ਯੂਕੇ ਦੇ ਐੱਮਪੀ ਨੇ ਸ੍ਰੀ ਹਰਿਮੰਦਰ ਸਾਹਿਬ ’ਚ ਮੱਥਾ ਟੇਕਿਆ
ਯੂਕੇ ਦੇ ਐਮਪੀ ਬੀਬੀ ਪ੍ਰੀਤ ਕੌਰ ਗਿੱਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
Publish Date: Fri, 20 Mar 2026 08:03 PM (IST)
Updated Date: Sat, 21 Mar 2026 04:13 AM (IST)

ਫੋਟੋ: 23 ਕੈਪਸ਼ਨ : ਬੀਬੀ ਪ੍ਰੀਤ ਕੌਰ ਗਿੱਲ ਨੂੰ ਸਿਰੋਪਾਓ ਤੇ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ ਦੇ ਕੇ ਸਨਮਾਨਿਤ ਕਰਦੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਹੋਰ। * ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਐਡਵੋਕੇਟ ਧਾਮੀ ਨੇ ਕੀਤਾ ਸਨਮਾਨਿਤ ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਅੰਮ੍ਰਿਤਸਰ : ਯੂਕੇ ਬਰਮਿੰਘਮ ਦੇ ਐਜਬੈਸਟਨ ਤੋਂ ਐੱਮਪੀ ਬੀਬੀ ਪ੍ਰੀਤ ਕੌਰ ਗਿੱਲ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਪ੍ਰਤੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਨਤਮਸਤਕ ਹੋਣ ਉਪਰੰਤ ਉਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ ਵੀ ਪੁੱਜੇ, ਜਿਥੇ ਉਨ੍ਹਾਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ ਕੀਤੀ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬੀਬੀ ਪ੍ਰੀਤ ਕੌਰ ਗਿੱਲ ਨੂੰ ਜੀ ਆਇਆਂ ਆਖਿਆ ਤੇ ਸ਼੍ਰੋਮਣੀ ਕਮੇਟੀ ਵੱਲੋਂ ਸਿਰੋਪਾਓ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਬੀਬੀ ਪ੍ਰੀਤ ਕੌਰ ਗਿੱਲ ਨੇ ਸ਼੍ਰੋਮਣੀ ਕਮੇਟੀ ਵੱਲੋਂ ਮਿਲੇ ਸਨਮਾਨ ਲਈ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਖ਼ੁਦ ਨੂੰ ਵਡਭਾਗਾ ਸਮਝਦੇ ਹਨ। ਉਨ੍ਹਾਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੁੱਚੀ ਮਾਨਵਤਾ ਲਈ ਰਾਹ-ਦਸੇਰਾ ਹੈ। ਐੱਮਪੀ ਬਣਨ ਮਗਰੋਂ ਉਹ ਗੁਰੂ ਸਾਹਿਬ ਦਾ ਸ਼ੁਕਰਾਨਾ ਤੇ ਸਰਬੱਤ ਦੇ ਭਲੇ ਲਈ ਅਰਦਾਸ ਕਰਨ ਆਏ ਹਨ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਦਲਜੀਤ ਸਿੰਘ ਭਿੰਡਰ, ਮੰਗਵਿੰਦਰ ਸਿੰਘ ਖਾਪੜਖੇੜੀ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਅਜਮੇਰ ਸਿੰਘ ਖੇੜਾ, ਪ੍ਰਿਤਪਾਲ ਸਿੰਘ ਪਾਲੀ, ਭਾਈ ਅਜੈਬ ਸਿੰਘ ਅਭਿਆਸੀ, ਬੀਬੀ ਪਰਮਜੀਤ ਕੌਰ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਨਿੱਜੀ ਸਕੱਤਰ ਸ਼ਾਹਬਾਜ਼ ਸਿੰਘ, ਮੀਤ ਸਕੱਤਰ ਹਰਭਜਨ ਸਿੰਘ ਵਕਤਾ ਆਦਿ ਮੌਜੂਦ ਸਨ।