ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਗੁਰਮਤਿ ਸਮਾਗਮ
ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਹੋਏ ਗੁਰਮਤਿ ਸਮਾਗਮ
Publish Date: Tue, 07 Apr 2026 06:18 PM (IST)
Updated Date: Wed, 08 Apr 2026 04:06 AM (IST)
ਅੰਮ੍ਰਿਤਪਾਲ ਸਿੰਘ, ਪੰਜਾਬੀ ਜਾਗਰਣ: ਅੰਮ੍ਰਿਤਸਰ: ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਵੱਡੀ ਗਿਣਤੀ ਸੰਗਤਾਂ ਨਤਮਸਤਕ ਹੋਈਆਂ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਨੌਵੇਂ ਪਾਤਸ਼ਾਹ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਗੁਰਮਤਿ ਸਮਾਗਮ ਕੀਤੇ ਗਏ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਨੇ ਸੰਗਤ ਨੂੰ ਗੁਰੂ ਸਾਹਿਬ ਦੇ ਜੀਵਨ ਇਤਿਹਾਸ ਤੋਂ ਜਾਣੂ ਕਰਵਾਇਆ। ਉਨ੍ਹਾਂ ਸੰਗਤਾਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਜੀਵਨ ਤੋਂ ਪ੍ਰੇਰਨਾ ਲੈਣ ਦੀ ਅਪੀਲ ਕੀਤੀ। ਸਮਾਗਮ ਦੌਰਾਨ ਵੱਖ-ਵੱਖ ਰਾਗੀ ਜਥਿਆਂ ਨੇ ਵੀ ਗੁਰਬਾਣੀ ਕੀਰਤਨ ਕੀਤਾ। ਇਸ ਮੌਕੇ ਬਾਬਾ ਸਤਨਾਮ ਸਿੰਘ ਕਾਰਸੇਵਾ ਕਿਲ੍ਹਾ ਅਨੰਦਗੜ੍ਹ ਵਾਲੇ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ, ਵਧੀਕ ਮੈਨੇਜਰ ਬਿਕਰਮਜੀਤ ਸਿੰਘ ਝੰਗੀ, ਭਾਈ ਪ੍ਰੇਮ ਸਿੰਘ, ਗ੍ਰੰਥੀ ਭਾਈ ਗੁਰਸੇਵਕ ਸਿੰਘ ਤੇ ਭਾਈ ਰਣਜੀਤ ਸਿੰਘ ਆਦਿ ਹਾਜ਼ਰ ਸਨ।