ਸ੍ਰੀ ਅਕਾਲ ਤਖ਼ਤ ਸਾਹਿਬ ਸੱਚ, ਧਰਮ ਤੇ ਇਨਸਾਫ਼ ਦਾ ਸਰਬਉੱਚ ਕੇਂਦਰ : ਜਥੇਦਾਰ ਗੜਗੱਜ ਸ੍ਰੀ ਅਕਾਲ ਤਖਤ ਸਾਹਿਬ ਦੇ ਸਥਾਪਨਾ ਦਿਵਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮ
Publish Date: Sun, 05 Jul 2026 08:43 PM (IST)
Updated Date: Sun, 05 Jul 2026 08:44 PM (IST)
- ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਵਸ ਮੌਕੇ ਸਮਾਗਮ, ਪੰਥਕ ਏਕਤਾ ਤੇ ਨਸ਼ਾ-ਮੁਕਤੀ ਦਾ ਦਿੱਤਾ ਸੱਦਾ - ਗੁਰਬਾਣੀ ਕੀਰਤਨ ਤੇ ਅਰਦਾਸ ਨਾਲ ਮਨਾਇਆ ਸਥਾਪਨਾ ਦਿਵਸ ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਥਾਪਨਾ ਦਿਵਸ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕਰਵਾਏ ਸਮਾਗਮ ਵਿੱਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਹਾਜ਼ਰੀ ਭਰੀ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਅਰਦਾਸ ਭਾਈ ਪ੍ਰੇਮ ਸਿੰਘ ਨੇ ਕੀਤੀ, ਜਦਕਿ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਰਾਜਦੀਪ ਸਿੰਘ ਨੇ ਸਰਵਣ ਕਰਵਾਇਆ ਅਤੇ ਸੰਗਤਾਂ ਨਾਲ ਇਤਿਹਾਸ ਦੀ ਸਾਂਝ ਵੀ ਪਾਈ। ਸਰਬਉੱਚਤਾ ਅਤੇ ਗੁਰਮਤਿ ਨਾਲ ਜੁੜਨ ਦੀ ਅਪੀਲ ਸਮਾਗਮ ਨੂੰ ਸੰਬੋਧਨ ਕਰਦਿਆਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਥਾਪਨਾ ਕਰਕੇ ਇਹ ਸੰਦੇਸ਼ ਦਿੱਤਾ ਕਿ ਜਦੋਂ ਸੰਸਾਰਕ ਤਖ਼ਤ ਇਨਸਾਫ਼ ਦੇਣ ਤੋਂ ਇਨਕਾਰੀ ਹੋ ਜਾਣ ਤਾਂ ਗੁਰੂ ਦਾ ਤਖ਼ਤ ਸੱਚ, ਧਰਮ ਅਤੇ ਇਨਸਾਫ਼ ਦਾ ਕੇਂਦਰ ਬਣ ਕੇ ਮਨੁੱਖਤਾ ਦੀ ਅਗਵਾਈ ਕਰਦਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਬਉੱਚਤਾ ਨੂੰ ਚੁਣੌਤੀ ਦੇਣ ਵਾਲੇ ਹਾਕਮ ਸਮੇਂ ਦੀ ਧੂੜ ਬਣ ਗਏ, ਪਰ ਗੁਰੂ ਦਾ ਇਹ ਤਖ਼ਤ ਅੱਜ ਵੀ ਅਡੋਲ ਹੈ। ਉਨ੍ਹਾਂ ਹਰ ਸਿੱਖ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਾਣ-ਮਰਿਆਦਾ ਅਤੇ ਹੁਕਮਾਂ ਪ੍ਰਤੀ ਸਮਰਪਿਤ ਰਹਿਣ ਦਾ ਸੱਦਾ ਦਿੱਤਾ। ਨਾਲ ਹੀ ਉਨ੍ਹਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਗੁਰੂ, ਨਾਮ, ਸੇਵਾ ਅਤੇ ਪੰਥਕ ਸੋਚ ਨਾਲ ਜੋੜਨ ਦੀ ਲੋੜ ਉੱਤੇ ਜ਼ੋਰ ਦਿੱਤਾ। ਉਨ੍ਹਾਂ ਸੰਗਤਾਂ ਨੂੰ ਪੰਥਕ ਏਕਤਾ, ਗੁਰਮਤਿ ਅਤੇ ਅਨੁਸ਼ਾਸਨ ਨਾਲ ਜੁੜ ਕੇ ਖ਼ਾਲਸਾ ਪੰਥ ਦੀ ਚੜ੍ਹਦੀ ਕਲਾ ਲਈ ਯਤਨਸ਼ੀਲ ਰਹਿਣ ਦੀ ਅਪੀਲ ਕੀਤੀ। ਸਮਾਗਮ ਵਿੱਚ ਇਹ ਵੀ ਰਹੇ ਹਾਜ਼ਰ ਸਮਾਗਮ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਗੁਰਮੁੱਖ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਗੁਰਮੀਤ ਸਿੰਘ ਬੂਹ, ਭਾਈ ਅਜੈਬ ਸਿੰਘ ਅਭਿਆਸੀ, ਬਾਬਾ ਗੁਰਮੀਤ ਸਿੰਘ ਤ੍ਰਿਲੋਕੇਵਾਲਾ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਸਮੇਤ ਸ਼੍ਰੋਮਣੀ ਕਮੇਟੀ ਦੇ ਕਈ ਅਹੁਦੇਦਾਰ, ਮੈਂਬਰ ਅਤੇ ਵੱਡੀ ਗਿਣਤੀ ਵਿੱਚ ਸੰਗਤਾਂ ਮੌਜੂਦ ਸਨ।