ਅੰਮ੍ਰਿਤਸਰ ’ਚ ਪੁਲਿਸ ਤੇ ਬਦਮਾਸ਼ ਵਿਚਾਲੇ ਮੁਕਾਬਲਾ, ਰਾਈਫਲ ਖੋਹ ਕੇ ਚਲਾਈ ਗੋਲੀ; ਜਵਾਬੀ ਫਾਇਰਿੰਗ ’ਚ ਮੁਲਜ਼ਮ ਜ਼ਖ਼ਮੀ ਅੰਮ੍ਰਿਤਸਰ ਦੇ ਅਜਨਾਲਾ ਇਲਾਕੇ ’ਚ ਜੀਆਰਪੀ ਦੇ ਏਐਸਆਈ ਨੂੰ ਗੋਲੀ ਮਾਰ ਕੇ ਜ਼ਖ਼ਮੀ ਕਰਨ ਵਾਲੇ ਮੁੱਖ ਮੁਲਜ਼ਮ ਨੂੰ ਪੁਲਿਸ ਨੇ ਮੁਕਾਬਲੇ ਤੋਂ ਬਾਅਦ ਗ੍ਰਿਫ਼ਤਾਰ ਕਰ ਲਿਆ ਹੈ। ਘਟਨਾ ਵਾਲੀ ਥਾਂ ’ਤੇ ਵਾਰਦਾਤ ਦਾ ਦ੍ਰਿਸ਼ ਦੁਹਰਾਉਣ ਲਈ ਲਿਜਾਣ ਦੌਰਾਨ ਮੁਲਜ਼ਮ ਨੇ ਪੁਲਿਸ ਦੀ ਰਾਈਫਲ ਖੋਹ ਕੇ ਗੋਲੀ ਚਲਾਉਣ ਦੀ ਕੋਸ਼ਿਸ਼ ਕੀਤੀ ਸੀ।
Publish Date: Mon, 12 Oct 2026 04:06 PM (IST)
Updated Date: Mon, 12 Oct 2026 04:08 PM (IST)
ਜਾਗਰਣ ਸੰਵਾਦਦਾਤਾ, ਅੰਮ੍ਰਿਤਸਰ : ਅੰਮ੍ਰਿਤਸਰ ਦੇ ਅਜਨਾਲਾ ਇਲਾਕੇ ’ਚ ਜੀਆਰਪੀ ਪੁਲਿਸ ਦੇ ਏਐਸਆਈ ਨੂੰ ਗੋਲੀ ਮਾਰ ਕੇ ਜ਼ਖ਼ਮੀ ਕਰਨ ਵਾਲੇ ਮੁਲਜ਼ਮ ਦਾ ਪੁਲਿਸ ਨਾਲ ਮੁਕਾਬਲਾ ਹੋ ਗਿਆ। ਪੁਲਿਸ ਟੀਮ ਜਦੋਂ ਗ੍ਰਿਫ਼ਤਾਰ ਕੀਤੇ ਗਏ ਮੁੱਖ ਮੁਲਜ਼ਮ ਬਲਜੀਤ ਸਿੰਘ ਨੂੰ ਵਾਰਦਾਤ ਦਾ ਦ੍ਰਿਸ਼ ਦੁਹਰਾਉਣ ਲਈ ਘਟਨਾ ਵਾਲੀ ਥਾਂ ’ਤੇ ਲੈ ਕੇ ਪਹੁੰਚੀ, ਤਾਂ ਉਸ ਨੇ ਪੁਲਿਸ ਮੁਲਾਜ਼ਮਾਂ ਤੋਂ ਹਥਿਆਰ ਖੋਹ ਕੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ।
ਇਸ ਤੋਂ ਬਾਅਦ ਪੁਲਿਸ ਵੱਲੋਂ ਕੀਤੀ ਗਈ ਜਵਾਬੀ ਕਾਰਵਾਈ ਦੌਰਾਨ ਮੁਲਜ਼ਮ ਦੀ ਲੱਤ ’ਚ ਗੋਲੀ ਲੱਗ ਗਈ, ਜਿਸ ਕਾਰਨ ਉਹ ਜ਼ਖ਼ਮੀ ਹੋ ਗਿਆ। ਮਿਲੀ ਜਾਣਕਾਰੀ ਅਨੁਸਾਰ, ਅਜਨਾਲਾ ਇਲਾਕੇ ’ਚ ਜੀਆਰਪੀ ਦੇ ਏਐਸਆਈ ਸੁਖਚੈਨ ਸਿੰਘ ’ਤੇ ਜਾਨਲੇਵਾ ਹਮਲਾ ਕਰਨ ਦੇ ਦੋਸ਼ ’ਚ ਪੁਲਿਸ ਹੁਣ ਤੱਕ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈ। ਇਨ੍ਹਾਂ ਵਿੱਚੋਂ ਇੱਕ ਮੁੱਖ ਮੁਲਜ਼ਮ ਨੂੰ ਸੋਮਵਾਰ ਦੁਪਹਿਰ ਭਾਰੀ ਸੁਰੱਖਿਆ ਪ੍ਰਬੰਧਾਂ ਹੇਠ ਘਟਨਾ ਵਾਲੀ ਥਾਂ ’ਤੇ ਲਿਆਂਦਾ ਗਿਆ ਸੀ, ਤਾਂ ਜੋ ਵਾਰਦਾਤ ਦਾ ਦ੍ਰਿਸ਼ ਦੁਹਰਾਇਆ ਜਾ ਸਕੇ।
ਰਾਈਫਲ ਖੋਹ ਕੇ ਚਲਾਈ ਗੋਲੀ ਆਈਜੀ ਬਾਰਡਰ ਰੇਂਜ ਗੁਰਪ੍ਰੀਤ ਸਿੰਘ ਭੁੱਲਰ ਅਨੁਸਾਰ, ਵਾਰਦਾਤ ਵਾਲੀ ਥਾਂ ’ਤੇ ਪਹੁੰਚਦਿਆਂ ਹੀ ਮੁਲਜ਼ਮ ਨੇ ਅਚਾਨਕ ਇੱਕ ਪੁਲਿਸ ਮੁਲਾਜ਼ਮ ਦੀ ਸਰਕਾਰੀ ਰਾਈਫਲ ਖੋਹ ਲਈ ਤੇ ਉਸੇ ਨਾਲ ਗੋਲੀ ਚਲਾਉਣ ਦੀ ਕੋਸ਼ਿਸ਼ ਕੀਤੀ। ਇਹ ਦੇਖ ਕੇ ਹੋਰ ਪੁਲਿਸ ਮੁਲਾਜ਼ਮ ਚੌਕਸ ਹੋ ਗਏ। ਪੁਲਿਸ ਵੱਲੋਂ ਕੀਤੀ ਗਈ ਜਵਾਬੀ ਕਾਰਵਾਈ ’ਚ ਇੱਕ ਗੋਲੀ ਮੁਲਜ਼ਮ ਦੀ ਲੱਤ ’ਚ ਲੱਗੀ, ਜਿਸ ਕਾਰਨ ਉਹ ਮੌਕੇ ’ਤੇ ਹੀ ਡਿੱਗ ਪਿਆ।
ਹਸਪਤਾਲ ’ਚ ਕਰਵਾਇਆ ਦਾਖ਼ਲ ਘਟਨਾ ਤੋਂ ਤੁਰੰਤ ਬਾਅਦ ਪੁਲਿਸ ਅਧਿਕਾਰੀਆਂ ਨੇ ਸਥਿਤੀ ’ਤੇ ਕਾਬੂ ਪਾਉਂਦਿਆਂ ਮੁਲਜ਼ਮ ਤੋਂ ਹਥਿਆਰ ਵਾਪਸ ਲੈ ਲਿਆ। ਇਸ ਤੋਂ ਬਾਅਦ ਉਸ ਨੂੰ ਤੁਰੰਤ ਪੁਲਿਸ ਦੀ ਗੱਡੀ ’ਚ ਪਾ ਕੇ ਅਜਨਾਲਾ ਦੇ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਦੀ ਨਿਗਰਾਨੀ ਹੇਠ ਉਸ ਦਾ ਇਲਾਜ ਚੱਲ ਰਿਹਾ ਹੈ। ਫਿਲਹਾਲ ਮੁਲਜ਼ਮ ਦੀ ਹਾਲਤ ਖ਼ਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ।