Amritsar News : ਗੁਰੂ ਘਰਾਂ ਬਾਹਰ ਧਰਨਾ ਲਗਾਉਣਾ ਕਿਸੇ ਵੀ ਤਰ੍ਹਾਂ ਜਾਇਜ਼ ਨਹੀਂ : ਸਕੱਤਰ ਪ੍ਰਤਾਪ ਸਿੰਘ
ਸਕੱਤਰ ਪ੍ਰਤਾਪ ਸਿੰਘ ਨੇ ਆਖਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੇ ਜਿਸ ਮਾਮਲੇ ਨੂੰ ਲੈ ਕੇ ਕੁਝ ਲੋਕਾਂ ਵੱਲੋਂ ਧਰਨੇ ਦਾ ਐਲਾਨ ਕੀਤਾ ਗਿਆ ਹੈ, ਉਸ ਦੀ ਜਾਂਚ ਪੜਤਾਲ ਤੋਂ ਬਾਅਦ ਵਿਭਾਗੀ ਕਾਰਵਾਈ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਅਦਾਲਤਾਂ ਵਿਚ ਵੀ ਇਨ੍ਹਾਂ ਕੇਸਾਂ ਦੀ ਸੁਣਵਾਈ ਹੋਈ ਹੈ, ਜਿਸ ਕਰਕੇ ਹੁਣ ਧਰਨੇ ਦੀ ਗੱਲ ਕੇਵਲ ਸਿਆਸੀ ਹਿਤਾਂ ਤੋਂ ਪ੍ਰੇਰਿਤ ਹੈ।
Publish Date: Sat, 06 Dec 2025 07:13 PM (IST)
Updated Date: Sat, 06 Dec 2025 07:14 PM (IST)
ਪੰਜਾਬੀ ਜਾਗਰਣ ਟੀਮ, ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਕੁਝ ਜਥੇਬੰਦੀਆਂ ਵੱਲੋਂ 7 ਦਸੰਬਰ ਨੂੰ ਸ੍ਰੀ ਦਰਬਾਰ ਸਾਹਿਬ ਨੂੰ ਆਉਂਦੇ ਰਸਤੇ ਉਤੇ ਧਰਨਾ ਲਗਾਉਣ ਦੇ ਐਲਾਨ ਨੂੰ ਸਿੱਖ ਪਰੰਪਰਾਵਾਂ ਦੇ ਵਿਰੁੱਧ ਕਰਾਰ ਦਿੱਤਾ ਹੈ।
ਸਕੱਤਰ ਪ੍ਰਤਾਪ ਸਿੰਘ ਨੇ ਆਖਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੇ ਜਿਸ ਮਾਮਲੇ ਨੂੰ ਲੈ ਕੇ ਕੁਝ ਲੋਕਾਂ ਵੱਲੋਂ ਧਰਨੇ ਦਾ ਐਲਾਨ ਕੀਤਾ ਗਿਆ ਹੈ, ਉਸ ਦੀ ਜਾਂਚ ਪੜਤਾਲ ਤੋਂ ਬਾਅਦ ਵਿਭਾਗੀ ਕਾਰਵਾਈ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਅਦਾਲਤਾਂ ਵਿਚ ਵੀ ਇਨ੍ਹਾਂ ਕੇਸਾਂ ਦੀ ਸੁਣਵਾਈ ਹੋਈ ਹੈ, ਜਿਸ ਕਰਕੇ ਹੁਣ ਧਰਨੇ ਦੀ ਗੱਲ ਕੇਵਲ ਸਿਆਸੀ ਹਿਤਾਂ ਤੋਂ ਪ੍ਰੇਰਿਤ ਹੈ। ਉਨ੍ਹਾਂ ਕਿਹਾ ਕਿ ਕੁਝ ਲੋਕਾਂ ਵੱਲੋਂ ਇਸ ਮਾਮਲੇ ‘ਤੇ ਜਾਣਬੁੱਝ ਕੇ ਸੰਗਤਾਂ ਨੂੰ ਗੁੰਮਰਾਹ ਕਰਨ ਦਾ ਯਤਨ ਕੀਤਾ ਜਾ ਰਿਹਾ ਹੈ।
ਪ੍ਰਤਾਪ ਸਿੰਘ ਨੇ ਕਿਹਾ ਕਿ ਗੁਰੂ ਘਰਾਂ ਦੇ ਰਸਤਿਆਂ ਉਤੇ ਧਰਨਾ ਲਗਾਉਣਾ ਕਿਸੇ ਵੀ ਤਰ੍ਹਾਂ ਜਾਇਜ਼ ਨਹੀਂ। ਇਸ ਨਾਲ ਜਿੱਥੇ ਸੰਗਤਾਂ ਪ੍ਰਭਾਵਿਤ ਹੁੰਦੀਆਂ ਹਨ ਉਥੇ ਮਰਿਆਦਾ ਦੀ ਵੀ ਉਲੰਘਣਾ ਹੈ।
ਉਨ੍ਹਾਂ ਧਰਨੇ ਦਾ ਐਲਾਨ ਕਰਨ ਵਾਲੀਆਂ ਜਥੇਬੰਦੀਆਂ ਨੂੰ ਅਪੀਲ ਕੀਤੀ ਕਿ ਉਹ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੇਸ਼ ਵਿਦੇਸ਼ ਤੋਂ ਦਰਸ਼ਨ ਕਰਨ ਆਈਆਂ ਸੰਗਤਾਂ ਦੀਆਂ ਭਾਵਨਾਵਾਂ ਅਤੇ ਪਵਿੱਤਰ ਅਸਥਾਨ ਦੀ ਮਾਣ ਮਰਿਆਦਾ ਨੂੰ ਸਮਝਦਿਆਂ ਇਸ ਤੋਂ ਪਿੱਛੇ ਹਟਣ।