ਰੱਖੜ ਪੁੰਨਿਆਂ ਮੌਕੇ ਸੀਐੱਮ ਮਾਨ ਦਾ ਵਿਰੋਧੀ ਧਿਰਾਂ 'ਤੇ ਹਮਲਾ ਰੱਖੜ ਪੁੰਨਿਆਂ ਮੌਕੇ ਰਾਜ ਪੱਧਰੀ ਸਮਾਰੋਹ ‘ਚ ਸੀਐਮ ਮਾਨ ਦਾ ਵਿਰੋਧੀ ਧਿਰ 'ਤੇ ਹਮਲਾ
Publish Date: Fri, 28 Aug 2026 09:11 PM (IST)
Updated Date: Sat, 29 Aug 2026 04:04 AM (IST)
* ਬੋਲੇ, ਪੰਜਾਬ ਦੀ ਗੱਡੀ ਪਟੜੀ ਤੇ ਆ ਚੁੱਕੀ * ਰਾਜਨੀਤੀ ਨੂੰ ਨਿੱਜੀ ਹਿੱਤਾਂ ਲਈ ਵਰਤਣ ਵਾਲਿਆਂ ਤੋਂ ਲੋਕ ਸਾਵਧਾਨ ਰਹਿਣ ਫੋਟੋ: 35 ਕੈਪਸ਼ਨ - ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਸਨਮਾਨਿਤ ਕਰਦੇ ਹੋਏ ਵਿਧਾਇਕ ਦਲਬੀਰ ਸਿੰਘ ਟੌਂਗ ਨਾਲ ਹਨ ਕੈਬਿਨੇਟ ਮੰਤਰੀ ਹਰਭਜਨ ਸਿੰਘ ਈਟੀਓ, ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਤੇ ਹੋਰ। ਗੌਰਵ ਜੋਸ਼ੀ, ਪੰਜਾਬੀ ਜਾਗਰਣ ਰਈਆ : ਰਈਆ ਦੀ ਦਾਣਾ ਮੰਡੀ ’ਚ ਰੱਖੜ ਪੁੰਨਿਆਂ ਮੇਲੇ ਮੌਕੇ ਕਰਵਾਏ ਸੂਬਾ ਪੱਧਰੀ ਸਮਾਰੋਹ ’ਚ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੀ ਜਨਤਾ ਨੂੰ ਰੱਖੜੀ ਤਿਉਹਾਰ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਬਾਬਾ ਬਕਾਲਾ ਸਾਹਿਬ ਦੀ ਧਰਤੀ ਨੂੰ ਗੁਰੂ ਤੇਗ ਬਹਾਦਰ ਜੀ ਦੇ ਦਰਸ਼ਨ ਤੇ ਸਾਚਾ ਗੁਰੂ ਲਾਧੋ ਰੇ ਦੇ ਇਤਿਹਾਸਕ ਸੰਦੇਸ਼ ਨਾਲ ਜੋੜਿਆ ਜਾਂਦਾ ਹੈ। ਉਨ੍ਹਾਂ ਭੈਣ-ਭਰਾ ਦੇ ਪਵਿੱਤਰ ਰਿਸ਼ਤੇ, ਆਪਸੀ ਭਾਈਚਾਰੇ ਤੇ ਸੂਬੇ ’ਚ ਸੁਖ-ਸ਼ਾਂਤੀ ਦੀ ਕਾਮਨਾ ਕੀਤੀ। ਸਾਚਾ ਗੁਰੂ ਲਾਧੋ ਰੇ ਦਾ ਪ੍ਰਸੰਗ ਸੁਣਾ ਕੇ ਸਾਧਿਆ ਨਿਸ਼ਾਨਾ ਭਗਵੰਤ ਮਾਨ ਨੇ ਬਾਬਾ ਬਕਾਲਾ ਸਾਹਿਬ ਦੇ ਇਤਿਹਾਸਕ ਪ੍ਰਸੰਗ ਦਾ ਜ਼ਿਕਰ ਕਰਦਿਆਂ ਕਿਹਾ ਕਿ ਜਦੋਂ ਕਈ ਲੋਕ ਗੁਰੂ ਹੋਣ ਦਾ ਦਾਅਵਾ ਕਰ ਰਹੇ ਸਨ, ਉਦੋਂ ਸੰਗਤ ਲਈ ਅਸਲੀ ਗੁਰੂ ਦੀ ਪਛਾਣ ਕਰਨਾ ਮੁਸ਼ਕਲ ਹੋ ਗਿਆ ਸੀ। ਉਸ ਸਮੇਂ ਭਾਈ ਮੱਖਣ ਸ਼ਾਹ ਲੁਬਾਣਾ ਨੇ ਗੁਰੂ ਲਾਧੋ ਰੇ ਦਾ ਸੰਦੇਸ਼ ਦਿੱਤਾ ਤੇ ਅਸਲੀ ਗੁਰੂ ਦੀ ਪਛਾਣ ਹੋਈ। ਮੁੱਖ ਮੰਤਰੀ ਨੇ ਕਿਹਾ ਕਿ ਅੱਜ ਵੀ ਕੁਝ ਲੋਕ ਧਰਮ ਦੀ ਵਰਤੋਂ ਨਿੱਜੀ ਸਵਾਰਥਾਂ ਲਈ ਕਰ ਰਹੇ ਹਨ। ਉਨ੍ਹਾਂ ਵਿਰੋਧੀ ਧਿਰ ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਧਰਮ ਤੇ ਰਾਜਨੀਤੀ ਨੂੰ ਆਪਣੇ ਨਿੱਜੀ ਹਿੱਤਾਂ ਲਈ ਵਰਤਣ ਵਾਲਿਆਂ ਤੋਂ ਲੋਕਾਂ ਨੂੰ ਸਾਵਧਾਨ ਰਹਿਣਾ ਚਾਹੀਦਾ ਹੈ। ਸੁਖਬੀਰ ਬਾਦਲ ਤੇ ਤਿੱਖਾ ਹਮਲਾ ਮੁੱਖ ਮੰਤਰੀ ਨੇ ਸ਼੍ਰੋਮਣੀ ਅਕਾਲੀ ਦਲ ਤੇ ਸੁਖਬੀਰ ਬਾਦਲ ਤੇ ਵੀ ਜੰਮ ਕੇ ਆੜੇ ਹੱਥੀਂ ਲਿਆ। ਉਨ੍ਹਾਂ ਕਿਹਾ ਕਿ ਅਕਾਲੀ ਦਲ ਹੁਣ ਪਰਿਵਾਰ ਤੱਕ ਸੀਮਤ ਹੋ ਕੇ ਰਹਿ ਗਿਆ ਹੈ। ਉਨ੍ਹਾਂ ਸੁਖਬੀਰ ਬਾਦਲ ਦੀ ਇੱਕ ਮੌਕਾ ਹੋਰ ਦੇਣ ਦੀ ਅਪੀਲ ਤੇ ਤੰਜ ਕੱਸਦਿਆਂ ਕਿਹਾ ਕਿ ਬਾਦਲ ਪਰਿਵਾਰ ਨੂੰ ਪੰਜਾਬ ’ਚ ਸ਼ਾਸਨ ਕਰਨ ਦੇ ਕਈ ਮੌਕੇ ਮਿਲ ਚੁੱਕੇ ਹਨ। ਉਨ੍ਹਾਂ ਕਾਂਗਰਸ ਤੇ ਵੀ ਨਿਸ਼ਾਨਾ ਸਾਧਦਿਆਂ ਕਿਹਾ ਕਿ ਪਾਰਟੀ ਦੇ ਆਗੂ ਆਪਸੀ ਖਿੱਚੋਤਾਣ ’ਚ ਉਲਝੇ ਹੋਏ ਹਨ। ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ ਕਾਂਗਰਸ ਤੇ ਅਕਾਲੀ ਦਲ ਦੀ ਰਾਜਨੀਤੀ ’ਚ ਪਰਿਵਾਰਵਾਦ ਭਾਰੂ ਰਿਹਾ ਹੈ ਅਤੇ ਇਨ੍ਹਾਂ ਪਾਰਟੀਆਂ ਦੇ ਆਗੂਆਂ ਕੋਲ ਪੰਜਾਬ ਦੇ ਵਿਕਾਸ ਦਾ ਕੋਈ ਸਪਸ਼ਟ ਏਜੰਡਾ ਨਹੀਂ ਹੈ। ਸੁਖਬੀਰ ਤੇ ਹਮਲੇ ਦੀ ਨਿੰਦਾ, ਹਰਸਿਮਰਤ ਦੇ ਬਿਆਨ ਤੇ ਤੰਜ ਮਾਨ ਨੇ ਤਖ਼ਤ ਸ੍ਰੀ ਹਜੂਰ ਸਾਹਿਬ ਨਾਲ ਜੁੜੇ ਇਕ ਹਮਲੇ ’ਚ ਸੁਖਬੀਰ ਬਾਦਲ ਦੇ ਜ਼ਖਮੀ ਹੋਣ ਦੀ ਘਟਨਾ ਦਾ ਜ਼ਿਕਰ ਕਰਦਿਆਂ ਕਿਹਾ ਕਿ ਸਿਆਸੀ ਮਤਭੇਦ ਆਪਣੀ ਥਾਂ ਹਨ, ਪਰ ਕਿਸੇ ਤੇ ਹਮਲਾ ਨਹੀਂ ਹੋਣਾ ਚਾਹੀਦਾ। ਹਾਲਾਂਕਿ ਉਨ੍ਹਾਂ ਹਰਸਿਮਰਤ ਕੌਰ ਬਾਦਲ ਵੱਲੋਂ ਘਟਨਾ ਦੌਰਾਨ ਹਸਪਤਾਲ ਨੇੜੇ ਬਾਜ਼ ਦਿਖਾਈ ਦੇਣ ਨਾਲ ਜੁੜੇ ਬਿਆਨ ਤੇ ਤੰਜ ਕੱਸਿਆ। ਉਨ੍ਹਾਂ ਕਿਹਾ ਕਿ ਧਾਰਮਿਕ ਪ੍ਰਤੀਕਾਂ ਤੇ ਘਟਨਾਵਾਂ ਨੂੰ ਸਿਆਸੀ ਫਾਇਦੇ ਲਈ ਵਰਤਿਆ ਨਹੀਂ ਜਾਣਾ ਚਾਹੀਦਾ। ਭਾਜਪਾ ਤੇ ਵੀ ਸਾਧਿਆ ਨਿਸ਼ਾਨਾ ਮੁੱਖ ਮੰਤਰੀ ਨੇ ਭਾਜਪਾ ਤੇ ਪੰਜਾਬ ’ਚ ਭਾਈਚਾਰਾ ਤੋੜਨ ਤੇ ਧਰੁਵੀਕਰਨ ਦੀ ਰਾਜਨੀਤੀ ਕਰਨ ਦਾ ਦੋਸ਼ ਲਾਇਆ। ਉਨ੍ਹਾਂ ਕਿਸਾਨ ਅੰਦੋਲਨ ਦਾ ਜ਼ਿਕਰ ਕਰਦਿਆਂ ਕਿਹਾ ਕਿ ਕਿਸਾਨਾਂ ਦੇ ਸੰਘਰਸ਼ ਨੂੰ ਪੰਜਾਬ ਅਜੇ ਨਹੀਂ ਭੁੱਲਿਆ। ਉਨ੍ਹਾਂ ਕਿਹਾ ਕਿ ਪੰਜਾਬ ਨੇ ਲੰਬੇ ਸਮੇਂ ਤੱਕ ਕਾਲੇ ਦੌਰ ਦਾ ਸਾਹਮਣਾ ਕੀਤਾ ਹੈ ਅਤੇ ਹੁਣ ਸੂਬੇ ਨੂੰ ਵਿਕਾਸ, ਰੁਜ਼ਗਾਰ ਅਤੇ ਸ਼ਾਂਤੀ ਦੀ ਦਿਸ਼ਾ ਵਿੱਚ ਅੱਗੇ ਵਧਣ ਦੀ ਲੋੜ ਹੈ। 70,840 ਸਰਕਾਰੀ ਨੌਕਰੀਆਂ ਦੇਣ ਦਾ ਦਾਅਵਾ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਹੁਣ ਤੱਕ 70,840 ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਨੌਕਰੀਆਂ ਨਾਲ ਹਜ਼ਾਰਾਂ ਪਰਿਵਾਰਾਂ ਦਾ ਭਵਿੱਖ ਸੁਰੱਖਿਅਤ ਹੋਇਆ ਹੈ। ਗਰੀਬ ਪਰਿਵਾਰਾਂ ਦੇ ਬੱਚਿਆਂ ਨੂੰ ਰੁਜ਼ਗਾਰ ਮਿਲਣ ਨਾਲ ਉਨ੍ਹਾਂ ਦੀ ਜ਼ਿੰਦਗੀ ਬਦਲ ਰਹੀ ਹੈ। ਮਾਨ ਨੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਪੱਧਰ ਵਿੱਚ ਸੁਧਾਰ ਦਾ ਦਾਅਵਾ ਕਰਦੇ ਹੋਏ ਕਿਹਾ ਕਿ 2021 ਵਿੱਚ ਪੰਜਾਬ ਦੇ ਸਰਕਾਰੀ ਸਕੂਲਾਂ ਤੋਂ ਸਿਰਫ਼ ਕਰੀਬ 80 ਵਿਦਿਆਰਥੀ ਨੀਟ ਪ੍ਰੀਖਿਆ ਵਿੱਚ ਸਫਲ ਹੋਏ ਸਨ, ਜਦਕਿ ਹੁਣ ਇਹ ਗਿਣਤੀ ਵਧ ਕੇ 882 ਹੋ ਗਈ ਹੈ। ਮਾਨ ਨੇ ਦੱਸਿਆ ਕਿ ਸੂਬੇ ਵਿੱਚ ਹੁਣ ਤੱਕ ਕਰੀਬ 42 ਲੱਖ ਪਰਿਵਾਰਾਂ ਦੇ ਸਿਹਤ ਕਾਰਡ ਬਣਾਏ ਜਾ ਚੁੱਕੇ ਹਨ ਅਤੇ ਬਾਕੀ ਯੋਗ ਪਰਿਵਾਰਾਂ ਨੂੰ ਵੀ ਜਲਦ ਯੋਜਨਾ ਨਾਲ ਜੋੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। 2027 ’ਚ ਫਿਰ ਸਰਕਾਰ ਬਣਾਓ, ਪੰਜਾਬ ਨੂੰ ਨੰਬਰ ਵਨ ਬਣਾਵਾਂਗੇ ਮੁੱਖ ਮੰਤਰੀ ਨੇ ਲੋਕਾਂ ਤੋਂ 2027 ’ਚ ਆਮ ਆਦਮੀ ਪਾਰਟੀ ਦੀ ਸਰਕਾਰ ਦੁਬਾਰਾ ਬਣਾਉਣ ਦੀ ਅਪੀਲ ਕਰਦੇ ਹੋਏ ਕਿਹਾ ਕਿ ਪੰਜਾਬ ਨੂੰ ਫਿਰ ਤੋਂ ਦੇਸ਼ ਦਾ ਨੰਬਰ ਵਨ ਸੂਬਾ ਬਣਾਉਣ ਦਾ ਕੰਮ ਸ਼ੁਰੂ ਹੋ ਚੁੱਕਾ ਹੈ। ਉਨ੍ਹਾਂ ਕਿਹਾ ਕਿ ਸਿੱਖਿਆ, ਰੁਜ਼ਗਾਰ, ਸਿਹਤ ਤੇ ਬੁਨਿਆਦੀ ਸਹੂਲਤਾਂ ਦੇ ਖੇਤਰ ’ਚ ਕੀਤੇ ਜਾ ਰਹੇ ਕੰਮਾਂ ਨੂੰ ਅੱਗੇ ਵਧਾਉਣ ਲਈ ਲੋਕਾਂ ਦਾ ਸਹਿਯੋਗ ਜ਼ਰੂਰੀ ਹੈ। ਸਮਾਰੋਹ ਦੇ ਅੰਤ ’ਚ ਮੁੱਖ ਮੰਤਰੀ ਨੇ ਕਿਹਾ ਕਿ ਸੰਗਤ ਦਾ ਪਿਆਰ ਅਤੇ ਸਮਰਥਨ ਪੰਜਾਬ ਦੇ ਵਿਕਾਸ ਦੀ ਸਭ ਤੋਂ ਵੱਡੀ ਤਾਕਤ ਹੈ। ਉਨ੍ਹਾਂ ਲੋਕਾਂ ਨੂੰ ਪੰਜਾਬ ਦੀ ਤਰੱਕੀ, ਖੁਸ਼ਹਾਲੀ ਅਤੇ ਭਾਈਚਾਰੇ ਲਈ ਅਰਦਾਸ ਕਰਨ ਦੀ ਅਪੀਲ ਕੀਤੀ।