- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜੰਡਿਆਲਾ ਗੁਰੂ ਦੇ ਮਹੱਲਾ ਸ਼ੇਰਪੁਰ ਵਿੱਚ ਬੁੱਧਵਾਰ ਰਾਤ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਅਣਪਛਾਤੇ ਹਮਲਾਵਰਾਂ ਵੱਲੋਂ ਇੱਕ ਘਰ ਨੂੰ ਨਿਸ਼ਾਨਾ ਬਣਾਉਂਦਿਆਂ ਕਰੀਬ 15 ਤੋਂ 20 ਰੌਂਦ ਫਾਇਰ ਕਰ ਦਿੱਤੇ ਗਏ। ਗੋਲੀਬਾਰੀ ਦੀ ਆਵਾਜ਼ ਸੁਣਦੇ ਹੀ ਇਲਾਕੇ ਦੇ ਲੋਕ ਘਰਾਂ ਤੋਂ ਬਾਹਰ ਨਿਕਲ ਆਏ ਅਤੇ ਪੂਰੇ ਮੁਹੱਲੇ ਵਿੱਚ ਹੜਕੰਪ ਮਚ ਗਿਆ।

ਪੰਜਾਬੀ ਜਾਗਰਣ ਟੀਮ, ਜੰਡਿਆਲਾ ਗੁਰੂ : ਜੰਡਿਆਲਾ ਗੁਰੂ ਦੇ ਮਹੱਲਾ ਸ਼ੇਰਪੁਰ ਵਿੱਚ ਬੁੱਧਵਾਰ ਰਾਤ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਅਣਪਛਾਤੇ ਹਮਲਾਵਰਾਂ ਵੱਲੋਂ ਇੱਕ ਘਰ ਨੂੰ ਨਿਸ਼ਾਨਾ ਬਣਾਉਂਦਿਆਂ ਕਰੀਬ 15 ਤੋਂ 20 ਰੌਂਦ ਫਾਇਰ ਕਰ ਦਿੱਤੇ ਗਏ। ਗੋਲੀਬਾਰੀ ਦੀ ਆਵਾਜ਼ ਸੁਣਦੇ ਹੀ ਇਲਾਕੇ ਦੇ ਲੋਕ ਘਰਾਂ ਤੋਂ ਬਾਹਰ ਨਿਕਲ ਆਏ ਅਤੇ ਪੂਰੇ ਮੁਹੱਲੇ ਵਿੱਚ ਹੜਕੰਪ ਮਚ ਗਿਆ।
ਜਾਣਕਾਰੀ ਅਨੁਸਾਰ ਇਹ ਫਾਇਰਿੰਗ ਮਹੱਲਾ ਸ਼ੇਰਪੁਰ ਵਾਸੀ ਸੰਤੋਖ ਸਿੰਘ ਦੇ ਘਰ 'ਤੇ ਕੀਤੀ ਗਈ। ਦੱਸਿਆ ਜਾ ਰਿਹਾ ਹੈ ਕਿ ਹਮਲਾਵਰ ਤਿੰਨ ਮੋਟਰਸਾਈਕਲਾਂ 'ਤੇ ਸਵਾਰ ਹੋ ਕੇ ਆਏ ਸਨ ਅਤੇ ਉਨ੍ਹਾਂ ਦੀ ਗਿਣਤੀ ਨੌਂ ਤੋਂ ਵੱਧ ਸੀ। ਹਮਲਾਵਰਾਂ ਨੇ ਘਰ ਵੱਲ ਅੰਨ੍ਹੇਵਾਹ ਗੋਲੀਆਂ ਚਲਾਈਆਂ ਅਤੇ ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਮੌਕੇ ਤੋਂ ਫਰਾਰ ਹੋ ਗਏ।
ਪੀੜਤ ਸੰਤੋਖ ਸਿੰਘ, ਜੋ ਕਿ ਸੇਂਟ ਪੀਟਰ ਸਕੂਲ ਵਿੱਚ ਸਫਾਈ ਸੇਵਕ ਵਜੋਂ ਡਿਊਟੀ ਨਿਭਾ ਰਹੇ ਹਨ, ਨੇ ਦੱਸਿਆ ਕਿ ਉਨ੍ਹਾਂ ਦੀ ਕਿਸੇ ਵੀ ਵਿਅਕਤੀ ਨਾਲ ਕੋਈ ਪੁਰਾਣੀ ਰੰਜਿਸ਼ ਜਾਂ ਦੁਸ਼ਮਣੀ ਨਹੀਂ ਹੈ। ਉਨ੍ਹਾਂ ਕਿਹਾ ਕਿ ਉਹ ਇੱਕ ਸਧਾਰਨ ਪਰਿਵਾਰ ਨਾਲ ਸੰਬੰਧਿਤ ਹਨ ਅਤੇ ਉਨ੍ਹਾਂ ਨੂੰ ਸਮਝ ਨਹੀਂ ਆ ਰਹੀ ਕਿ ਉਨ੍ਹਾਂ ਦੇ ਘਰ ਨੂੰ ਨਿਸ਼ਾਨਾ ਕਿਉਂ ਬਣਾਇਆ ਗਿਆ। ਪਰਿਵਾਰ ਨੇ ਦੋਸ਼ੀਆਂ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕਰਕੇ ਇਨਸਾਫ਼ ਦਿਵਾਉਣ ਦੀ ਮੰਗ ਕੀਤੀ ਹੈ।
ਘਟਨਾ ਦੀ ਸੂਚਨਾ ਮਿਲਦੇ ਹੀ ਐਸਐਚਓ ਜੰਡਿਆਲਾ ਗੁਰੂ ਹਰਪਾਲ ਸਿੰਘ ਪੁਲਿਸ ਪਾਰਟੀ ਸਮੇਤ ਮੌਕੇ 'ਤੇ ਪਹੁੰਚੇ ਅਤੇ ਸਥਿਤੀ ਦਾ ਜਾਇਜ਼ਾ ਲਿਆ। ਪੁਲਿਸ ਨੇ ਇਲਾਕੇ ਦੀ ਘੇਰਾਬੰਦੀ ਕਰ ਕੇ ਸਬੂਤ ਇਕੱਠੇ ਕਰਨ ਦੀ ਕਾਰਵਾਈ ਸ਼ੁਰੂ ਕਰ ਦਿੱਤੀ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਸਐਚਓ ਹਰਪਾਲ ਸਿੰਘ ਨੇ ਦੱਸਿਆ ਕਿ ਘਟਨਾ ਸਬੰਧੀ ਵੱਖ-ਵੱਖ ਪੱਖਾਂ ਤੋਂ ਜਾਂਚ ਕੀਤੀ ਜਾ ਰਹੀ ਹੈ। ਇਲਾਕੇ ਅਤੇ ਆਸ-ਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ ਅਤੇ ਹਮਲਾਵਰਾਂ ਦੀ ਪਛਾਣ ਲਈ ਟੀਮਾਂ ਲਗਾ ਦਿੱਤੀਆਂ ਗਈਆਂ ਹਨ। ਉਨ੍ਹਾਂ ਭਰੋਸਾ ਦਿਵਾਇਆ ਕਿ ਦੋਸ਼ੀਆਂ ਨੂੰ ਬਹੁਤ ਜਲਦੀ ਕਾਬੂ ਕਰਕੇ ਕਾਨੂੰਨ ਦੇ ਕਟਘਰੇ ਵਿੱਚ ਲਿਆਂਦਾ ਜਾਵੇਗਾ।
ਇਸ ਦਿਲ ਦਹਿਲਾ ਦੇਣ ਵਾਲੀ ਘਟਨਾ ਤੋਂ ਬਾਅਦ ਮਹੱਲਾ ਸ਼ੇਰਪੁਰ ਦੇ ਵਸਨੀਕਾਂ ਵਿੱਚ ਡਰ ਅਤੇ ਸਹਿਮ ਦਾ ਮਾਹੌਲ ਹੈ। ਲੋਕਾਂ ਨੇ ਪੁਲਿਸ ਪ੍ਰਸ਼ਾਸਨ ਤੋਂ ਇਲਾਕੇ ਵਿੱਚ ਗਸ਼ਤ ਵਧਾਉਣ ਅਤੇ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਸਖ਼ਤ ਕਦਮ ਚੁੱਕਣ ਦੀ ਮੰਗ ਕੀਤੀ ਹੈ। ਪੁਲਿਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।