ਸੀਐੱਮ ਵੱਲੋਂ ਹੰਕਾਰ ਯਾਤਰਾ ਕੱਢਣੀ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਿੱਧੀ ਚੁਣੌਤੀ : ਜਥੇਦਾਰ ਗੜਗੱਜ
ਮੁੱਖ ਮੰਤਰੀ ਵੱਲੋਂ ਅਜਿਹੀ ਹੰਕਾਰ ਯਾਤਰਾ ਕੱਢਣੀ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਿੱਧੀ ਚੁਣੌਤੀ-ਜਥੇਦਾਰ
Publish Date: Fri, 08 May 2026 07:03 PM (IST)
Updated Date: Sat, 09 May 2026 04:12 AM (IST)

ਫੋਟੋ: 36 ਕੈਪਸ਼ਨ : ਗੱਲਬਾਤ ਕਰਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਤੇ ਬਾਬਾ ਟੇਕ ਸਿੰਘ। ਅੰਮ੍ਰਿਤਪਾਲ ਸਿੰਘ, ਪੰਜਾਬੀ ਜਾਗਰਣ ਅੰਮ੍ਰਿਤਸਰ : ਪੰਜਾਬ ਸਰਕਾਰ ਵੱਲੋਂ ‘ਦ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ 2026’ ਸਬੰਧੀ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਵਿਚਾਰ-ਚਰਚਾ ਤੋਂ ਬਾਅਦ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪੱਤਰਕਾਰਾਂ ਨਾਲ ਵਿਸ਼ੇਸ਼ ਗੱਲਬਾਤ ਕੀਤੀ। ਗੱਲਬਾਤ ਕਰਦਿਆਂ ਜਥੇਦਾਰ ਗੜਗੱਜ ਨੇ ਕਿਹਾ ਕਿ ਸਰਕਾਰ ਵੱਲੋਂ 11 ਅਪ੍ਰੈਲ ਦੀ ਰਾਤ ਨੂੰ ਐਕਟ ’ਚ ਸੋਧ ਦਾ ਮਸੌਦਾ ਤਿਆਰ ਕੀਤਾ ਗਿਆ ਅਤੇ ਸਿਰਫ਼ ਦੋ ਦਿਨਾਂ ’ਚ ਹੀ 13 ਅਪ੍ਰੈਲ ਨੂੰ ਸੋਧ ਪਾਸ ਕਰ ਦਿੱਤੀ ਗਈ। ਉਨ੍ਹਾਂ ਕਿਹਾ ਕਿ ਪੰਜਾਬ ਇਕ ਪੰਜਾਬੀ ਸੂਬਾ ਹੈ ਜਿੱਥੇ ਸਰਕਾਰ ਦੀ ਇਹ ਜ਼ਿੰਮੇਵਾਰੀ ਸੀ ਕਿ ਇਸ ਕਾਨੂੰਨੀ ਸੋਧ ਦਾ ਮਸੌਦਾ ਪਹਿਲੇ ਦਿਨ ਤੋਂ ਹੀ ਪੰਜਾਬੀ ਭਾਸ਼ਾ ’ਚ ਤਿਆਰ ਕਰ ਕੇ ਜਨਤਕ ਕੀਤਾ ਜਾਂਦਾ ਪਰ ਅੱਜ ਤੱਕ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਰਕਾਰ ਨੇ ਕੋਈ ਵੀ ਮਸੌਦਾ ਜਨਤਕ ਰੂਪ ’ਚ ਜਾਰੀ ਨਹੀਂ ਕੀਤਾ ਤੇ ਲੁਕਵੇਂ ਢੰਗ ਨਾਲ ਬਿਨਾਂ ਕਿਸੇ ਵਿਚਾਰ ਚਰਚਾ, ਸਿੱਖ ਸੰਗਤ ਤੇ ਸੰਸਥਾਵਾਂ ਦੇ ਇਤਰਾਜ਼ ਲਏ ਬਿਨਾਂ ਹੀ ਕਾਨੂੰਨੀ ਸੋਧ ਪਾਸ ਕਰ ਦਿੱਤੀ। ਸਰਕਾਰ ਨੇ ਨਾ ਕੋਈ ਖਰੜਾ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਭੇਜਿਆ ਤੇ ਨਾ ਹੀ ਸ਼੍ਰੋਮਣੀ ਕਮੇਟੀ ਨੂੰ ਦਿੱਤਾ। ਉਨ੍ਹਾਂ ਕਿਹਾ ਕਿ ਜਦੋਂ ਕਾਨੂੰਨ ਦੇ ਸਬੰਧ ’ਚ ਸ੍ਰੀ ਅਕਾਲ ਤਖਤ ਸਾਹਿਬ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਵਿਚਾਰ ਲਈ ਸੱਦਿਆ ਸੀ ਤਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਨੂੰ ਇਸ ਮਾਮਲੇ ਉੱਤੇ ਸਿਆਸੀ ਲਾਹਾ ਲੈਣ ਦੀ ਮਨਸ਼ਾ ਨਾਲ ਕੱਢੀ ਜਾ ਰਹੀ ਯਾਤਰਾ ਰੋਕ ਦੇਣੀ ਚਾਹੀਦੀ ਸੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਅਜਿਹੀ ਹੰਕਾਰ ਯਾਤਰਾ ਕੱਢਣੀ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਿੱਧੀ ਚੁਣੌਤੀ ਹੈ। ਜਥੇਦਾਰ ਗੜਗੱਜ ਨੇ ਕਿਹਾ ਕਿ ‘ਬੀੜ’ ਸ਼ਬਦ ਸਿੱਖ ਰਵਾਇਤ ਤੇ ਰਹਿਤ ਮਰਯਾਦਾ ’ਚ ਪੁਰਾਤਨ ਸਮੇਂ ਤੋਂ ਹੀ ਪ੍ਰਚਲਿਤ ਹੈ, ਕਾਨੂੰਨ ’ਚ ਸੋਧ ਕਰਕੇ ਬੀੜ ਸ਼ਬਦ ਨੂੰ ਹਟਾਉਣਾ ਵੀ ਸਰਕਾਰ ਦੀ ਸਿੱਖ ਰਵਾਇਤਾਂ ਪ੍ਰਤੀ ਗ਼ੈਰ ਸੰਜੀਦਾ ਪਹੁੰਚ ਹੈ। ਉਨ੍ਹਾਂ ਕਿਹਾ ਕਿ ਭਾਵੇਂ ਕਿ ‘ਸਰੂਪ’ ਸ਼ਬਦ ਵੀ ਸਤਿਕਾਰਤ ਹੈ ਪਰ ਸਿੱਖ ਸ਼ਬਦਾਵਲੀ ਸਰਕਾਰ ਨਹੀਂ ਖ਼ਾਲਸਾ ਪੰਥ ਤੈਅ ਕਰੇਗਾ। ਉਨ੍ਹਾਂ ਕਿਹਾ ਕਿ ਸਰਕਾਰ ਦੀ ਇਹ ਜ਼ਿੰਮੇਵਾਰੀ ਹੈ ਕਿ ਬੇਅਦਬੀ ਕਰਨ ਵਾਲੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਵੇ। ਉਨ੍ਹਾਂ ਸਾਲ 2015 ਦੇ ਬੇਅਦਬੀ ਨਾਲ ਸਬੰਧਤ ਮਾਮਲਿਆਂ ’ਚ ਮੌਜੂਦਾ ਪੰਜਾਬ ਸਰਕਾਰ ਦੀ ਦੋਸ਼ੀਆਂ ਨੂੰ ਬਚਾਉਣ ਵਾਲੀ ਕਾਰਗੁਜ਼ਾਰੀ ਦੀ ਤਿੱਖੀ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਪੱਸ਼ਟ ਕਰੇ ਕਿ ਬੇਅਦਬੀ ਦੇ ਇਨ੍ਹਾਂ ਕੇਸਾਂ ਨੂੰ ਪੰਜਾਬ ਤੋਂ ਬਾਹਰ ਤਬਦੀਲ ਹੋਣ ਤੋਂ ਰੋਕਣ ਲਈ ਸਰਕਾਰ ਨੇ ਕੀ ਕੀਤਾ ਅਤੇ ਇਨ੍ਹਾਂ ਕੇਸਾਂ ’ਚ ਮੁੱਖ ਦੋਸ਼ੀ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਸਜ਼ਾ ਕਿਉਂ ਨਹੀਂ ਦਿੱਤੀ ਗਈ। ਉਨ੍ਹਾਂ ਸਰਕਾਰ ਨੂੰ 2017 ਮੌੜ ਬੰਬ ਧਮਾਕੇ ਦੇ ਦੋਸ਼ੀਆਂ ਨੂੰ ਸਜ਼ਾ ਦੇ ਕੇ ਪੀੜਤ ਪਰਿਵਾਰਾਂ ਨਾਲ ਇਨਸਾਫ ਕਰਨ ਨੂੰ ਵੀ ਕਿਹਾ। ਇਸ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਬਾਬਾ ਟੇਕ ਸਿੰਘ ਵੀ ਮੌਜੂਦ ਸਨ।