ਸਚਿਨ ਪਾਇਲਟ ਨੂੰ ਮਿਲੇ ਮੈਂਬਰ ਪਾਰਲੀਮੇਂਟ ਗੁਰਜੀਤ ਔਜਲਾ ਸਚਿਨ ਪਾਇਲਟ ਨਾਲ ਮੈਂਬਰ ਪਾਰਲੀਮੇਂਟ ਔਜਲਾ ਨੇ ਪੰਜਾਬ ਦੀ ਸਿਆਸੀ ਸਥਿਤੀ ’ਤੇ ਕੀਤੀ ਚਰਚਾ
Publish Date: Mon, 07 Sep 2026 05:09 PM (IST)
Updated Date: Tue, 08 Sep 2026 04:02 AM (IST)
ਪੰਜਾਬ ਦੀ ਸਿਆਸੀ ਸਥਿਤੀ ’ਤੇ ਕੀਤੀ ਚਰਚਾ ਅੰਮ੍ਰਿਤਪਾਲ ਸਿੰਘ, ਪੰਜਾਬੀ ਜਾਗਰਣ: ਅੰਮ੍ਰਿਤਸਰ : ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਨਿਯੁਕਤ ਕੀਤੇ ਜਾਣ ਤੋਂ ਬਾਅਦ ਰਾਜਸਥਾਨ ਦੇ ਸੀਨੀਅਰ ਕਾਂਗਰਸੀ ਆਗੂ ਸਚਿਨ ਪਾਇਲਟ ਨਾਲ ਅੰਮ੍ਰਿਤਸਰ ਦੇ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੇ ਮੁਲਾਕਾਤ ਕੀਤੀ। ਇਸ ਦੌਰਾਨ ਔਜਲਾ ਨੇ ਸਚਿਨ ਪਾਇਲਟ ਨੂੰ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਉਨ੍ਹਾਂ ਦੇ ਜਨਮ ਦਿਨ ਦੀ ਵਧਾਈ ਦਿੱਤੀ ਅਤੇ ਪੰਜਾਬ ਕਾਂਗਰਸ ਦਾ ਇੰਚਾਰਜ ਬਣਾਏ ਜਾਣ ’ਤੇ ਵੀ ਸ਼ੁੱਭਕਾਮਨਾਵਾਂ ਦਿੱਤੀਆਂ। ਮੁਲਾਕਾਤ ਦੌਰਾਨ ਦੋਵਾਂ ਆਗੂਆਂ ਵਿਚਾਲੇ ਪੰਜਾਬ ਦੀ ਮੌਜੂਦਾ ਸਿਆਸੀ ਸਥਿਤੀ, ਕਾਂਗਰਸ ਸੰਗਠਨ ਦੀ ਮਜ਼ਬੂਤੀ ਅਤੇ 2027 ’ਚ ਆਉਂਣ ਵਾਲੀਆਂ ਵਿਧਾਨ ਸਭਾ ਚੋਣਾ ਨੂੰ ਲੈ ਕੇ ਵਿਸਥਾਰ ਨਾਲ ਚਰਚਾ ਕੀਤੀ। ਔਜਲਾ ਨੇ ਕਿਹਾ ਕਿ ਸਚਿਨ ਪਾਇਲਟ ਇਕ ਨੌਜਵਾਨ, ਊਰਜਾਵਾਨ ਅਤੇ ਤਜਰਬੇਕਾਰ ਆਗੂ ਹਨ। ਉਨ੍ਹਾਂ ਦੇ ਲੰਬੇ ਸਿਆਸੀ ਅਤੇ ਸੰਗਠਨਾਤਮਕ ਤਜਰਬੇ ਦਾ ਲਾਭ ਪੰਜਾਬ ਕਾਂਗਰਸ ਨੂੰ ਮਿਲੇਗਾ। ਉਨ੍ਹਾਂ ਕਿਹਾ ਕਿ ਪਾਇਲਟ ਦੀ ਅਗਵਾਈ ਅਤੇ ਮਾਰਗਦਰਸ਼ਨ ਹੇਠ ਪਾਰਟੀ ਸੰਗਠਨ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕੀਤਾ ਜਾਵੇਗਾ ਅਤੇ ਵੱਡੀ ਗਿਣਤੀ ਵਿੱਚ ਨੌਜਵਾਨਾਂ ਨੂੰ ਕਾਂਗਰਸ ਨਾਲ ਜੋੜਿਆ ਜਾਵੇਗਾ। ਔਜਲਾ ਨੇ ਕਿਹਾ ਕਿ ਮੁਲਾਕਾਤ ਦੌਰਾਨ ਸਾਲ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੀ ਚਰਚਾ ਹੋਈ। ਕਾਂਗਰਸ ਇਕਜੁੱਟ ਹੋ ਕੇ ਚੋਣ ਮੈਦਾਨ ਵਿੱਚ ਉਤਰੇਗੀ ਅਤੇ ਪੰਜਾਬ ਵਿਚ ਮਜ਼ਬੂਤੀ ਨਾਲ ਸਰਕਾਰ ਬਣਾਏਗੀ। ਉਨ੍ਹਾਂ ਕਿਹਾ ਕਿ ਪਾਰਟੀ ਦਾ ਟੀਚਾ ਲੋਕਾਂ ਨਾਲ ਜੁੜੇ ਮੁੱਦਿਆਂ ਨੂੰ ਪ੍ਰਮੁੱਖਤਾ ਨਾਲ ਉਠਾਉਣਾ ਅਤੇ ਬੂਥ ਪੱਧਰ ਤੱਕ ਸੰਗਠਨ ਨੂੰ ਮਜ਼ਬੂਤ ਕਰਨਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਕਾਂਗਰਸ ਦੇ ਸੀਨੀਅਰ ਆਗੂਆਂ ਅਤੇ ਵਰਕਰਾਂ ਵਿਚ ਨਵੇਂ ਇੰਚਾਰਜ ਦੀ ਨਿਯੁਕਤੀ ਨੂੰ ਲੈ ਕੇ ਉਤਸ਼ਾਹ ਹੈ। ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਸਮੇਤ ਪਾਰਟੀ ਦੇ ਸੀਨੀਅਰ ਆਗੂਆਂ ਨੇ ਵੀ ਸਚਿਨ ਪਾਇਲਟ ਦੀ ਨਿਯੁਕਤੀ ਦਾ ਸਵਾਗਤ ਕੀਤਾ ਹੈ। ਪਾਰਟੀ ਲੀਡਰਸ਼ਿਪ ਇਕਜੁੱਟ ਹੋ ਕੇ ਆਉਂਣ ਵਾਲੀਆਂ ਚੋਣਾਂ ਦੀਆਂ ਤਿਆਰੀਆਂ ਨੂੰ ਅੱਗੇ ਵਧਾਏਗੀ। ਔਜਲਾ ਨੇ ਕਾਂਗਰਸ ਆਗੂ ਰਾਹੁਲ ਗਾਂਧੀ ਦੇ ਆਉਂਣ ਵਾਲੇ ਦਿਨਾਂ ਵਿਚ ਪੰਜਾਬ ਦੌਰੇ ਨੂੰ ਲੈ ਕੇ ਵੀ ਚਰਚਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਅਤੇ ਜਨਹਿੱਤ ਨਾਲ ਜੁੜੇ ਮਹੱਤਵਪੂਰਨ ਮੁੱਦਿਆਂ ਦੀ ਸੂਚੀ ਤਿਆਰ ਕੀਤੀ ਜਾ ਰਹੀ ਹੈ, ਜਿਸ ਨੂੰ ਜਲਦ ਅੰਤਿਮ ਰੂਪ ਦਿੱਤਾ ਜਾਵੇਗਾ। ਰਾਹੁਲ ਗਾਂਧੀ ਦੇ ਪੰਜਾਬ ਦੌਰੇ, ਸਚਿਨ ਪਾਇਲਟ ਦੇ ਸੰਗਠਨਾਤਮਕ ਤਜਰਬੇ ਅਤੇ ਪਾਰਟੀ ਆਗੂਆਂ ਦੀ ਇਕਜੁੱਟਤਾ ਨਾਲ ਕਾਂਗਰਸ ਦੀਆਂ 2027 ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਨੂੰ ਨਵੀਂ ਗਤੀ ਮਿਲੇਗੀ।