ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅੱਜ ਸਜਾਇਆ ਜਾਵੇਗਾ ਨਗਰ ਕੀਰਤਨ
ਨੌਵੇਂ ਪਾਤਸ਼ਾਹ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅੱਜ ਸਜਾਇਆ ਜਾਵੇਗਾ ਨਗਰ ਕੀਰਤਨ
Publish Date: Sun, 05 Apr 2026 05:50 PM (IST)
Updated Date: Mon, 06 Apr 2026 04:05 AM (IST)
ਅੰਮ੍ਰਿਤਪਾਲ ਸਿੰਘ ਪੰਜਾਬੀ ਜਾਗਰਣ:
ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ 6 ਅਪ੍ਰੈਲ ਨੂੰ ਦੁਪਹਿਰ 12 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਤੱਕ ਨਗਰ ਕੀਰਤਨ ਸਜਾਇਆ ਜਾਵੇਗਾ। ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਪੰਜਾ ਪਿਆਰਿਆ ਦੀ ਅਗਵਾਈ ਵਿਚ ਨਗਰ ਕੀਰਤਨ ਵਿਚ ਸ਼੍ਰੋਮਣੀ ਕਮੇਟੀ ਦੇ ਅਧਿਕਾਰੀ, ਸਭਾ-ਸੁਸਾਇਟੀਆਂ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਸ਼ਮੂਲੀਅਤ ਕਰਨਗੀਆਂ। ਨਗਰ ਕੀਰਤਨ ਦੌਰਾਨ ਸ਼ਬਦ ਚੌਂਕੀ ਜਥੇ ਗੁਰਬਾਣੀ ਗਾਇਨ ਕਰਨਗੇ, ਗੱਤਕਾ ਪਾਰਟੀਆਂ ਸਿੱਖ ਜੰਗਜੂ ਕਲਾ ਦਾ ਪ੍ਰਗਟਾਵਾ ਕਰਨਗੀਆਂ ਅਤੇ ਬੈਂਡ ਪਾਰਟੀਆਂ ਮਨੋਹਰ ਧੁਨਾਂ ਨਾਲ ਨਗਰ ਕੀਰਤਨ ਦੀ ਸ਼ੋਭਾ ਵਧਾਉਂਣਗੀਆਂ। ਸ੍ਰੀ ਅਕਾਲ ਤਖ਼ਤ ਤੋਂ ਆਰੰਭ ਹੋ ਕੇ ਨਗਰ ਕੀਰਤਨ ਸ਼ਹਿਰ ਦੇ ਵੱਖ-ਵੱਖ ਬਜ਼ਾਰਾਂ ਤੋਂ ਹੁੰਦਾ ਹੋਇਆ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਸੰਪੰਨ ਹੋਵੇਗਾ। ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਬਿਕਰਮ ਸਿੰਘ ਝੰਗੀ ਨੇ ਦੱਸਿਆ ਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ 7 ਅਪ੍ਰੈਲ ਨੂੰ ਸਵੇਰ ਤੋਂ ਦੇਰ ਰਾਤ ਤੱਜ ਗੁਰਮਤਿ ਸਮਾਗਮ ਕਰਵਾਇਆ ਜਾਵੇਗਾ। ਜਿਸ ਵਿਚ ਪੰਥ ਪ੍ਰਸਿੱਧ ਕਥਾਵਾਚਕ, ਰਾਗੀ ਜਥੇ, ਸਿੰਘ ਸਾਹਿਬਾਨ ਹਾਜਰੀ ਭਰਨਗੇ। ਕਾਰ ਸੇਵਾ ਕਿਲ੍ਹਾ ਆਨੰਦਗੜ੍ਹ ਸਾਹਿਬ ਦੇ ਮੁੱਖੀ ਬਾਬਾ ਸਤਨਾਮ ਸਿੰਘ ਅਤੇ ਸੰਗਤਾਂ ਦੇ ਸਹਿਯੋਗ ਨਾਲ ਵਿਸ਼ੇਸ਼ ਲੰਗਰ ਲਗਾਏ ਜਾਣਗੇ। ਇਸ ਸਬੰਧ ਵਿਚ ਅੱਜ ਐਤਵਾਰ ਨੂੰ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ, ਜਿਸ ਦੇ ਭੋਗ 7 ਅਪ੍ਰੈਲ ਨੂੰ ਪਾਏ ਜਾਣਗੇ। ਇਸੇ ਦਿਨ ਨੌਵੇਂ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਸੁੰਦਰ ਜਲੌਅ ਵੀ ਸਜਾਏ ਜਾਣਗੇ ਅਤੇ ਦੇਰ ਸ਼ਾਮ ਦੀਪਮਾਲਾ ਤੇ ਆਤਿਸ਼ਬਾਜੀ ਹੋਵੇਗੀ।