ਤਖਤ ਪਟਨਾ ਸਾਹਿਬ ਕਮੇਟੀ ਵੱਲੋਂ ਨਿਤਿਸ਼ ਕੁਮਾਰ ਦਾ ਧੰਨਵਾਦ
ਬਿਹਾਰ ‘ਚ ਆਨੰਦ ਮੈਰਿਜ ਐਕਟ ਲਾਗੂ ਕਰਨ ਲਈ ਤਖਤ ਪਟਨਾ ਸਾਹਿਬ ਕਮੇਟੀ ਵੱਲੋਂ ਮੁੱਖ ਮੰਤਰੀ ਨਿਿਤਸ਼ ਕੁਮਾਰ ਦਾ ਧੰਨਵਾਦ
Publish Date: Sun, 18 Jan 2026 06:57 PM (IST)
Updated Date: Sun, 18 Jan 2026 06:58 PM (IST)

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਅੰਮ੍ਰਿਤਰ : ਬਿਹਾਰ ਦੀ ਨਿਤਿਸ਼ ਸਰਕਾਰ ਨੇ ਸਿੱਖ ਭਾਈਚਾਰੇ ਦੀ ਇੱਕ ਹੋਰ ਮੰਗ ਨੂੰ ਪੂਰਾ ਕਰਦੇ ਹੋਏ ਸੂਬੇ ਵਿਚ ਆਨੰਦ ਮੈਰਿਜ ਐਕਟ ਲਾਗੂ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ। ਇਸ ਤੋਂ ਬਾਅਦ ਹੁਣ ਬਿਹਾਰ ਦੇ ਸਿੱਖਾਂ ਦੇ ਵਿਆਹ ਵੀ ਆਨੰਦ ਮੈਰਿਜ ਐਕਟ ਅਧੀਨ ਰਜਿਸਟਰਡ ਹੋ ਸਕਣਗੇ। ਰਾਜ ਵਿਚ ਇਸ ਐਕਟ ਨੂੰ ਲਾਗੂ ਕਰਵਾਉਂਣ ਲਈ ਤਖਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਜੋਤ ਸਿੰਘ ਸੋਹੀ, ਬਿਹਾਰ ਘੱਟ ਗਿਣਤੀ ਕਮਿਸ਼ਨ ਦੇ ਮੈਂਬਰ ਲਖਵਿੰਦਰ ਸਿੰਘ ਸਮੇਤ ਸਿੱਖ ਜਥੇਬੰਦੀਆਂ ਵੱਲੋਂ ਸਰਕਾਰ ਪਾਸੋਂ ਲਗਾਤਾਰ ਮੰਗ ਕੀਤੀ ਜਾ ਰਹੀ ਸੀ ਕਿ ਹੋਰ ਸੂਬਿਆਂ ਦੀ ਤਰ੍ਹਾਂ ਬਿਹਾਰ ਵਿਚ ਵੀ ਇਹ ਐਕਟ ਲਾਗੂ ਕੀਤਾ ਜਾਵੇ ਤਾਂ ਜੋ ਸਿੱਖਾਂ ਦੇ ਵਿਆਹ ਆਨੰਦ ਮੈਰਿਜ ਐਕਟ ਅਧੀਨ ਰਜਿਸਟਰ ਹੋ ਸਕਣ। ਜਦੋਂ ਸਰਕਾਰ ਵੱਲੋਂ ਇਸ ਨੂੰ ਲਾਗੂ ਕਰ ਦਿੱਤਾ ਗਿਆ ਹੈ ਤਾਂ ਇਸ ਮੌਕੇ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਜੋਤ ਸਿੰਘ ਸੋਹੀ, ਜਨਰਲ ਸਕੱਤਰ ਇੰਦਰਜੀਤ ਸਿੰਘ, ਸੀਨੀਅਰ ਉਪ ਪ੍ਰਧਾਨ ਲਖਵਿੰਦਰ ਸਿੰਘ, ਉਪ ਪ੍ਰਧਾਨ ਗੁਰਵਿੰਦਰ ਸਿੰਘ, ਸਕੱਤਰ ਹਰਬੰਸ ਸਿੰਘ ਸਮੇਤ ਕਮੇਟੀ ਮੈਂਬਰਾਂ ਨੇ ਇਸ ਕੰਮ ਲਈ ਬਿਹਾਰ ਸਰਕਾਰ ਅਤੇ ਖ਼ਾਸ ਕਰ ਕੇ ਮੁੱਖ ਮੰਤਰੀ ਨਿਤਿਸ਼ ਕੁਮਾਰ ਦਾ ਧੰਨਵਾਦ ਕੀਤਾ। ਜਗਜੋਤ ਸਿੰਘ ਸੋਹੀ ਨੇ ਕਿਹਾ ਕਿ ਇਹ ਖੁਸ਼ੀ ਦੀ ਗੱਲ ਹੈ ਕਿਉਂਕਿ ਹੁਣ ਤਕ ਸਿੱਖਾਂ ਦੇ ਵਿਆਹਾਂ ਦੀ ਰਜਿਸਟ੍ਰੇਸ਼ਨ ਹਿੰਦੂ ਮੈਰਿਜ ਐਕਟ ਅਧੀਨ ਹੀ ਹੁੰਦੀ ਸੀ। ਉਨ੍ਹਾਂ ਕਿਹਾ ਕਿ ਸਾਨੂੰ ਇਸ ਗੱਲ ਦੀ ਖੁਸ਼ੀ ਵੀ ਹੈ ਅਤੇ ਮਾਣ ਵੀ ਹੈ ਕਿ ਮੁੱਖ ਮੰਤਰੀ ਨਿਤਿਸ਼ ਕੁਮਾਰ ਵੱਲੋਂ ਸਿੱਖ ਭਾਈਚਾਰੇ ਦੀਆਂ ਮੰਗਾਂ ਨੂੰ ਇੱਕ-ਇੱਕ ਕਰ ਕੇ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਹਾਲ ਹੀ ਵਿਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਜਿਸ ਤਰ੍ਹਾਂ ਸਹਿਯੋਗ ਦਿੱਤਾ ਗਿਆ, ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਦੇ 350ਵੇਂ ਸ਼ਹੀਦੀ ਪੁਰਬ ਮੌਕੇ ਜਾਗਰੂਕਤਾ ਯਾਤਰਾ ਕੱਢਣ ਲਈ ਕਮੇਟੀ ਨੂੰ ਸਹਿਯੋਗ ਦਿੱਤਾ, ਪ੍ਰਕਾਸ਼ ਪੁਰਬ ਦੌਰਾਨ ਮੁਫਤ ਬੱਸ ਸੇਵਾ ਦਿੱਤੀ ਗਈ, ਰਹਾਇਸ਼ ਲਈ ਸਰਕਾਰੀ ਰਿਹਇਸ਼ਾਂ ਦਿੱਤੀਆਂ ਗਈਆਂ ਤਾਂ ਜੋ ਸੰਗਤ ਨੂੰ ਕਿਸੇ ਕਿਸਮ ਦੀ ਅਸੁਵਿਧਾ ਨਾ ਹੋਵੇ।