5000 ਰੁਪਏ ਰਿਸ਼ਵਤ ਲੈਂਦਾ ਏਐੱਸਆਈ ਗ੍ਰਿਫ਼ਤਾਰ
5000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ
Publish Date: Fri, 19 Sep 2025 07:58 PM (IST)
Updated Date: Sat, 20 Sep 2025 04:06 AM (IST)

ਫੋਟੋ: 48 ਕੈਪਸ਼ਨ : ਵਿਜੀਲੈਂਸ ਬਿਊਰੋ ਟੀਮ ਵੱਲੋਂ ਗ੍ਰਿਫਤਾਰ ਕੀਤਾ ਏਐੱਸਆਈ ਤਲਵਿੰਦਰ ਸਿੰਘ ਤੇ ਅਧਿਕਾਰੀ। ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਅੰਮ੍ਰਿਤਸਰ : ਸੂਬੇ ’ਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਥਾਣਾ-ਏ ਡਵੀਜ਼ਨ ਅੰਮ੍ਰਿਤਸਰ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏਐੱਸਆਈ) ਤਲਵਿੰਦਰ ਸਿੰਘ ਨੂੰ 5000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ। ਪੰਜਾਬ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਅੰਮ੍ਰਿਤਸਰ ਦੇ ਇਕ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਉਪਰੰਤ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰ ਕੇ ਦੋਸ਼ ਲਗਾਇਆ ਕਿ ਉਹ ਇਕ ਹੋਟਲ ਦੀ ਦੇਖਭਾਲ ਕਰ ਰਿਹਾ ਹੈ ਅਤੇ ਪੁਲਿਸ ਵੱਲੋਂ ਹੋਟਲ ਵਿਰੁੱਧ ਮਾਮਲਾ ਦਰਜ ਕਰ ਕੇ ਮੋਬਾਈਲ ਫੋਨ ਤੇ ਡੀਵੀਆਰ ਜ਼ਬਤ ਕੀਤੇ ਗਏ। ਸ਼ਿਕਾਇਤਕਰਤਾ ਨੇ ਦੱਸਿਆ ਕਿ ਉਹ ਫੋਨ ਤੇ ਡੀਵੀਆਰ ਵਾਪਸ ਲੈਣ ਲਈ ਉਕਤ ਏਐੱਸਆਈ ਨੂੰ ਮਿਲਿਆ ਅਤੇ ਉਕਤ ਏਐੱਸਆਈ ਨੇ ਇਸ ਬਦਲੇ 50,000 ਰੁਪਏ ਰਿਸ਼ਵਤ ਦੀ ਮੰਗ ਕੀਤੀ, ਪਰ ਬਾਅਦ ’ਚ ਉਹ 30,000 ਰੁਪਏ ਲੈਣ ਲਈ ਰਾਜ਼ੀ ਹੋ ਗਿਆ। ਮੁਲਜ਼ਮ ਨੇ ਸ਼ਿਕਾਇਤਕਰਤਾ ਤੋਂ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 16000 ਰੁਪਏ ਨਕਦ ਪ੍ਰਾਪਤ ਕੀਤੇ ਤੇ ਬਾਕੀ 14000 ਰੁਪਏ ਕਿਸ਼ਤਾਂ ’ਚ ਲੈਣ ਲਈ ਸਹਿਮਤ ਹੋ ਗਿਆ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਪੜਤਾਲ ਉਪਰੰਤ ਅੰਮ੍ਰਿਤਸਰ ਰੇਂਜ ਦੀ ਇਕ ਵਿਜੀਲੈਂਸ ਬਿਊਰੋ ਟੀਮ ਨੇ ਜਾਲ ਵਿਛਾਇਆ ਅਤੇ ਏਐੱਸਆਈ ਤਲਵਿੰਦਰ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ’ਚ ਸ਼ਿਕਾਇਤਕਰਤਾ ਤੋਂ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 5000 ਰੁਪਏ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਸਬੰਧਤ ਧਾਰਾਵਾਂ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।