ਤ੍ਰੈ ਸ਼ਤਾਬਦੀ ਕਾਲਜ ’ਚ ‘ਸਾਇੰਸ-ਫੈਸਟ’ ਕਰਵਾਇਆ
ਤ੍ਰੈ ਸ਼ਤਾਬਦੀ ਕਾਲਜ ਵਿਖੇ 'ਸਾਇੰਸ-ਫੈਸਟ' ਦਾ ਆਯੋਜਨ
Publish Date: Fri, 13 Feb 2026 08:07 PM (IST)
Updated Date: Fri, 13 Feb 2026 08:09 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਅੰਮ੍ਰਿਤਸਰ : ਤ੍ਰੈ ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਵਿਖੇ ਪ੍ਰਿੰਸੀਪਲ ਡਾ. ਕੁਲਵਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਾਇੰਸ ਵਿਭਾਗ ਵੱਲੋਂ ਸ਼ਾਨਦਾਰ ‘ਸਾਇੰਸ-ਫੈਸਟ’ ਕਰਵਾਇਆ ਗਿਆ। ਇਸ ਪ੍ਰੋਗਰਾਮ ਵਿੱਚ ਵਿਦਿਆਰਥੀਆਂ ਨੇ ਬਹੁਤ ਹੀ ਉਤਸ਼ਾਹ ਨਾਲ ਹਿੱਸਾ ਲੈਂਦਿਆਂ ਵਿਗਿਆਨ ਦੇ ਵੱਖ-ਵੱਖ ਵਿਸ਼ਿਆਂ ’ਤੇ ਆਪਣੀ ਪਕੜ ਦਾ ਪ੍ਰਦਰਸ਼ਨ ਕੀਤਾ। ਇਸ ਮੌਕੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਖੇਤਰੀ ਦਫ਼ਤਰ ਤੋਂ ਹਰਪ੍ਰੀਤ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਕਾਲਜ ਪ੍ਰਿੰਸੀਪਲ ਡਾ. ਕੁਲਵਿੰਦਰ ਸਿੰਘ ਨੇ ਮੁੱਖ ਮਹਿਮਾਨ ਦਾ ਸਵਾਗਤ ਕਰਦਿਆਂ ਵਿਦਿਆਰਥੀਆਂ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਮੌਜੂਦਾ ਦੌਰ ਵਿੱਚ ਸਿਰਫ਼ ਕਿਤਾਬੀ ਗਿਆਨ ਕਾਫ਼ੀ ਨਹੀਂ ਹੈ, ਸਗੋਂ ਹਰ ਵਿਸ਼ੇ ਨੂੰ ਪ੍ਰੈਕਟੀਕਲ ਤੌਰ ’ਤੇ ਸਮਝਣਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਅਜਿਹੇ ਸਮਾਗਮਾਂ ਨੂੰ ਵਿਦਿਆਰਥੀਆਂ ਦੀ ਮਾਨਸਿਕ ਅਤੇ ਵਿਗਿਆਨਕ ਸੋਚ ਦੇ ਵਿਕਾਸ ਲਈ ਮਹੱਤਵਪੂਰਨ ਦੱਸਿਆ। ਫੈਸਟ ਦੌਰਾਨ ਵਿਦਿਆਰਥੀਆਂ ਨੇ ਫਿਜ਼ਿਕਸ, ਕੈਮਿਸਟਰੀ ਅਤੇ ਬਾਇਓਲੋਜੀ ਨਾਲ ਸਬੰਧਿਤ ਨਵੀਨਤਮ ਮਾਡਲ ਤਿਆਰ ਕੀਤੇ। ਇਸ ਤੋਂ ਇਲਾਵਾ ਡਿਜੀਟਲ ਤਕਨੀਕ ਦੀ ਵਰਤੋਂ ਕਰਦਿਆਂ ਵਿਦਿਆਰਥੀਆਂ ਨੇ ਪਾਵਰਪੁਆਇੰਟ ਪ੍ਰੈਜ਼ੈਂਟੇਸ਼ਨ ਰਾਹੀਂ ਗੁੰਝਲਦਾਰ ਵਿਗਿਆਨਕ ਵਿਸ਼ਿਆਂ ਨੂੰ ਬਹੁਤ ਹੀ ਸਰਲ ਤਰੀਕੇ ਨਾਲ ਪੇਸ਼ ਕੀਤਾ। ਮੁੱਖ ਮਹਿਮਾਨ ਹਰਪ੍ਰੀਤ ਸਿੰਘ ਨੇ ਵਿਦਿਆਰਥੀਆਂ ਦੀ ਮਿਹਨਤ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਉਪਰਾਲੇ ਵਿਦਿਆਰਥੀਆਂ ਵਿੱਚ ਵਿਸ਼ੇ ਪ੍ਰਤੀ ਰੁਚੀ ਪੈਦਾ ਕਰਦੇ ਹਨ ਅਤੇ ਉਨ੍ਹਾਂ ਨੂੰ ਭਵਿੱਖ ਵਿੱਚ ਨਵੀਆਂ ਖੋਜਾਂ ਕਰਨ ਲਈ ਪ੍ਰੇਰਿਤ ਕਰਦੇ ਹਨ। ਸਮਾਗਮ ਦੇ ਅਖੀਰ ਵਿੱਚ ਕਾਲਜ ਪ੍ਰਿੰਸੀਪਲ ਅਤੇ ਸਟਾਫ਼ ਵੱਲੋਂ ਹਰਪ੍ਰੀਤ ਸਿੰਘ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਮੰਚ ਸੰਚਾਲਨ ਦੀ ਭੂਮਿਕਾ ਡਾ. ਗੁਰਹੰਸ ਸਿੰਘ ਨੇ ਬਾਖ਼ੂਬੀ ਨਿਭਾਈ। ਇਸ ਮੌਕੇ ਪ੍ਰੋ. ਸਾਹਿਬ ਸਿੰਘ, ਪ੍ਰੋ. ਨਵਜੋਤ ਸਿੰਘ, ਪ੍ਰੋ. ਜਗਜੀਤ ਕੌਰ, ਪ੍ਰੋ. ਪਲਕਪ੍ਰੀਤ ਕੌਰ ਅਤੇ ਕਾਲਜ ਸੁਪਰਡੈਂਟ ਜਸਪਾਲ ਸਿੰਘ ਸਮੇਤ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।