ਆਮ ਆਦਮੀ ਪਾਰਟੀ ਦੇ ਆਗੂਆਂ ਕੇਂਦਰ ਸਰਕਾਰ ਖਿਲਾਫ ਕੀਤਾ ਰੋਸ ਪ੍ਰਦਰਸ਼ਨ
ਭਾਜਪਾ ਸਰਕਾਰ ਦਾ ਲੋਕ ਵਿਰੋਧੀ ਚਿਹਰਾ ਹੋਇਆ ਨੰਗਾ : ਆਪ
Publish Date: Fri, 15 May 2026 07:40 PM (IST)
Updated Date: Sat, 16 May 2026 04:12 AM (IST)

ਭਾਜਪਾ ਸਰਕਾਰ ਦਾ ਲੋਕ ਵਿਰੋਧੀ ਚਿਹਰਾ ਹੋਇਆ ਨੰਗਾ : ਆਪ ਪੁੱਤਰ ਪ੍ਰੇਰਕ, ਪੰਜਾਬੀ ਜਾਗਰਣ, ਅੰਮ੍ਰਿਤਸਰ : ਆਮ ਆਦਮੀ ਪਾਰਟੀ-ਅੰਮ੍ਰਿਤਸਰ ਵੱਲੋਂ ਅੱਜ ਕੇਂਦਰ ਦੀ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਹੇਠ ਚੱਲ ਰਹੀ ਮੋਦੀ ਸਰਕਾਰ ਵੱਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੀਤੇ ਵਾਧੇ ਦੇ ਵਿਰੋਧ ਵਿੱਚ ਅੰਮ੍ਰਿਤਸਰ ਦੇ ਕ੍ਰਿਸਟਲ ਚੌਂਕ ਨਜ਼ਦੀਕ ਪੈਟਰੋਲ ਪੰਪ ਵਿਖੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਪ੍ਰਦਰਸ਼ਨ ਦੀ ਅਗਵਾਈ ਜ਼ਿਲ੍ਹਾ ਪ੍ਰਧਾਨ ਪ੍ਰਭਬੀਰ ਸਿੰਘ ਬਰਾੜ, ਵਿਧਾਇਕ ਕੁਲਦੀਪ ਸਿੰਘ ਧਾਲੀਵਾਲ, ਵਿਧਾਇਕ ਡਾ. ਅਜੈ ਗੁਪਤਾ ਅਤੇ ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵੱਲੋਂ ਕੀਤੀ ਗਈ। ਪਾਰਟੀ ਆਗੂਆਂ ਨੇ ਕਿਹਾ ਕਿ ਅਮਰੀਕਾ-ਇਰਾਨ ਤਣਾਅ ਨੂੰ ਸ਼ੁਰੂ ਹੋਏ ਲੱਗਭੱਗ ਤਿੰਨ ਮਹੀਨੇ ਹੋ ਚੁੱਕੇ ਹਨ । ਕੇਂਦਰ ਸਰਕਾਰ ਬੰਗਾਲ ਅਤੇ ਆਸਾਮ ਦੀਆਂ ਚੋਣਾਂ ਦੌਰਾਨ ਚੁੱਪ ਰਹੀ ਅਤੇ ਹੁਣ ਆਮ ਲੋਕਾਂ ਨੂੰ ਹਰ ਰੋਜ਼ ਮਹਿੰਗਾਈ ਦੇ ਤੱਕੜੇ ਝਟਕੇ ਦੇ ਰਹੀ ਹੈ। ਦੋ ਦਿਨ ਪਹਿਲਾਂ ਸੋਨੇ-ਚਾਂਦੀ ਉੱਤੇ ਇੰਪੋਰਟ ਡਿਊਟੀ 6 ਫੀਸਦੀ ਤੋਂ ਵਧਾ ਕੇ 15 ਫੀਸਦੀ ਕਰ ਦਿੱਤੀ ਗਈ, ਜਿਸ ਕਾਰਨ ਕੀਮਤਾਂ ਵਿੱਚ ਬੇਹੱਦ ਵਾਧਾ ਹੋਇਆ ਹੈ। ਹੁਣ ਭਾਜਪਾ ਸਰਕਾਰ ਵੱਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ 3-3 ਰੁਪਏ ਦਾ ਵਾਧਾ ਕਰਕੇ ਲੋਕਾਂ ਉੱਤੇ ਹੋਰ ਆਰਥਿਕ ਬੋਝ ਪਾਇਆ ਗਿਆ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਵਾਧੇ ਦੀ ਸੰਭਾਵਨਾ ਵੀ ਜਤਾਈ ਜਾ ਰਹੀ ਹੈ, ਇਸ ਨਾਲ ਭਾਜਪਾ ਦਾ ਲੋਕ ਵਿਰੋਧੀ ਚਿਹਰਾ ਨੰਗਾ ਹੋ ਗਿਆ ਹੈ । ਆਮ ਆਦਮੀ ਪਾਰਟੀ ਦੇ ਆਗੂਆਂ ਨੇ ਦੋਸ਼ ਲਾਇਆ ਕਿ ਮੋਦੀ ਸਰਕਾਰ ਦੀਆਂ ਨੀਤੀਆਂ ਪੰਜਾਬ, ਕਿਸਾਨਾਂ ਅਤੇ ਆਮ ਜਨਤਾ ਵਿਰੋਧੀ ਹਨ। ਉਨ੍ਹਾਂ ਕਿਹਾ ਕਿ ਸਰਕਾਰ ਕਿਸਾਨਾਂ ਨਾਲ ਬਦਲਾਖੋਰੀ ਦੀ ਨੀਤੀ ਅਪਣਾ ਰਹੀ ਹੈ ਅਤੇ ਲਗਾਤਾਰ ਵਧ ਰਹੀਆਂ ਤੇਲ ਦੀਆਂ ਕੀਮਤਾਂ ਦਾ ਸਭ ਤੋਂ ਵੱਧ ਅਸਰ ਗਰੀਬ ਅਤੇ ਮੱਧਵਰਗੀ ਪਰਿਵਾਰਾਂ ਉੱਤੇ ਪਵੇਗਾ। ਮਹਿੰਗਾਈ ਕਾਰਨ ਆਵਾਜਾਈ, ਖੇਤੀਬਾੜੀ ਖਰਚੇ ਅਤੇ ਰੋਜ਼ਾਨਾ ਵਰਤੋਂ ਦੀਆਂ ਵਸਤੂਆਂ ਦੀਆਂ ਕੀਮਤਾਂ ਵਿੱਚ ਵੀ ਵਾਧਾ ਹੋਣਾ ਲਾਜ਼ਮੀ ਹੈ, ਜਿਸ ਨਾਲ ਆਮ ਲੋਕਾਂ ਦੀ ਜ਼ਿੰਦਗੀ ਹੋਰ ਮੁਸ਼ਕਲ ਬਣੇਗੀ। ਪਾਰਟੀ ਆਗੂਆਂ ਨੇ ਕੇਂਦਰ ਸਰਕਾਰ ਤੋਂ ਤੁਰੰਤ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਘਟਾਉਣ ਅਤੇ ਲੋਕਾਂ ਨੂੰ ਮਹਿੰਗਾਈ ਤੋਂ ਰਾਹਤ ਦੇਣ ਦੀ ਮੰਗ ਕੀਤੀ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਕੀਮਤਾਂ ਵਿੱਚ ਵਾਧੇ ਦਾ ਫੈਸਲਾ ਵਾਪਸ ਨਾ ਲਿਆ ਗਿਆ ਤਾਂ ਆਮ ਆਦਮੀ ਪਾਰਟੀ ਵੱਲੋਂ ਲੋਕਾਂ ਦੇ ਹੱਕਾਂ ਲਈ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।