ਸਿੱਖ ਸੰਗਤ ਨਾਲ ਧੱਕੇਸ਼ਾਹੀ ਕਿਸੇ ਮਸਲੇ ਦਾ ਹੱਲ ਨਹੀਂ ਹੋ ਸਕਦੀ : ਜਥੇਦਾਰ ਧਾਮੀ
ਹਰਿਆਣਾ ਪੁਲਿਸ ਵੱਲੋਂ ਸਿੱਖਾਂ ’ਤੇ ਕੀਤੇ ਲਾਠੀਚਾਰਜ ਦੀ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਕੀਤੀ ਨਿੰਦਾ
Publish Date: Fri, 14 Aug 2026 06:55 PM (IST)
Updated Date: Sat, 15 Aug 2026 04:03 AM (IST)
ਫੋਟੋ: 33 ਕੈਪਸ਼ਨ : ਐਡਵੋਕੇਟ ਹਰਜਿੰਦਰ ਸਿੰਘ ਧਾਮੀ। ਅੰਮ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਅੰਮ੍ਰਿਤਸਰ : ਹਰਿਆਣਾ ਦੇ ਅੰਬਾਲਾ ਵਿਖੇ ਸਿੱਖ ਸੰਗਤ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਕੀਤੇ ਜਾ ਰਹੇ ਰੋਸ ਪ੍ਰਦਰਸ਼ਨ ਦੌਰਾਨ ਬੀਤੀ ਰਾਤ ਹਰਿਆਣਾ ਪੁਲਿਸ ਵੱਲੋਂ ਲਾਠੀਚਾਰਜ ਤੇ ਹੰਝੂ ਗੈਸ ਦੀ ਵਰਤੋਂ ਕੀਤੇ ਜਾਣ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਸ਼ਬਦਾਂ ’ਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਆਪਣੇ ਹੱਕਾਂ ਅਤੇ ਮੰਗਾਂ ਲਈ ਲੋਕਤੰਤਰੀ ਢੰਗ ਨਾਲ ਆਵਾਜ਼ ਉਠਾ ਰਹੀ ਸਿੱਖ ਸੰਗਤ ’ਤੇ ਪੁਲਿਸ ਵੱਲੋਂ ਤਾਕਤ ਦੀ ਵਰਤੋਂ ਕਰਨਾ ਬੇਹੱਦ ਮੰਦਭਾਗਾ ਅਤੇ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਬੀਤੇ ਦਿਨੀਂ ਗੁਰਦੁਆਰਾ ਸ੍ਰੀ ਪੰਜੋਖਰਾ ਸਾਹਿਬ ਵਿਖੇ ਸੰਗਤ ’ਤੇ ਗੱਡੀ ਚੜ੍ਹਾਉਣ ਵਾਲੇ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਜਾਵੇ ਤੇ ਗ੍ਰਿਫ਼ਤਾਰ ਕੀਤੇ ਗਏ ਸਿੱਖ ਨੌਜਵਾਨਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ। ਐਡਵੋਕੇਟ ਧਾਮੀ ਨੇ ਸਪੱਸ਼ਟ ਕੀਤਾ ਕਿ ਸੰਗਤ ਨਾਲ ਧੱਕੇਸ਼ਾਹੀ ਦੀ ਵਰਤੋਂ ਕਿਸੇ ਵੀ ਹਾਲਤ ’ਚ ਮਸਲੇ ਦਾ ਹੱਲ ਨਹੀਂ ਹੋ ਸਕਦੀ। ਸਰਕਾਰ ਨੂੰ ਲੋਕਾਂ ਦੇ ਵਿਸ਼ਵਾਸ ਨੂੰ ਕਾਇਮ ਰੱਖਣ ਲਈ ਨਿਰਪੱਖਤਾ, ਪਾਰਦਰਸ਼ਤਾ ਅਤੇ ਸੰਵਾਦ ਦੀ ਨੀਤੀ ਅਪਣਾਉਣੀ ਚਾਹੀਦੀ ਹੈ।