Amritsar News : ਹਵਾਈ ਅੱਡੇ ਦੇ ਬਾਹਰ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਗੋਲ਼ੀਬਾਰੀ 'ਚ ਦੋ ਅਪਰਾਧੀ ਜ਼ਖ਼ਮੀ
ਪੁਲਿਸ ਅਤੇ ਬਦਮਾਸ਼ਾਂ ਵਿਚਕਾਰ ਮੁਕਾਬਲੇ ਦੀ ਘਟਨਾ ਸਾਹਮਣੇ ਆਈ ਹੈ। ਪੁਲਿਸ ਨੇ ਅੰਮ੍ਰਿਤਸਰ ਹਵਾਈ ਅੱਡੇ ਦੇ ਬਾਹਰ ਦੋ ਅਪਰਾਧੀਆਂ ਨੂੰ ਘੇਰ ਲਿਆ, ਜਿਸ ਤੋਂ ਬਾਅਦ ਦੋਵਾਂ ਪਾਸਿਆਂ ਤੋਂ ਗੋਲ਼ੀਬਾਰੀ ਹੋਈ। ਮੁਕਾਬਲੇ ਵਿਚ ਦੋਵੇਂ ਅਪਰਾਧੀ ਜ਼ਖਮੀ ਹੋ ਗਏ ਅਤੇ ਉਨ੍ਹਾਂ ਨੂੰ ਤੁਰੰਤ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ।
Publish Date: Mon, 15 Dec 2025 06:14 PM (IST)
Updated Date: Mon, 15 Dec 2025 06:20 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਅੰਮ੍ਰਿਤਸਰ : ਪੁਲਿਸ ਅਤੇ ਬਦਮਾਸ਼ਾਂ ਵਿਚਕਾਰ ਮੁਕਾਬਲੇ ਦੀ ਘਟਨਾ ਸਾਹਮਣੇ ਆਈ ਹੈ। ਪੁਲਿਸ ਨੇ ਅੰਮ੍ਰਿਤਸਰ ਹਵਾਈ ਅੱਡੇ ਦੇ ਬਾਹਰ ਦੋ ਅਪਰਾਧੀਆਂ ਨੂੰ ਘੇਰ ਲਿਆ, ਜਿਸ ਤੋਂ ਬਾਅਦ ਦੋਵਾਂ ਪਾਸਿਆਂ ਤੋਂ ਗੋਲ਼ੀਬਾਰੀ ਹੋਈ। ਮੁਕਾਬਲੇ ਵਿਚ ਦੋਵੇਂ ਅਪਰਾਧੀ ਜ਼ਖਮੀ ਹੋ ਗਏ ਅਤੇ ਉਨ੍ਹਾਂ ਨੂੰ ਤੁਰੰਤ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ। ਪੁਲਿਸ ਸੂਤਰਾਂ ਅਨੁਸਾਰ, ਜ਼ਖ਼ਮੀ ਅਪਰਾਧੀਆਂ ਦੀ ਪਛਾਣ ਗੁਰਪਿੰਦਰ ਸਿੰਘ ਅਤੇ ਵੰਸ਼ਪ੍ਰੀਤ ਸਿੰਘ ਵਜੋਂ ਹੋਈ ਹੈ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਵੇਂ ਮੁਲਜ਼ਮ ਫਿਰੌਤੀ ਗਿਰੋਹ ਨਾਲ ਜੁੜੇ ਹੋਏ ਸਨ ਅਤੇ ਲੰਬੇ ਸਮੇਂ ਤੋਂ ਪੁਲਿਸ ਦੀ ਨਿਗਰਾਨੀ ਹੇਠ ਸਨ।
ਦੱਸਿਆ ਜਾ ਰਿਹਾ ਹੈ ਕਿ ਪੁਲਿਸ ਨੂੰ ਉਨ੍ਹਾਂ ਦੀਆਂ ਹਰਕਤਾਂ ਬਾਰੇ ਭਰੋਸੇਯੋਗ ਜਾਣਕਾਰੀ ਮਿਲੀ ਸੀ, ਜਿਸ ਦੇ ਆਧਾਰ 'ਤੇ ਉਨ੍ਹਾਂ ਨੂੰ ਰੋਕਣ ਲਈ ਹਵਾਈ ਅੱਡੇ ਦੇ ਬਾਹਰ ਨਾਕਾਬੰਦੀ ਕੀਤੀ ਗਈ ਸੀ।
ਸੂਤਰਾਂ ਅਨੁਸਾਰ ਜਦੋਂ ਪੁਲਿਸ ਨੇ ਦੋਵਾਂ ਅਪਰਾਧੀਆਂ ਨੂੰ ਘੇਰ ਲਿਆ ਤਾਂ ਉਨ੍ਹਾਂ ਨੇ ਪੁਲਿਸ 'ਤੇ ਗੋਲ਼ੀਬਾਰੀ ਕੀਤੀ। ਜਵਾਬੀ ਕਾਰਵਾਈ ਵਿਚ ਪੁਲਿਸ ਨੇ ਵੀ ਗੋਲ਼ੀਬਾਰੀ ਕੀਤੀ, ਜਿਸ ਵਿਚ ਦੋਵੇਂ ਅਪਰਾਧੀ ਜ਼ਖ਼ਮੀ ਹੋ ਗਏ। ਇਸ ਤੋਂ ਬਾਅਦ ਮੌਕੇ 'ਤੇ ਭਾਰੀ ਪੁਲਿਸ ਫੋਰਸ ਤਾਇਨਾਤ ਕਰ ਦਿੱਤੀ ਗਈ ਅਤੇ ਪੂਰੇ ਇਲਾਕੇ ਨੂੰ ਸੁਰੱਖਿਅਤ ਕਰ ਲਿਆ ਗਿਆ।
ਘਟਨਾ ਦੀ ਜਾਣਕਾਰੀ ਮਿਲਦੇ ਹੀ ਡੀਆਈਜੀ ਬਾਰਡਰ ਰੇਂਜ ਸੰਦੀਪ ਗੋਇਲ ਅਤੇ ਐੱਸਐੱਸਪੀ ਦਿਹਾਤੀ ਸੋਹੇਲ ਕਾਸਿਮ ਮੀਰ ਮੌਕੇ 'ਤੇ ਪਹੁੰਚੇ। ਦੋਵਾਂ ਮੁਲਜ਼ਮਾਂ ਨੂੰ ਬਾਅਦ ਵਿਚ ਇਲਾਜ ਲਈ ਹਸਪਤਾਲ ਲਿਜਾਇਆ ਗਿਆ। ਫਿਲਹਾਲ ਦੋਵਾਂ ਮੁਲਜ਼ਮਾਂ ਦਾ ਪੁਲਿਸ ਨਿਗਰਾਨੀ ਹੇਠ ਇਲਾਜ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। ਇਸ ਪੂਰੇ ਮਾਮਲੇ ਬਾਰੇ ਪੁਲਿਸ ਵੱਲੋਂ ਕੋਈ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ। ਹਾਲਾਕਿ ਡੀਆਈਜੀ ਬਾਰਡਰ ਰੇਂਜ ਸੰਦੀਪ ਗੋਇਲ ਅਤੇ ਐੱਸਐੱਸਪੀ ਦਿਹਾਤੀ ਸੋਹੇਲ ਕਾਸਿਮ ਮੀਰ ਜਲਦੀ ਹੀ ਇਸ ਮੁਕਾਬਲੇ ਬਾਰੇ ਪ੍ਰੈਸ ਕਾਨਫਰੰਸ ਕਰਨਗੇ।