ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਵਿਆਹ ਪੁਰਬ ਸਬੰਧੀ ਸਜਾਇਆ ਨਗਰ ਕੀਰਤਨ
ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਵਿਆਹ-ਪੁਰਬ ਦੇ ਸਬੰਧ ਮੌਕੇ ਸਜਾਇਆ ਨਗਰ ਕੀਰਤਨ
Publish Date: Mon, 19 Jan 2026 06:12 PM (IST)
Updated Date: Mon, 19 Jan 2026 06:15 PM (IST)
ਅੰਮ੍ਰਿਤਪਾਲ ਸਿੰਘ, ਪੰਜਾਬੀ ਜਾਗਰਣ ਅੰਮ੍ਰਿਤਸਰ : ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਵਿਆਹ ਪੁਰਬ ਦੇ ਸਬੰਧ ਵਿਚ ਸ੍ਰੀ ਗੁਰੂ ਹਰਿਗੋਬਿੰਦ ਜੀ ਵਿਆਹ ਪੁਰਬ ਸੇਵਾ ਸੁਸਾਇਟੀ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਨਗਰ ਕੀਰਤਨ ਸਜਾਇਆ ਗਿਆ। ਇਹ ਨਗਰ ਕੀਰਤਨ ਸੁਸਾਇਟੀ ਦੇ ਮੁੱਖ ਸੇਵਾਦਾਰ ਜਸਵਿੰਦਰ ਸਿੰਘ ਅਤੇ ਸੁਖਰਾਜ ਸਿੰਘ ਦੀ ਦੇਖ-ਰੇਖ ਹੇਠ ਗੁਰਦੁਆਰਾ ਗੁਰੂ ਕੇ ਮਹਿਲ ਤੋਂ ਗੁਰਦੁਆਰਾ ਅਟਾਰੀ ਸਾਹਿਬ ਸੁਲਤਾਨਵਿੰਡ ਤਕ ਕੱਢਿਆ ਗਿਆ। ਨਗਰ ਕੀਰਤਨ ਦੀ ਆਰੰਭਤਾ ਗੁਰਦੁਆਰਾ ਗੁਰੂ ਕੇ ਮਹਿਲ ਤੋਂ ਅਰਦਾਸ ਉਪਰੰਤ ਹੋਈ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਪੰਜਾਂ ਪਿਆਰਿਆਂ ਦੀ ਅਗਵਾਈ ਹੇਠ ਵੱਖ-ਵੱਖ ਬਾਜ਼ਾਰਾਂ ਅਤੇ ਮੁਹੱਲਿਆਂ ਤੋਂ ਹੁੰਦਾ ਹੋਇਆ ਨਗਰ ਕੀਰਤਨ ਗੁਰਦੁਆਰਾ ਅਟਾਰੀ ਸਾਹਿਬ ਵਿਖੇ ਸਮਾਪਤ ਹੋਇਆ। ਸੰਗਤਾਂ ਵੱਲੋਂ ਨਗਰ ਕੀਰਤਨ ਦਾ ਥਾਂ-ਥਾਂ ’ਤੇ ਸਵਾਗਤ ਕੀਤਾ ਗਿਆ। ਗੱਤਕਾ ਪਾਰਟੀਆਂ ਵੱਲੋਂ ਖਾਲਸਾਈ ਜੌਹਰ ਦਿਖਾਏ ਗਏ ਅਤੇ ਸ਼ਬਦੀ ਜਥਿਆਂ ਵੱਲੋਂ ਗੁਰਬਾਣੀ ਕੀਰਤਨ ਗਾਇਨ ਕੀਤਾ ਗਿਆ। ਇਸ ਮੌਕੇ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਬਿਕਰਮਜੀਤ ਸਿੰਘ, ਵਰਿੰਦਰ ਸਿੰਘ, ਸੁਖਰਾਜ ਸਿੰਘ, ਗੁਰਵਿੰਦਰ ਸਿੰਘ, ਭੁਪਿੰਦਰ ਸਿੰਘ, ਰਜਿੰਦਰ ਸਿੰਘ ਆਦਿ ਮੌਜੂਦ ਸਨ।