ਹਰਿਆਣਾ ਪੁਲਿਸ ਵੱਲੋਂ ਸਿੱਖ ਸੰਗਤ ’ਤੇ ਲਾਠੀਚਾਰਜ ਕਰਨਾ ਠੀਕ ਨਹੀਂ : ਜਥੇਦਾਰ ਗੜਗੱਜ
ਜਥੇਦਾਰ ਗੜਗੱਜ ਵਲੋਂ ਅੰਬਾਲਾ ’ਚ ਸਿੱਖਾਂ ’ਤੇ ਹਰਿਆਣਾ ਪੁਲਿਸ ਦੇ ਲਾਠੀਚਾਰਜ ਤੇ ਅੱਥਰੂ ਗੈਸ ਦੀ ਵਰਤੋਂ ਦੀ ਸਖਤ ਨਿੰਦਾ
Publish Date: Fri, 14 Aug 2026 06:50 PM (IST)
Updated Date: Sat, 15 Aug 2026 04:03 AM (IST)
ਫੋਟੋ: 20 ਕੈਪਸ਼ਨ : ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ। ਅੰਮ੍ਰਿਤਪਾਲ ਸਿੰਘ, ਪੰਜਾਬੀ ਜਾਗਰਣ ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਹਰਿਆਣਾ ਪੁਲਿਸ ਵੱਲੋਂ ਬੀਤੀ ਰਾਤ ਅੰਬਾਲਾ ਵਿਖੇ ਸ਼ਾਂਤਮਈ ਧਰਨਾ ਦੇ ਰਹੀ ਸਿੱਖ ਸੰਗਤ ’ਤੇ ਲਾਠੀਚਾਰਜ ਕਰਨ ਤੇ ਅੱਥਰੂ ਗੈਸ ਦੇ ਗੋਲੇ ਦਾਗਣ ਦੀ ਸਖ਼ਤ ਸ਼ਬਦਾਂ ’ਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਇਕ ਪਾਸੇ ਹਰਿਆਣਾ ਸਰਕਾਰ ਸਿੱਖ ਸੰਗਤ ਨਾਲ ਗੱਲਬਾਤ ਕਰ ਰਹੀ ਸੀ ਤੇ ਦੂਜੇ ਪਾਸੇ ਅਚਾਨਕ ਉਨ੍ਹਾਂ ’ਤੇ ਹਮਲਾ ਕਰਨਾ ਬੇਹੱਦ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਇਸ ਘਟਨਾ ’ਚ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਦੀਸ਼ ਸਿੰਘ ਝੀਂਡਾ ਤੋਂ ਇਲਾਵਾ ਕਈ ਮੈਂਬਰ ਤੇ ਮੁਲਾਜ਼ਮ, ਸਿੱਖ ਸੰਗਤਾਂ ਤੇ ਪੁਲਿਸ ਜਵਾਨ ਵੀ ਫੱਟੜ ਹੋਏ ਹਨ। ਜਥੇਦਾਰ ਗੜਗੱਜ ਨੇ ਝੀਂਡਾ ਨਾਲ ਫ਼ੋਨ ’ਤੇ ਗੱਲਬਾਤ ਕਰ ਕੇ ਉਨ੍ਹਾਂ ਦੀ ਤੇ ਫੱਟੜ ਸਿੱਖਾਂ ਦੀ ਸਿਹਤ ਦਾ ਹਾਲ ਜਾਣਿਆ ਤੇ ਮੌਜੂਦਾ ਸਥਿਤੀ ਬਾਰੇ ਜਾਣਕਾਰੀ ਹਾਸਲ ਕੀਤੀ। ਝੀਂਡਾ ਨੇ ਦੱਸਿਆ ਕਿ ਜਦੋਂ ਸਰਕਾਰ ਨਾਲ ਗੱਲਬਾਤ ਚੱਲ ਰਹੀ ਸੀ ਤਾਂ ਇਸ ਤਰ੍ਹਾਂ ਪੁਲਿਸ ਵੱਲੋਂ ਸਿੱਖ ਸੰਗਤ ਉੱਤੇ ਹਮਲਾ ਕਰਨਾ ਠੀਕ ਨਹੀਂ ਸੀ। ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਜੇਕਰ ਸਰਕਾਰ ਚਾਹੁੰਦੀ ਤਾਂ ਇਹ ਮਾਮਲਾ ਬਹੁਤ ਤੇ ਸਹਿਜ ਤੇ ਸੂਝਬੂਝ ਨਾਲ ਗੱਲਬਾਤ ਰਾਹੀਂ ਹੀ ਹੱਲ ਹੋ ਜਾਣਾ ਸੀ।