- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਾਕਿਸਤਾਨ ਸਥਿਤ ਇਤਿਹਾਸਕ ਗੁਰਧਾਮਾਂ ਦੇ ਦਰਸ਼ਨ-ਦੀਦਾਰੇ ਕਰਨ ਅਤੇ ਲਾਹੌਰ ਵਿਖੇ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਉਣ ਉਪਰੰਤ ਸਿੱਖ ਸ਼ਰਧਾਲੂਆਂ ਦਾ ਜਥਾ ਵਾਹਗਾ-ਅਟਾਰੀ ਸਰਹੱਦ ਰਾਹੀਂ ਆਪਣੇ ਵਤਨ ਭਾਰਤ ਪਰਤ ਆਇਆ।

ਤਜਿੰਦਰ ਸਿੰਘ, ਪੰਜਾਬੀ ਜਾਗਰਣ, ਅਟਾਰੀ : ਪਾਕਿਸਤਾਨ ਸਥਿਤ ਇਤਿਹਾਸਕ ਗੁਰਧਾਮਾਂ ਦੇ ਦਰਸ਼ਨ-ਦੀਦਾਰੇ ਕਰਨ ਅਤੇ ਲਾਹੌਰ ਵਿਖੇ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਉਣ ਉਪਰੰਤ ਸਿੱਖ ਸ਼ਰਧਾਲੂਆਂ ਦਾ ਜਥਾ ਵਾਹਗਾ-ਅਟਾਰੀ ਸਰਹੱਦ ਰਾਹੀਂ ਆਪਣੇ ਵਤਨ ਭਾਰਤ ਪਰਤ ਆਇਆ। ਵਤਨ ਪਰਤਣ ਮੌਕੇ ਸ਼ਰਧਾਲੂਆਂ ਨੇ ਯਾਤਰਾ ਦੌਰਾਨ ਮਿਲੇ ਮਾਣ-ਸਤਿਕਾਰ, ਸੁਰੱਖਿਆ ਪ੍ਰਬੰਧਾਂ ਅਤੇ ਗੁਰਧਾਮਾਂ ਵਿਚ ਹੋਏ ਧਾਰਮਿਕ ਸਮਾਗਮਾਂ ਬਾਰੇ ਆਪਣੇ ਅਨੁਭਵ ਸਾਂਝੇ ਕੀਤੇ।
ਜੱਥੇ ਨਾਲ ਵਾਪਸ ਪਰਤੇ ਬਲਕਾਰ ਸਿੰਘ ਅਤੇ ਹਰਜੀਤ ਸਿੰਘ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਇਸ ਯਾਤਰਾ ਦੌਰਾਨ ਉਨ੍ਹਾਂ ਨੂੰ ਪਾਕਿਸਤਾਨ ਸਥਿਤ ਸਿੱਖ ਧਰਮ ਦੇ ਇਤਿਹਾਸਕ ਅਤੇ ਪਵਿੱਤਰ ਅਸਥਾਨਾਂ ਦੇ ਦਰਸ਼ਨ ਕਰਨ ਦਾ ਸੁਭਾਗ ਪ੍ਰਾਪਤ ਹੋਇਆ। ਉਨ੍ਹਾਂ ਦੱਸਿਆ ਕਿ ਜੱਥੇ ਨੇ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ, ਗੁਰਦੁਆਰਾ ਡੇਰਾ ਸਾਹਿਬ, ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਅਤੇ ਗੁਰਦੁਆਰਾ ਸ੍ਰੀ ਪੰਜਾ ਸਾਹਿਬ (ਹਸਨ ਅਬਦਾਲ) ਸਮੇਤ ਹੋਰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕੀਤੇ। ਇਸ ਤੋਂ ਇਲਾਵਾ ਲਾਹੌਰ ਵਿਖੇ ਸਥਿਤ ਮਹਾਰਾਜਾ ਰਣਜੀਤ ਸਿੰਘ ਦੀ ਸਮਾਧ ’ਤੇ ਉਨ੍ਹਾਂ ਦੀ ਬਰਸੀ ਬੜੀ ਸ਼ਰਧਾ, ਧਾਰਮਿਕ ਰਸਮਾਂ ਅਤੇ ਭਾਵਨਾ ਨਾਲ ਮਨਾਈ ਗਈ, ਜਿਸ ਵਿਚ ਦੇਸ਼ਾਂ-ਵਿਦੇਸ਼ਾਂ ਤੋਂ ਵੱਡੀ ਗਿਣਤੀ ਵਿਚ ਸਿੱਖ ਸੰਗਤਾਂ ਨੇ ਹਾਜ਼ਰੀ ਭਰੀ।
ਉਨ੍ਹਾਂ ਕਿਹਾ ਕਿ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਆਮ ਪਾਕਿਸਤਾਨੀ ਲੋਕਾਂ ਵੱਲੋਂ ਜੱਥੇ ਨਾਲ ਗਏ ਸ਼ਰਧਾਲੂਆਂ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਗਿਆ। ਇਸ ਦੇ ਨਾਲ ਹੀ ਪਾਕਿਸਤਾਨੀ ਸੁਰੱਖਿਆ ਏਜੰਸੀਆਂ ਵੱਲੋਂ ਵੀ ਸ਼ਰਧਾਲੂਆਂ ਲਈ ਪੁਖਤਾ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ। ਉਨ੍ਹਾਂ ਦੱਸਿਆ ਕਿ ਯਾਤਰਾ ਦੌਰਾਨ ਜਿੱਥੇ ਵੀ ਜਥੇ ਨੂੰ ਜਾਣਾ ਹੁੰਦਾ ਸੀ, ਸੁਰੱਖਿਆ ਅਧਿਕਾਰੀ ਹਰ ਵੇਲੇ ਨਾਲ ਮੌਜੂਦ ਰਹਿੰਦੇ ਸਨ।
ਹਰਜੀਤ ਸਿੰਘ ਨੇ ਭਾਰਤ ਅਤੇ ਪਾਕਿਸਤਾਨ ਦੀਆਂ ਸਰਕਾਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਆਪਸੀ ਗੱਲਬਾਤ ਰਾਹੀਂ ਮਤਭੇਦਾਂ ਨੂੰ ਦੂਰ ਕਰਕੇ ਸ਼ਾਂਤੀ ਅਤੇ ਭਾਈਚਾਰੇ ਨੂੰ ਮਜ਼ਬੂਤ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅੰਤਰਰਾਸ਼ਟਰੀ ਅਟਾਰੀ-ਵਾਹਗਾ ਸਰਹੱਦ ਨੂੰ ਵਪਾਰਕ ਗਤੀਵਿਧੀਆਂ ਲਈ ਖੋਲ੍ਹਣ ਵੱਲ ਵੀ ਧਿਆਨ ਦਿੱਤਾ ਜਾਣਾ ਚਾਹੀਦਾ ਹੈ, ਜਿਸ ਨਾਲ ਦੋਵੇਂ ਦੇਸ਼ਾਂ ਦੇ ਲੋਕਾਂ ਅਤੇ ਵਪਾਰੀਆਂ ਨੂੰ ਲਾਭ ਮਿਲ ਸਕੇਗਾ।
ਇਸ ਮੌਕੇ ਗੁਰਿੰਦਰ ਕੌਰ ਨੇ ਦੱਸਿਆ ਕਿ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਦੇਸ਼ਾਂ-ਵਿਦੇਸ਼ਾਂ ਤੋਂ ਵੱਡੀ ਗਿਣਤੀ ਵਿਚ ਸਿੱਖ ਸ਼ਰਧਾਲੂ ਲਾਹੌਰ ਵਿਖੇ ਇੱਕਤਰ ਹੋਏ ਸਨ। ਉਨ੍ਹਾਂ ਦੱਸਿਆ ਕਿ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਰਧਾਲੂਆਂ ਦੇ ਰਹਿਣ, ਭੋਜਨ ਅਤੇ ਹੋਰ ਸੁਵਿਧਾਵਾਂ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਸਨ।
ਇਸ ਦੇ ਨਾਲ ਹੀ ਸੁਰੱਖਿਆ ਦੇ ਵੀ ਸਖ਼ਤ ਅਤੇ ਪੁਖਤਾ ਪ੍ਰਬੰਧ ਕੀਤੇ ਗਏ ਸਨ ਤਾਂ ਜੋ ਸ਼ਰਧਾਲੂ ਆਪਣੀ ਯਾਤਰਾ ਸੁਖਦ ਅਤੇ ਸ਼ਾਂਤਮਈ ਢੰਗ ਨਾਲ ਪੂਰੀ ਕਰ ਸਕਣ।ਇਸ ਜੱਥੇ ਨਾਲ ਵਾਪਸ ਪਰਤੇ ਸ਼ਰਧਾਲੂਆਂ ਨੇ ਦੋਵਾਂ ਸਰਕਾਰਾਂ ਨੂੰ ਇਹ ਵੀ ਅਪੀਲ ਕੀਤੀ ਕਿ ਵੀਜ਼ਾ ਪ੍ਰਣਾਲੀ ਵਿਚ ਹੋਰ ਨਰਮੀ ਲਿਆਂਦੀ ਜਾਵੇ ਤਾਂ ਜੋ ਭਾਰਤ ਅਤੇ ਪਾਕਿਸਤਾਨ ਨਾਲ ਸਬੰਧਿਤ ਹਰ ਧਰਮ ਅਤੇ ਹਰ ਵਰਗ ਦੇ ਸ਼ਰਧਾਲੂ ਆਪਣੇ-ਆਪਣੇ ਧਾਰਮਿਕ ਅਸਥਾਨਾਂ ਦੇ ਖੁੱਲ੍ਹੇ ਦਰਸ਼ਨ-ਦੀਦਾਰੇ ਕਰ ਸਕਣ ਅਤੇ ਆਪਸੀ ਪਿਆਰ ਅਤੇ ਭਾਈਚਾਰੇ ਦੀ ਭਾਵਨਾ ਹੋਰ ਮਜ਼ਬੂਤ ਹੋ ਸਕੇ।