
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ਅਨੁਸਾਰ ਸ਼੍ਰੋਮਣੀ ਕਮੇਟੀ ਦਾ ਇੱਕ ਵਫਦ ਨੇਪਾਲ ’ਚ ਆਏ ਭਿਆਨਕ ਹੜ੍ਹਾਂ ਨਾਲ ਆਈ ਤ੍ਰਾਸਦੀ ਦੇ ਪੀੜਤਾਂ ਦੀ ਮਦਦ ਲਈ ਨੇਪਾਲ ਪੁੱਜ ਗਿਆ ਹੈ।

ਅੰਮ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ਅਨੁਸਾਰ ਸ਼੍ਰੋਮਣੀ ਕਮੇਟੀ ਦਾ ਇੱਕ ਵਫਦ ਨੇਪਾਲ ’ਚ ਆਏ ਭਿਆਨਕ ਹੜ੍ਹਾਂ ਨਾਲ ਆਈ ਤ੍ਰਾਸਦੀ ਦੇ ਪੀੜਤਾਂ ਦੀ ਮਦਦ ਲਈ ਨੇਪਾਲ ਪੁੱਜ ਗਿਆ ਹੈ।
ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਵੱਲੋਂ ਇਸ ਕੁਦਰਤੀ ਆਫਤ ਦੀ ਘੜੀ ’ਚ ਪੀੜਤ ਪਰਿਵਾਰਾਂ ਨੂੰ ਹਰ ਸੰਭਵ ਸਹਾਇਤਾ ਮੁਹੱਈਆ ਕਰਵਾਉਣ ਦਾ ਫੈਸਲਾ ਕੀਤਾ ਸੀ। ਸ਼੍ਰੋਮਣੀ ਕਮੇਟੀ ਦੇ ਇਸ ਵਫਦ ’ਚ ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਭਾਈ ਗੁਰਚਰਨ ਸਿੰਘ ਗਰੇਵਾਲ, ਐਡਵੋਕੇਟ ਭਗਵੰਤ ਸਿੰਘ ਸਿਆਲਕਾ ਤੇ ਮੀਤ ਸਕੱਤਰ ਅਜਾਦ ਦੀਪ ਸਿੰਘ ਸ਼ਾਮਲ ਹਨ।
ਨੇਪਾਲ ’ਚ ਵਫਦ ਦਾ ਸਹਿਯੋਗ ਕਰਨ ਲਈ ਸਥਾਨਕ ਸੰਗਤ ਵੱਲੋਂ ਅੰਗਦ ਸਿੰਘ ਤੇ ਸ਼੍ਰੋਮਣੀ ਕਮੇਟੀ ਪ੍ਰਬੰਧ ਵਾਲੇ ਸਿੱਖ ਮਿਸ਼ਨ ਤੋਂ ਅਮਰਜੀਤ ਸਿੰਘ ਵੀ ਮੌਜੂਦ ਰਹੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦਾ ਇਹ ਵਫ਼ਦ ਹੜ੍ਹਾਂ ਨਾਲ ਪ੍ਰਭਾਵਿਤ ਇਲਾਕਿਆਂ ’ਚ ਜਾ ਕੇ ਸਥਿਤੀ ਦਾ ਜਾਇਜ਼ਾ ਲਵੇਗਾ ਤੇ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਤੁਰੰਤ ਲੋੜਾਂ ਬਾਰੇ ਜਾਣਕਾਰੀ ਹਾਸਲ ਕਰੇਗਾ। ਇਸ ਤੋਂ ਬਾਅਦ ਪ੍ਰਭਾਵਿਤ ਲੋਕਾਂ ਨੂੰ ਲੋੜ ਅਨੁਸਾਰ ਰਾਸ਼ਨ, ਜ਼ਰੂਰੀ ਵਸਤਾਂ ਤੇ ਹੋਰ ਰਾਹਤ ਸਮੱਗਰੀ ਮੁਹੱਈਆ ਕਰਵਾਉਣ ਸਮੇਤ ਲੋੜੀਂਦੇ ਰਾਹਤ ਕਾਰਜਾਂ ਨੂੰ ਅੱਗੇ ਵਧਾਇਆ ਜਾਵੇਗਾ।
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਪਹਿਲਾਂ ਵੀ ਦੇਸ਼-ਵਿਦੇਸ਼ ’ਚ ਕੁਦਰਤੀ ਆਫ਼ਤਾਂ ਤੋਂ ਪ੍ਰਭਾਵਿਤ ਲੋਕਾਂ ਲਈ ਰਾਹਤ ਕਾਰਜ ਕੀਤੇ ਜਾਂਦੇ ਰਹੇ ਹਨ ਤੇ ਹੁਣ ਵੀ ਨੇਪਾਲ ਦੇ ਹੜ੍ਹ ਪੀੜਤਾਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਵਫ਼ਦ ਵੱਲੋਂ ਮੌਕੇ ਦੀ ਸਥਿਤੀ ਦਾ ਜਾਇਜ਼ਾ ਲੈਣ ਉਪਰੰਤ ਰਾਹਤ ਕਾਰਜਾਂ ਦੀ ਰੂਪ-ਰੇਖਾ ਤੈਅ ਕੀਤੀ ਜਾਵੇਗੀ, ਤਾਂ ਜੋ ਸਹਾਇਤਾ ਸਹੀ ਲੋੜਵੰਦਾਂ ਤੱਕ ਪਹੁੰਚ ਸਕੇ।