- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
Amritsar Police ਨੇ ਇਸ ਦਾਅਵੇ ਨੂੰ ਸਿਰੇ ਤੋਂ ਖਾਰਜ ਕਰ ਦਿੱਤਾ ਸੀ। ਪੁਲਿਸ ਨੇ ਸਪੱਸ਼ਟ ਕੀਤਾ ਸੀ ਕਿ ਸੋਸ਼ਲ ਮੀਡੀਆ 'ਤੇ ਪ੍ਰਸਾਰਿਤ ਵੀਡੀਓ ਕਲਿੱਪ ਟ੍ਰਿਮ ਤੇ ਐਡਿਟ ਕੀਤੀ ਹੋਈ ਸੀ ਅਤੇ ਉਸ ਨੂੰ ਗਲਤ ਸੰਦਰਭ 'ਚ ਪੇਸ਼ ਕੀਤਾ ਗਿਆ। ਪੁਲਿਸ ਅਨੁਸਾਰ, ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਆਪਣੀ ਪ੍ਰੈੱਸ ਵਾਰਤਾ 'ਚ ਅਜਿਹਾ ਕੋਈ ਬਿਆਨ ਨਹੀਂ ਦਿੱਤਾ ਸੀ ਕਿ ਗ੍ਰਿਫ਼ਤਾਰ ਮੁਲਜ਼ਮ ਜੰਤਰ-ਮੰਤਰ 'ਤੇ ਹੋਏ ਪ੍ਰਦਰਸ਼ਨ 'ਚ ਸ਼ਾਮਲ ਸਨ।

ਅੰਮ੍ਰਿਤਪਾਲ ਸਿੰਘ, ਅੰਮ੍ਰਿਤਸਰ : ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੂੰ ਤੁਰੰਤ ਪ੍ਰਭਾਵ ਤੋਂ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ। ਉਨ੍ਹਾਂ ਦੀ ਜਗ੍ਹਾ ਡੀਆਈਜੀ ਬਾਰਡਰ ਰੇਂਜ ਹਰਮਨਬੀਰ ਸਿੰਘ ਗਿੱਲ ਨੂੰ ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦਾ ਵਾਧੂ ਚਾਰਜ ਸੌਂਪਿਆ ਗਿਆ ਹੈ। ਪੰਜਾਬ ਸਰਕਾਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਗਿੱਲ ਤੁਰੰਤ ਪ੍ਰਭਾਵ ਤੋਂ ਨਵੀਂ ਜ਼ਿੰਮੇਵਾਰੀ ਸੰਭਾਲਣਗੇ, ਜਦੋਂਕਿ ਗੁਰਪ੍ਰੀਤ ਸਿੰਘ ਭੁੱਲਰ ਨੂੰ ਡੀਜੀਪੀ ਦਫ਼ਤਰ 'ਚ ਰਿਪੋਰਟ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।
ਇਹ ਪ੍ਰਸ਼ਾਸਨਿਕ ਫੈਸਲਾ ਅਜਿਹੇ ਸਮੇਂ ਲਿਆ ਗਿਆ ਹੈ, ਜਦੋਂ ਹਾਲ ਹੀ 'ਚ ਪੁਲਿਸ ਕਮਿਸ਼ਨਰ ਦੇ ਇਕ ਕਥਿਤ ਬਿਆਨ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਸੀ। ਭਾਰਤੀ ਜਨਤਾ ਪਾਰਟੀ ਦੇ ਇੰਟਰਨੈੱਟ ਮੀਡੀਆ ਹੈਂਡਲਜ਼ 'ਤੇ ਇਕ ਵੀਡੀਓ ਕਲਿੱਪ ਸਾਂਝੀ ਕਰ ਕੇ ਦਾਅਵਾ ਕੀਤਾ ਗਿਆ ਸੀ ਕਿ ਜੰਤਰ-ਮੰਤਰ 'ਤੇ ਹੋਏ 'ਕਾਕਰੋਚ ਜਨਤਾ ਪਾਰਟੀ' (CJP) ਦੇ ਪ੍ਰਦਰਸ਼ਨ ਦਾ ਸਬੰਧ ਪਾਕਿਸਤਾਨ ਦੀ ਖੁਫ਼ੀਆ ਏਜੰਸੀ ISI ਸਮਰਥਿਤ ਨੈੱਟਵਰਕ ਨਾਲ ਹੈ।
ਹਾਲਾਂਕਿ ਅੰਮ੍ਰਿਤਸਰ ਪੁਲਿਸ ਨੇ ਇਸ ਦਾਅਵੇ ਨੂੰ ਸਿਰੇ ਤੋਂ ਖਾਰਜ ਕਰ ਦਿੱਤਾ ਸੀ। ਪੁਲਿਸ ਨੇ ਸਪੱਸ਼ਟ ਕੀਤਾ ਸੀ ਕਿ ਸੋਸ਼ਲ ਮੀਡੀਆ 'ਤੇ ਪ੍ਰਸਾਰਿਤ ਵੀਡੀਓ ਕਲਿੱਪ ਟ੍ਰਿਮ ਤੇ ਐਡਿਟ ਕੀਤੀ ਹੋਈ ਸੀ ਅਤੇ ਉਸ ਨੂੰ ਗਲਤ ਸੰਦਰਭ 'ਚ ਪੇਸ਼ ਕੀਤਾ ਗਿਆ। ਪੁਲਿਸ ਅਨੁਸਾਰ, ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਆਪਣੀ ਪ੍ਰੈੱਸ ਵਾਰਤਾ 'ਚ ਅਜਿਹਾ ਕੋਈ ਬਿਆਨ ਨਹੀਂ ਦਿੱਤਾ ਸੀ ਕਿ ਗ੍ਰਿਫ਼ਤਾਰ ਮੁਲਜ਼ਮ ਜੰਤਰ-ਮੰਤਰ 'ਤੇ ਹੋਏ ਪ੍ਰਦਰਸ਼ਨ 'ਚ ਸ਼ਾਮਲ ਸਨ।
ਪੁਲਿਸ ਨੇ ਦੱਸਿਆ ਸੀ ਕਿ ਪ੍ਰੈੱਸ ਕਾਨਫਰੰਸ ਦਾ ਵਿਸ਼ਾ ਇਕ ਫੜੇ ਗਏ ਅੱਤਵਾਦੀ ਤੇ ਅਪਰਾਧਿਕ ਮਾਡਿਊਲ ਦਾ ਖ਼ੁਲਾਸਾ ਸੀ। ਜਾਂਚ ਵਿਚ ਸਾਹਮਣੇ ਆਇਆ ਸੀ ਕਿ ਮੁਲਜ਼ਮਾਂ ਨੇ ਜੰਤਰ-ਮੰਤਰ ਖੇਤਰ ਦੀ ਸਿਰਫ਼ ਰੇਕੀ ਕੀਤੀ ਸੀ, ਪਰ ਇਸ ਦਾ ਇਹ ਮਤਲਬ ਨਹੀਂ ਸੀ ਕਿ ਉਹ ਉੱਥੇ ਹੋਏ ਪ੍ਰਦਰਸ਼ਨ ਦਾ ਹਿੱਸਾ ਸਨ। ਪੁਲਿਸ ਨੇ ਕਿਹਾ ਸੀ ਕਿ ਤੱਥਾਂ ਨੂੰ ਤਰੋੜ-ਮਰੋੜ ਕੇ ਪੇਸ਼ ਕਰਨਾ ਭੁਲੇਖਾ ਪਾਊ ਹੈ ਤੇ ਇਸ ਤਰ੍ਹਾਂ ਦੀ ਐਡਿਟ ਕੀਤੀ ਸਮੱਗਰੀ ਪ੍ਰਸਾਰਿਤ ਕਰਨ ਵਾਲਿਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਪੁਲਿਸ ਕਮਿਸ਼ਨਰ ਦੇ ਤਬਾਦਲੇ ਦੇ ਪਿੱਛੇ ਸਰਕਾਰ ਵੱਲੋਂ ਕੋਈ ਅਧਿਕਾਰਤ ਕਾਰਨ ਨਹੀਂ ਦੱਸਿਆ ਗਿਆ ਹੈ। ਹਾਲਾਂਕਿ ਇਹ ਫੈਸਲਾ ਅਜਿਹੇ ਸਮੇਂ ਆਇਆ ਹੈ, ਜਦੋਂ ਉਕਤ ਵੀਡੀਓ ਅਤੇ ਉਸ ਨਾਲ ਜੁੜੇ ਵਿਵਾਦ ਨੂੰ ਲੈ ਕੇ ਸਿਆਸੀ ਤੇ ਪ੍ਰਸ਼ਾਸਨਿਕ ਪੱਧਰ 'ਤੇ ਚਰਚਾ ਜਾਰੀ ਸੀ।
