ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਹਸਪਤਾਲ ਵਿਖੇ ਮਰੀਜ਼ਾਂ ਲਈ ਲੰਗਰ ਸੇਵਾ ਦੀ ਸ਼ੁਰੂਆਤ
ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਹਸਪਤਾਲ ਵਿਖੇ ਮਰੀਜ਼ਾਂ ਲਈ ਲੰਗਰ ਸੇਵਾ ਦੀ ਕੀਤੀ ਗਈ ਸ਼ੁਰੂਆਤ
Publish Date: Fri, 27 Mar 2026 06:29 PM (IST)
Updated Date: Sat, 28 Mar 2026 04:06 AM (IST)

ਫੋਟੋ: 4 ਕੈਪਸ਼ਨ : ਸ੍ਰੀ ਗੁਰੂ ਨਾਨਕ ਦੇਵ ਹਸਪਤਾਲ ਵਿਖੇ ਮਰੀਜ਼ ਤੇ ਸਹਿਯੋਗੀ ਲਈ ਸ਼੍ਰੋਮਣੀ ਕਮੇਟੀ ਵੱਲੋਂ ਲੰਗਰ ਸੇਵਾ ਦੀ ਰਸਮੀ ਸ਼ੁਰੂਆਤ ਕਰਨ ਮੌਕੇ ਅਰਦਾਸ ’ਚ ਸ਼ਾਮਲ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਹੋਰ। * ਹਸਪਤਾਲ ’ਚ ਇਲਾਜ ਕਰਵਾਉਣ ਆਏ ਮਰੀਜ਼ਾਂ ਲਈ ਵੱਡਾ ਧਰਵਾਸ ਬਣੇਗੀ ਲੰਗਰ ਸੇਵਾ : ਐਡਵੋਕੇਟ ਧਾਮੀ ਅੰਮ੍ਰਿਤਪਾਲ ਸਿੰਘ, ਪੰਜਾਬੀ ਜਾਗਰਣ ਅੰਮ੍ਰਿਤਸਰ : ਸ੍ਰੀ ਗੁਰੂ ਨਾਨਕ ਦੇਵ ਹਸਪਤਾਲ ਅੰਮ੍ਰਿਤਸਰ ’ਚ ਇਲਾਜ ਕਰਵਾਉਣ ਆਏ ਮਰੀਜ਼ ਤੇ ਉਨ੍ਹਾਂ ਨਾਲ ਆਏ ਸਹਿਯੋਗੀ ਸ੍ਰੀ ਗੁਰੂ ਰਾਮਦਾਸ ਜੀ ਦੇ ਦਰ ਤੋਂ ਆਇਆ ਲੰਗਰ ਛਕ ਸਕਣਗੇ। ਲੰਗਰ ਸੇਵਾ ਦੀ ਰਸਮੀ ਸ਼ੁਰੂਆਤ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਮੂਲਮੰਤਰ ਤੇ ਗੁਰਮੰਤਰ ਦੇ ਜਾਪ ਕਰਨ ਮਗਰੋਂ ਅਰਦਾਸ ਉਪਰੰਤ ਕੀਤੀ ਗਈ। ਜ਼ਿਕਰਯੋਗ ਹੈ ਕਿ ਬੀਤੇ ਸਮੇਂ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਇਸ ਕਾਰਜ ਲਈ ਪ੍ਰਵਾਨਗੀ ਦਿੱਤੀ ਸੀ। ਸ੍ਰੀ ਗੁਰੂ ਨਾਨਕ ਦੇਵ ਹਸਪਤਾਲ ਪੁੱਜਣ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੂੰ ਹਸਪਤਾਲ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਰਾਜੀਵ ਦੇਵਗਨ ਤੇ ਮੈਡੀਕਲ ਸੁਪਰਡੈਂਟ ਡਾ. ਕਰਮਜੀਤ ਸਿੰਘ ਨੇ ਜੀ ਆਇਆਂ ਆਖਦਿਆਂ ਸਵਾਗਤ ਕੀਤਾ। ਇਸ ਮੌਕੇ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਗੁਰੂ ਸਾਹਿਬਾਨ ਦੇ ਸੰਦੇਸ਼ ’ਤੇ ਪ੍ਰੇਰਣਾ ਦੀ ਰੌਸ਼ਨੀ ’ਚ ਸਦਾ ਹੀ ਮਾਨਵ ਹਿੱਤਕਾਰੀ ਕਾਰਜਾਂ ਲਈ ਯਤਨਸ਼ੀਲ ਰਹੀ ਹੈ। ਇਸੇ ਤਹਿਤ ਹੀ ਸ੍ਰੀ ਗੁਰੂ ਨਾਨਕ ਦੇਵ ਜੀ ਹਸਪਤਾਲ ਵਿਖੇ ਇਲਾਜ ਕਰਵਾਉਣ ਆਉਣ ਵਾਲੇ ਮਰੀਜ਼ਾਂ ਤੇ ਹੋਰ ਲੋੜਵੰਦਾਂ ਲਈ ਲੰਗਰ ਦਾ ਪ੍ਰਬੰਧ ਕਰਨ ਦਾ ਫ਼ੈਸਲਾ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਇਸ ਦਾ ਮੁੱਖ ਉਦੇਸ਼ ਮਰੀਜ਼ਾਂ ਤੇ ਉਨ੍ਹਾਂ ਦੇ ਸਹਿਯੋਗੀਆਂ ਨੂੰ ਸਹਾਰਾ ਪ੍ਰਦਾਨ ਕਰਨਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦਾ ਇਹ ਉਪਰਾਲਾ ਦੂਰ-ਦੂਰ ਤੋਂ ਅੰਮ੍ਰਿਤਸਰ ਵਿਖੇ ਇਲਾਜ ਕਰਵਾਉਣ ਆਏ ਮਰੀਜ਼ਾਂ ਲਈ ਵੱਡਾ ਧਰਵਾਸ ਬਣੇਗਾ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਇਸ ਕਾਰਜ ’ਚ ਸਹਿਯੋਗ ਕਰਨ ਲਈ ਹਸਪਤਾਲ ਦੇ ਡਾਇਰੈਕਟਰ ਪ੍ਰਿੰਸੀਪਲ, ਮੈਡੀਕਲ ਸੁਪਰਡੈਂਟ ਸਮੇਤ ਸਮੁੱਚੇ ਪ੍ਰਬੰਧ ਦਾ ਧੰਨਵਾਦ ਵੀ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਗੁਰਮੀਤ ਸਿੰਘ ਬੂਹ, ਸ੍ਰੀ ਗੁਰੂ ਨਾਨਕ ਦੇਵ ਮੈਡੀਕਲ ਕਾਲਜ ਤੇ ਹਸਪਤਾਲ ਦੇ ਹਸਪਤਾਲ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਰਾਜੀਵ ਦੇਵਗਨ ਤੇ ਮੈਡੀਕਲ ਸੁਪਰਡੈਂਟ ਡਾ. ਕਰਮਜੀਤ ਸਿੰਘ, ਨਰਸਿੰਘ ਸੁਪਰਡੈਂਟ ਬੀਬੀ ਨਵਕਿਰਨ ਕੌਰ, ਓਐੱਸਡੀ ਸਤਬੀਰ ਸਿੰਘ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਗੁਰਿੰਦਰ ਸਿੰਘ ਮਥਰੇਵਾਲ, ਨਿੱਜੀ ਸਕੱਤਰ ਸ਼ਾਹਬਾਜ਼ ਸਿੰਘ, ਮੀਤ ਸਕੱਤਰ ਹਰਭਜਨ ਸਿੰਘ ਵਕਤਾ, ਮੈਨੇਜਰ ਭਗਵੰਤ ਸਿੰਘ ਧੰਗੇੜਾ, ਵਧੀਕ ਮੈਨੇਜਰ ਬਿਕਰਮਜੀਤ ਸਿੰਘ ਝੰਗੀ, ਬਲਵਿੰਦਰ ਸਿੰਘ ਆਦਿ ਮੌਜੂਦ ਸਨ।