਾਕੇ ਤੋਂ ਅੱਗੇ ਡਿਲੀਵਰ ਕੀਤੀ ਜਾਣੀ ਸੀ ।
ਉਨ੍ਹਾਂ ਕਿਹਾ ਕਿ ਇਤਲਾਹ ‘ਤੇ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ, ਸੀਆਈ ਅੰਮ੍ਰਿਤਸਰ ਦੀ ਪੁਲਿਸ ਟੀਮ ਨੇ ਅਜਨਾਲਾ- ਲੋਪੋਕੇ ਸੜਕ ’ਤੇ ਸ਼ੱਕੀ ਕੁਲਦੀਪ ਸਿੰਘ ਨੂੰ ਗ੍ਰਿਫਤਾਰ ਕੀਤਾ ਅਤੇ ਉਸ ਦੇ ਕਬਜ਼ੇ ਵਿੱਚੋਂ ਹੈਰੋਇਨ ਦੀ ਖੇਪ ਬਰਾਮਦ ਕੀਤੀ। ਉਨ੍ਹਾਂ ਕਿਹਾ ਕਿ ਨੈੱਟਵਰਕ ਦੇ ਅਗਲੇ -ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ। ਇਸ ਸਬੰਧ ਵਿੱਚ, ਪੁਲਿਸ ਸਟੇਸ਼ਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਅੰਮ੍ਰਿਤਸਰ ਵਿਖੇ ਐਨਡੀਪੀਐਸ ਐਕਟ ਦੀਆਂ ਧਾਰਾਵਾਂ 21, 25 ਅਤੇ 29 ਤਹਿਤ ਐਫਆਈਆਰ ਨੰਬਰ 71 ਮਿਤੀ 29-11-2025 ਤਹਿਤ ਕੇਸ ਦਰਜ ਕੀਤਾ ਗਿਆ ਹੈ।