- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਦੁੱਧ ਅਤੇ ਦੁੱਧ ਉਤਪਾਦਾਂ ਵਿੱਚ ਵੱਧ ਰਹੀ ਮਿਲਾਵਟ ਦੇ ਵਿਰੋਧ ਵਿੱਚ ਅੰਮ੍ਰਿਤਸਰ ਦੋਧੀ ਯੂਨੀਅਨ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵੱਲੋਂ ਸਾਂਝੇ ਤੌਰ ’ਤੇ ਰੋਸ ਪ੍ਰਦਰਸ਼ਨ ਕੀਤਾ ਗਿਆ। ਫਤਿਹਗੜ੍ਹ ਚੂੜੀਆਂ ਰੋਡ ’ਤੇ ਹੋਏ ਇਸ ਪ੍ਰਦਰਸ਼ਨ ਦੌਰਾਨ ਦੁੱਧ ਉਤਪਾਦਕਾਂ ਨੇ ਸੜਕ ’ਤੇ ਦੁੱਧ ਸੁੱਟ ਕੇ ਸਰਕਾਰ ਅਤੇ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।

ਪੰਜਾਬੀ ਜਾਗਰਣ, ਅੰਮ੍ਰਿਤਸਰ : ਦੁੱਧ ਅਤੇ ਦੁੱਧ ਉਤਪਾਦਾਂ ਵਿੱਚ ਵੱਧ ਰਹੀ ਮਿਲਾਵਟ ਦੇ ਵਿਰੋਧ ਵਿੱਚ ਅੰਮ੍ਰਿਤਸਰ ਦੋਧੀ ਯੂਨੀਅਨ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵੱਲੋਂ ਸਾਂਝੇ ਤੌਰ ’ਤੇ ਰੋਸ ਪ੍ਰਦਰਸ਼ਨ ਕੀਤਾ ਗਿਆ। ਫਤਿਹਗੜ੍ਹ ਚੂੜੀਆਂ ਰੋਡ ’ਤੇ ਹੋਏ ਇਸ ਪ੍ਰਦਰਸ਼ਨ ਦੌਰਾਨ ਦੁੱਧ ਉਤਪਾਦਕਾਂ ਨੇ ਸੜਕ ’ਤੇ ਦੁੱਧ ਸੁੱਟ ਕੇ ਸਰਕਾਰ ਅਤੇ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।
ਯੂਨੀਅਨ ਦੇ ਪ੍ਰਧਾਨ ਰਣਜੀਤ ਸਿੰਘ ਅਤੇ ਕਿਸਾਨ ਆਗੂ ਕਰਮਜੀਤ ਸਿੰਘ ਨੰਗਲੀ ਨੇ ਦੋਸ਼ ਲਾਇਆ ਕਿ ਬਾਜ਼ਾਰ ਵਿੱਚ ਨਕਲੀ ਅਤੇ ਮਿਲਾਵਟੀ ਦੁੱਧ, ਪਨੀਰ ਅਤੇ ਹੋਰ ਦੁੱਧ ਉਤਪਾਦਾਂ ਦੀ ਵਿਕਰੀ ਬੇਰੋਕ ਜਾਰੀ ਹੈ, ਜਿਸ ਕਾਰਨ ਲੋਕਾਂ ਦੀ ਸਿਹਤ ਨਾਲ ਖਿਲਵਾੜ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਮਿਲਾਵਟਖੋਰ ਵੱਖ-ਵੱਖ ਰਸਾਇਣਾਂ ਦੀ ਵਰਤੋਂ ਕਰਕੇ ਨਕਲੀ ਉਤਪਾਦ ਤਿਆਰ ਕਰ ਰਹੇ ਹਨ, ਜੋ ਗੰਭੀਰ ਬਿਮਾਰੀਆਂ ਦਾ ਕਾਰਨ ਬਣ ਸਕਦੇ ਹਨ।
ਆਗੂਆਂ ਨੇ ਕਿਹਾ ਕਿ ਸਸਤੇ ਭਾਅ ਕਾਰਨ ਲੋਕ ਨਕਲੀ ਉਤਪਾਦ ਖਰੀਦ ਰਹੇ ਹਨ, ਜਿਸ ਨਾਲ ਅਸਲੀ ਦੁੱਧ ਉਤਪਾਦਕਾਂ ਦਾ ਕਾਰੋਬਾਰ ਪ੍ਰਭਾਵਿਤ ਹੋ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਕਈ ਡੇਅਰੀ ਕਾਰੋਬਾਰੀ ਆਰਥਿਕ ਨੁਕਸਾਨ ਝੱਲ ਰਹੇ ਹਨ, ਜਦਕਿ ਮਿਲਾਵਟਖੋਰ ਭਾਰੀ ਮੁਨਾਫ਼ਾ ਕਮਾ ਰਹੇ ਹਨ।
ਪ੍ਰਦਰਸ਼ਨਕਾਰੀਆਂ ਨੇ ਮੰਗ ਕੀਤੀ ਕਿ ਪ੍ਰਸ਼ਾਸਨ ਮਿਲਾਵਟਖੋਰੀ ਖ਼ਿਲਾਫ਼ ਸਖ਼ਤ ਕਾਰਵਾਈ ਕਰੇ ਅਤੇ ਨਕਲੀ ਦੁੱਧ ਦੇ ਕਾਰੋਬਾਰ ’ਤੇ ਤੁਰੰਤ ਰੋਕ ਲਗਾਏ। ਉਨ੍ਹਾਂ ਇਹ ਵੀ ਸੁਝਾਅ ਦਿੱਤਾ ਕਿ ਸ਼ਹਿਰ ਵਿੱਚ ਵਾਰਡ ਪੱਧਰ ’ਤੇ ਦੁੱਧ ਜਾਂਚ ਕੇਂਦਰ ਸਥਾਪਤ ਕੀਤੇ ਜਾਣ ਤਾਂ ਜੋ ਲੋਕ ਆਸਾਨੀ ਨਾਲ ਦੁੱਧ ਦੀ ਸ਼ੁੱਧਤਾ ਦੀ ਜਾਂਚ ਕਰਵਾ ਸਕਣ।
ਰੋਸ ਪ੍ਰਦਰਸ਼ਨ ਮਗਰੋਂ ਤਹਿਸੀਲਦਾਰ ਨੂੰ ਮੰਗ ਪੱਤਰ ਸੌਂਪਿਆ ਗਿਆ। ਯੂਨੀਅਨ ਨੇ ਚੇਤਾਵਨੀ ਦਿੱਤੀ ਕਿ ਜੇਕਰ ਮਿਲਾਵਟਖੋਰਾਂ ਖ਼ਿਲਾਫ਼ ਠੋਸ ਕਾਰਵਾਈ ਨਾ ਕੀਤੀ ਗਈ ਤਾਂ ਆਉਣ ਵਾਲੇ ਸਮੇਂ ਵਿੱਚ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ। ਪ੍ਰਦਰਸ਼ਨ ਤੋਂ ਪਹਿਲਾਂ ਸੰਗਠਨਾਂ ਵੱਲੋਂ ਠੰਢੇ ਮਿੱਠੇ ਜਲ ਦੀ ਛਬੀਲ ਵੀ ਲਗਾਈ ਗਈ।