
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਅੰਮ੍ਰਿਤਸਰ ਦਿਹਾਤੀ ਪੁਲਿਸ ਦੇ ਸੀਆਈਏ ਸਟਾਫ ਨੇ ਹੈਰੋਇਨ ਤੇ ਹਥਿਆਰਾਂ ਦੀ ਸਪਲਾਈ ’ਚ ਸ਼ਾਮਲ ਗਿਰੋਹ ਦੇ ਮੁਖੀ ਸਮੇਤ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਤੋਂ ਦਸ ਕਿੱਲੋ ਹੈਰੋਇਨ, ਇਕ ਪਿਸਤੌਲ ਤੇ ਇਕ ਮੈਗਜ਼ੀਨ ਬਰਾਮਦ ਕਰ ਕੇ ਉਨ੍ਹਾਂ ਖ਼ਿਲਾਫ਼ ਐੱਨਡੀਪੀਐੱਸ ਐਕਟ ਤੇ ਆਰਮਜ਼ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ।

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਅੰਮ੍ਰਿਤਸਰ : ਅੰਮ੍ਰਿਤਸਰ ਦਿਹਾਤੀ ਪੁਲਿਸ ਦੇ ਸੀਆਈਏ ਸਟਾਫ ਨੇ ਹੈਰੋਇਨ ਤੇ ਹਥਿਆਰਾਂ ਦੀ ਸਪਲਾਈ ’ਚ ਸ਼ਾਮਲ ਗਿਰੋਹ ਦੇ ਮੁਖੀ ਸਮੇਤ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਤੋਂ ਦਸ ਕਿੱਲੋ ਹੈਰੋਇਨ, ਇਕ ਪਿਸਤੌਲ ਤੇ ਇਕ ਮੈਗਜ਼ੀਨ ਬਰਾਮਦ ਕਰ ਕੇ ਉਨ੍ਹਾਂ ਖ਼ਿਲਾਫ਼ ਐੱਨਡੀਪੀਐੱਸ ਐਕਟ ਤੇ ਆਰਮਜ਼ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਐੱਸਐੱਸਪੀ ਕੰਵਲਪ੍ਰੀਤ ਸਿੰਘ ਚਾਹਲ ਨੇ ਦੱਸਿਆ ਕਿ ਗਿਰੋਹ ਦੇ ਹੋਰ ਮੈਂਬਰਾਂ ਦੀ ਭਾਲ ਜਾਰੀ ਹੈ।
ਪੁੱਛਗਿੱਛ ਦੌਰਾਨ ਗ੍ਰਿਫ਼ਤਾਰ ਮੁਲਜ਼ਮਾਂ ਨੇ ਪੁਲਿਸ ਨੂੰ ਕਈ ਰਾਜ਼ ਦੱਸੇ। ਪਤਾ ਲੱਗਾ ਹੈ ਕਿ ਮੁਲਜ਼ਮਾਂ ਨੇ ਹੈਰੋਇਨ ਤੇ ਹਥਿਆਰਾਂ ਦੀ ਖੇਪ ਪ੍ਰਾਪਤ ਕਰਨ ਲਈ ਵੱਖ-ਵੱਖ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਪਾਕਿਸਤਾਨੀ ਤਸਕਰਾਂ ਨਾਲ ਗੱਲਬਾਤ ਕੀਤੀ ਸੀ। ਆਪਣੇ ਦਫ਼ਤਰ ’ਚ ਕੀਤੀ ਪ੍ਰੈੱਸ ਕਾਨਫਰੰਸ ’ਚ ਐੱਸਐੱਸਪੀ ਕੰਵਲਪ੍ਰੀਤ ਸਿੰਘ ਚਾਹਲ ਨੇ ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਦੀ ਪਛਾਣ ਭੀਲੋਵਾਲ ਪਿੰਡ ਦੇ ਰਹਿਣ ਵਾਲੇ ਸਾਜਨ ਅਰੋੜਾ, ਸਰਾਏ ਅਮਾਨਤ ਖਾਂ ਦੇ ਰਹਿਣ ਵਾਲੇ ਵਿਜੇਪਾਲ ਸਿੰਘ ਤੇ ਗੰਡੀਵਿੰਡ ਦੇ ਰਹਿਣ ਵਾਲੇ ਜਸ਼ਨਪ੍ਰੀਤ ਸਿੰਘ ਵਜੋਂ ਕੀਤੀ।
ਪੁਲਿਸ ਨੂੰ ਸੂਚਨਾ ਮਿਲੀ ਕਿ ਇਹ ਤਿੰਨੋਂ ਲੋਪੋਕੇ ਇਲਾਕੇ ਤੋਂ ਰਾਮਤੀਰਥ ਜਾ ਰਹੇ ਮੋਟਰਸਾਈਕਲ (ਪੀਬੀ46-ਏਪੀ-3754) 'ਤੇ ਸਵਾਰ ਹੋ ਕੇ ਜਾ ਰਹੇ ਸਨ। ਇਸ ਤੋਂ ਬਾਅਦ ਡੀਐੱਸਪੀ ਗੁਰਿੰਦਰਪਾਲ ਸਿੰਘ ਨਾਗਰਾ ਦੀ ਅਗਵਾਈ ਵਾਲੀ ਟੀਮ ਨੇ ਨਾਕਾਬੰਦੀ ਕੀਤੀ। ਸੀਆਈਏ ਸਟਾਫ ਦੇ ਇੰਸਪੈਕਟਰ ਮਨਮੀਤ ਪਾਲ ਸਿੰਘ ਨੇ ਤਿੰਨਾਂ ਨੂੰ ਘੇਰ ਲਿਆ ਤੇ ਉਨ੍ਹਾਂ ਦੇ ਕਬਜ਼ੇ ’ਚੋਂ ਮਿਲੇ ਬੈਗ ’ਚੋਂ 10 ਕਿੱਲੋਗ੍ਰਾਮ ਹੈਰੋਇਨ, ਇਕ ਪਿਸਤੌਲ ਤੇ ਇਕ ਮੈਗਜ਼ੀਨ ਬਰਾਮਦ ਕੀਤਾ। ਪੁੱਛਗਿੱਛ ਦੌਰਾਨ ਮੁਲਜ਼ਮਾਂ ਨੇ ਪਾਕਿਸਤਾਨੀ ਤਸਕਰਾਂ ਦੇ ਸੰਪਰਕ ’ਚ ਹੋਣ ਦੀ ਗੱਲ ਕਬੂਲ ਕੀਤੀ। ਉਨ੍ਹਾਂ ਹੈਰੋਇਨ ਤੇ ਹਥਿਆਰਾਂ ਦੀਆਂ ਖੇਪਾਂ ਨਾ ਸਿਰਫ਼ ਡਰੋਨ ਰਾਹੀਂ, ਸਗੋਂ ਕੰਡਿਆਲੀ ਤਾਰ ਰਾਹੀਂ ਸੁੱਟ ਕੇ ਵੀ ਪਹੁੰਚਾਈਆਂ ਸਨ। ਐੱਸਐੱਸਪੀ ਨੇ ਦੱਸਿਆ ਕਿ ਇਹ ਸਾਰਾ ਗਿਰੋਹ ਸਾਜਨ ਅਰੋੜਾ ਦੁਆਰਾ ਚਲਾਇਆ ਜਾ ਰਿਹਾ ਸੀ, ਜੋ ਕਿ ਵੱਖ-ਵੱਖ ਥਾਵਾਂ 'ਤੇ ਹੈਰੋਇਨ ਤੇ ਹਥਿਆਰਾਂ ਦੀ ਸਪਲਾਈ ਲਈ ਜ਼ਿੰਮੇਵਾਰ ਸੀ।