ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਇਕੱਤਰਤਾ ਅੱਜ ਅੱਜ ਹੋਵੇਗੀ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਇਕੱਤਰਤਾ
Publish Date: Fri, 21 Aug 2026 06:57 PM (IST)
Updated Date: Sat, 22 Aug 2026 04:03 AM (IST)
ਫੋਟੋ: 50 ਕੈਪਸ਼ਨ : ਐਡਵੋਕੇਟ ਹਰਜਿੰਦਰ ਸਿੰਘ ਧਾਮੀ। ਅੰਮ੍ਰਿਤਪਾਲ ਸਿੰਘ, ਪੰਜਾਬੀ ਜਾਗਰਣ ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਅੱਜ 22 ਅਗਸਤ ਨੂੰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਹੋਵੇਗੀ। ਸ਼੍ਰੋਮਣੀ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਸਬੰਧੀ ਏਜੰਡਾ ਪੱਤਰ ਅੰਤ੍ਰਿੰਗ ਕਮੇਟੀ ਅਹੁਦੇਦਾਰ ਨੂੰ ਭੇਜ ਦਿੱਤਾ ਹੈ। ਐਡਵੋਕੇਟ ਧਾਮੀ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ 21 ਅਗਸਤ ਨੂੰ ਰੱਖੀ ਗਈ ਸੀ, ਜੋ ਪੰਜਾਬ ਬੰਦ ਦੇ ਮੱਦੇਨਜ਼ਰ ਇਕ ਦਿਨ ਅੱਗੇ ਕਰਦਿਆਂ 22 ਅਗਸਤ ਨੂੰ ਸਵੇਰੇ 11 ਵਜੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਸ੍ਰੀ ਅੰਮ੍ਰਿਤਸਰ ਵਿਖੇ ਹੋਵੇਗੀ। ਦੱਸਣਯੋਗ ਹੈ ਕਿ ਇਹ ਮੀਟਿੰਗ ਹੰਗਾਮੀ ਹੋ ਸਕਦੀ ਹੈ ਕਿਉਂਕਿ ਇਸ ਸਮੇਂ ਦੌਰਾਨ ਭਾਈ ਜਗਤਾਰ ਸਿੰਘ ਹਵਾਰਾ ਦੀ ਪਰੋਲ ਤੇ ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ ਵੀ ਅਹਿਮ ਹੈ। ਨਾਂਦੇੜ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਉਪਰ ਹੋਏ ਜਾਨਲੇਵਾ ਹਮਲੇ ਸਣੇ ਕਈ ਅਹਿਮ ਮੁੱਦੇ ਵਿਚਾਰੇ ਜਾ ਸਕਦੇ ਹਨ। ਇਸ ਤੋਂ ਇਲਾਵਾ ਇਕੱਤਰਤਾ ’ਚ ਗੁਰਦੁਆਰਾ ਸੈਕਸ਼ਨ 85, ਗੁਰਦੁਆਰਾ ਸੈਕਸ਼ਨ 87, ਧਰਮ ਪ੍ਰਚਾਰ ਕਮੇਟੀ ਤੇ ਵਿੱਦਿਅਕ ਅਦਾਰਿਆਂ ਦੇ ਕੰਮ ਕਾਜ, ਰੂਟੀਨ ਦੇ ਕੰਮਾਂ ਨੂੰ ਪ੍ਰਵਾਨਗੀ ਦਿੱਤੀ ਜਾਵੇਗੀ। ਦੱਸਣਯੋਗ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿਗ ਕਮੇਟੀ ਵੱਲੋਂ ਤਕਰੀਬਨ ਹਰ ਮਹੀਨੇ ਇਕੱਤਰਤਾ ਕਰ ਕੇ ਪੰਥਕ ਮਸਲਿਆਂ ਸਬੰਧੀ ਵਿਚਾਰ-ਚਰਚਾ ਕੀਤੀ ਜਾਂਦੀ ਹੈ ਤੇ ਹੋਣ ਵਾਲੇ ਕੰਮਾਂ ਨੂੰ ਪ੍ਰਵਾਨਗੀ ਦਿੱਤੀ ਜਾਂਦੀ ਹੈ।