ਐੱਸਆਈਆਰ ਤਹਿਤ ਬੀਐੱਲਓਜ਼ ਵੱਲੋਂ ਘਰ-ਘਰ ਜਾ ਕੇ ਕੀਤੀ ਜਾ ਰਹੀ ਗਣਨਾ ਐੱਸਆਈਆਰ ਤਹਿਤ ਬੀਐੱਲਓਜ਼ ਵੱਲੋਂ ਘਰ-ਘਰ ਜਾ ਕੇ ਕੀਤੀ ਜਾ ਰਹੀ ਗਣਨਾ
Publish Date: Sun, 05 Jul 2026 06:46 PM (IST)
Updated Date: Sun, 05 Jul 2026 06:47 PM (IST)
ਅੰਮ੍ਰਿਤਪਾਲ ਸਿੰਘ, ਪੰਜਾਬੀ ਜਾਗਰਣ ਅੰਮ੍ਰਿਤਸਰ : ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਸਬੰਧੀ ਵਿਸ਼ੇਸ਼ ਮੁਹਿੰਮ ਜਾਰੀ ਹੈ। ਜ਼ਿਲ੍ਹਾ ਅੰਮ੍ਰਿਤਸਰ ਵਿਚ 2134 ਬੀਐੱਲਓਜ਼ ਵੱਲੋਂ ਘਰ-ਘਰ ਜਾ ਕੇ ਵੋਟਰਾਂ ਨੂੰ ਗਣਨਾ ਫਾਰਮ ਵੰਡ ਕੇ ਭਰਵਾਏ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਧਿਕਾਰੀ ਦਲਵਿੰਦਰਜੀਤ ਸਿੰਘ ਨੇ ਦੱਸਿਆ ਕਿ ਐੱਸਆਈਆਰ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਅੰਮ੍ਰਿਤਸਰ ਦੇ 11 ਵਿਧਾਨ ਸਭਾ ਹਲਕਿਆਂ ਲਈ 11 ਈਆਰਓਜ਼, 22 ਏਈਆਰਓਜ਼, 110 ਐਡੀਸ਼ਨਲ ਏਈਆਰਓਜ਼, 213 ਸੈਕਟਰ ਅਫ਼ਸਰ ਅਤੇ 2134 ਬੂਥ ਲੈਵਲ ਅਫ਼ਸਰ ਲਗਾਏ ਗਏ ਹਨ। ਉਨ੍ਹਾਂ ਦੱਸਿਆ ਕਿ ਪੋਲਿੰਗ ਸਟੇਸ਼ਨ ਦੀ ਰੈਸ਼ਨਲਾਈਜੇਸਨ ਦਾ ਕੰਮ 24 ਜੁਲਾਈ 2026 ਤੱਕ ਕੀਤਾ ਜਾਵੇਗਾ ਜਦ ਕਿ ਵੋਟਰ ਸੂਚੀਆਂ ਦਾ ਖਰੜਾ 3 ਅਗਸਤ 2026 ਨੂੰ ਪ੍ਰਕਾਸ਼ਿਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਵੋਟਰ ਸੂਚੀਆਂ ਸਬੰਧੀ ਇਤਰਾਜ਼ ਅਤੇ ਦਾਅਵੇ 3 ਅਗਸਤ ਤੋਂ 2 ਸਤੰਬਰ 2026 ਤੱਕ ਪੇਸ਼ ਕੀਤੇ ਜਾ ਸਕਦੇ ਹਨ। ਇਤਰਾਜ਼ ਅਤੇ ਦਾਅਵਿਆਂ ਦਾ ਨਿਪਟਾਰਾ 3 ਅਗਸਤ ਤੋਂ 28 ਸਤੰਬਰ 2026 ਤੱਕ ਕੀਤਾ ਜਾਵੇਗਾ। ਜ਼ਿਲ੍ਹਾ ਚੋਣ ਅਫਸਰ ਨੇ ਦੱਸਿਆ ਕਿ ਅੰਤਿਮ ਵੋਟਰ ਸੂਚੀ ਦੀ ਪ੍ਰਕਾਸ਼ਨਾ 1 ਅਕਤੂਬਰ 2026 ਨੂੰ ਕੀਤੀ ਜਾਵੇਗੀ। ਦਲਵਿੰਦਰਜੀਤ ਸਿੰਘ ਨੇ ਕਿਹਾ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਿਕ ਜ਼ਿਲ੍ਹਾ ਪ੍ਰਸ਼ਾਸਨ ਇਹ ਯਕੀਨੀ ਬਣਾਏਗਾ ਕਿ ਹਰ ਨਾਗਰਿਕ ਦੀ ਵੋਟ ਲਾਜ਼ਮੀ ਬਣੇ, ਕਿਸੇ ਵੀ ਯੋਗ ਨਾਗਰਿਕ ਦੀ ਵੋਟ ਕੱਟੀ ਨਾ ਜਾਵੇ ਅਤੇ ਕੋਈ ਵੀ ਅਯੋਗ ਵੋਟ, ਵੋਟਰ ਸੂਚੀ ਵਿੱਚ ਦਰਜ ਨਾ ਹੋ ਸਕੇ। ਉਨ੍ਹਾਂ ਲੋਕਾਂ ਨੂੰ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਸਬੰਧੀ ਕਿਸੇ ਵੀ ਤਰ੍ਹਾਂ ਦੀਆਂ ਗੁੰਮਰਾਹਕੁੰਨ ਅਫਵਾਹਾਂ ਤੋਂ ਸੁਚੇਤ ਰਹਿਣ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਬਾਰੇ ਕਿਸੇ ਵੀ ਕਿਸਮ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਨਾਗਰਿਕ, ਚੋਣ ਕਮਿਸ਼ਨ ਦੇ ਟੋਲ ਫਰੀ ਨੰਬਰ 1950 ’ਤੇ ਸੰਪਰਕ ਕਰ ਸਕਦੇ ਹਨ। ਜ਼ਿਲ੍ਹਾ ਚੋਣ ਅਧਿਕਾਰੀ ਦੀਆਂ ਹਦਾਇਤਾਂ ਤਹਿਤ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਉੱਤਰੀ ਦੀ ਈਆਰਓ ਇਨਾਇਤ ਵੱਲੋਂ ਅੱਜ ਹਲਕੇ ਦੇ ਫੈਜ਼ਪੁਰਾ ਇਲਾਕੇ ਵਿਚ ਜਾ ਕੇ ਬੀਐੱਲਓਜ਼ ਵੱਲੋਂ ਘਰ-ਘਰ ਜਾ ਕੇ ਕੀਤੀ ਜਾ ਰਹੀ ਗਣਨਾ ਨੂੰ ਦੇਖਿਆ। ਉਨ੍ਹਾਂ ਹਲਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ 15 ਜੁਲਾਈ ਤੋਂ ਪਹਿਲਾਂ-ਪਹਿਲਾਂ ਬੀਐੱਲਓਜ਼ ਵੱਲੋਂ ਦਿੱਤੇ ਗਏ ਗਣਨਾ ਫਾਰਮਾਂ ਨੂੰ ਭਰ ਕੇ ਜਮ੍ਹਾਂ ਕਰਵਾ ਦੇਣ ਤਾਂ ਜੋ ਉਨ੍ਹਾਂ ਦੀ ਵੋਟ ਵੋਟਰ ਲਿਸਟ ਵਿਚ ਦਰਜ ਕੀਤੀ ਜਾ ਸਕੇ।